
ਪੁਲਿਸ ਕਰਮੀ ਖ਼ਿਲਾਫ਼ ਖੋਲ੍ਹੀ ਗਈ ਵਿਭਾਗੀ ਜਾਂਚ
ਗੁਰਦਾਸਪੁਰ : ਪੰਜਾਬ ਪੁਲਿਸ ਦੇ ਇੱਕ ਕਾਂਸਟੇਬਲ ਨੇ ਇੱਕ ਮਹਿਲਾ ਨੂੰ ਥੱਪੜ ਮਾਰਿਆ, ਜਿਸ ਦੀ ਵੀਡੀਓ ਵਾਇਰਲ ਹੋ ਰਹੀ ਹੈ। ਦੂਜੇ ਪਾਸੇ ਵੀਡੀਓ ਦਾ ਨੋਟਿਸ ਲੈਂਦਿਆਂ ਉੱਚ ਅਧਿਕਾਰੀਆਂ ਨੇ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਲਾਈਨ ਹਾਜ਼ਰ ਕਰ ਦਿਤਾ।
ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਗੁਰਦਾਸਪੁਰ ਦੇ ਪਿੰਡ ਭਾਮੜੀ ਦੀ ਹੈ। ਪੁਲਿਸ ਟੀਮ ਦਿੱਲੀ ਕਟੜਾ ਨੈਸ਼ਨਲ ਹਾਈਵੇ ਲਈ ਜ਼ਮੀਨ ਐਕੁਆਇਰ ਕਰਨ ਆਈ ਸੀ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਵੀ ਪੁਲਿਸ ਦੇ ਨਾਲ ਸੀ।
ਦਸਿਆ ਜਾ ਰਿਹਾ ਹੈ ਕਿ ਜ਼ਮੀਨ ਐਕਵਾਇਰ ਦੌਰਾਨ ਪ੍ਰਸ਼ਾਸਨ ਦੀਆਂ ਟੀਮਾਂ ਅਤੇ ਕਿਸਾਨਾਂ ਵਿਚਾਲੇ ਤਕਰਾਰ ਵੀ ਹੋਈ ਸੀ। ਇਸ ਦੌਰਾਨ ਪ੍ਰਦਰਸ਼ਨ ਕਰ ਰਹੀ ਕਿਸਾਨ ਔਰਤ ਨੂੰ ਪੁਲਿਸ ਮੁਲਾਜ਼ਮਾਂ ਵਲੋਂ ਥੱਪੜ ਮਾਰ ਦਿਤਾ ਗਿਆ, ਜਿਸ ਦੀ ਵੀਡੀਓ ਵੀ ਬਣਾਈ ਗਈ।
ਇਸ ਤੋਂ ਇਲਾਵਾ ਪੁਲਿਸ ਮੁਲਾਜ਼ਮਾਂ ’ਤੇ ਕਿਸਾਨ ਆਗੂਆਂ ਦੀ ਖਿੱਚ-ਧੂਹ ਕਰਨ ਅਤੇ ਉਨ੍ਹਾਂ ਦੀਆਂ ਪੱਗਾਂ ਲਾਹੁਣ ਦੇ ਦੋਸ਼ ਵੀ ਲਾਏ ਜਾ ਰਹੇ ਹਨ। ਇਸ ਕਾਰਨ ਸੂਬੇ ਦੇ ਕਈ ਇਲਾਕਿਆਂ ਵਿਚ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਲੋਕ ਧਰਨਾ ਦੇਣ ਦੀ ਚੇਤਾਵਨੀ ਦੇ ਰਹੇ ਹਨ।
ਇਸ ਦੇ ਨਾਲ ਹੀ ਪੁਲਿਸ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਇੱਕ ਵਾਇਰਲ ਵੀਡੀਓ ਮਿਲੀ, ਜਿਸ ਦਾ ਨੋਟਿਸ ਲੈਂਦਿਆਂ ਹਾਲਾਤਾਂ ਨੂੰ ਦੇਖਦੇ ਹੋਏ ਦੋਸ਼ੀ ਨੂੰ ਕਟਹਿਰੇ ਵਿਚ ਲਿਆਂਦਾ ਗਿਆ। ਉਸ ਖਿਲਾਫ ਕਾਰਵਾਈ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।