
ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ ਵਿਖੇ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੀ...
ਅੰਮ੍ਰਿਤਸਰ ( ਸੁਖਵਿੰਦਰਜੀਤ ਸਿੰਘ ਬਹੋੜੂ ) : ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ ਵਿਖੇ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੀ ਕਾਰ ਸੇਵਾ ਆਰੰਭ ਕਰਨ ਮੌਕੇ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਥਾਨਕ ਕਸਬੇ ਦੇ ਬਿਲਕੁਲ ਨਜ਼ਦੀਕ ਭਾਰਤ ਪਾਕਿਸਤਾਨ ਸਰਹੱਦ 'ਤੇ ਜਾ ਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਖੁੱਲ੍ਹਾ ਲਾਂਘੇ ਦੀ ਅਰਦਾਸ ਕੀਤੀ।
SAD
ਉਨ੍ਹਾ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਦਰਸ਼ਨਾਂ ਲਈ ਸਰਹੱਦ 'ਤੇ ਬਣੇ ਦਰਸ਼ਨ ਸਥਾਨ ਤੋਂ ਬੀ.ਐਸ.ਐਫ. ਦੇ ਜਵਾਨਾਂ ਨੇ ਦੂਰਬੀਨ ਰਾਹੀਂ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਵਾਏ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਸਰਹੱਦ 'ਤੇ ਪਹੁੰਚਦੀਆਂ ਸੰਗਤਾਂ ਨੂੰ ਠੰਡੇ ਪਾਣੀ ਦੀ ਸਹੂਲਤ ਦੇਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਵਾਟਰ ਕੂਲਰ ਲਗਵਾਉਣ ਦਾ ਐਲਾਨ ਕੀਤਾ। ਇਸ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਗੱਲਬਾਤ ਕਰਦਿਆਂ ਭਾਈ ਲੌਂਗੋਵਾਲ ਨੇ ਕਿਹਾ ਕਿ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਪਾਵਨ ਅਸਥਾਨ ਹੈ ਅਤੇ ਇਸ ਦੇ ਦਰਸ਼ਨਾਂ ਦੀ ਤਾਂਘ ਲੈ ਕੇ ਸੰਗਤਾਂ ਵੱਡੀ ਗਿਣਤੀ ਵਿਚ ਸਰਹੱਦ 'ਤੇ ਪਹੁੰਚਦੀਆਂ ਹਨ।
Longowal
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਲੰਮੇ ਸਮੇਂ ਤੋਂ ਇਸ ਪਾਵਨ ਅਸਥਾਨ ਲਈ ਡੇਰਾ ਬਾਬਾ ਨਾਨਕ ਸਰਹੱਦ ਤੋਂ ਖੁੱਲ੍ਹੇ ਲਾਂਘੇ ਦੀ ਮੰਗ ਕੀਤੀ ਜਾਂਦੀ ਰਹੀ ਹੈ, ਪਰ ਦੁੱਖ ਦੀ ਗੱਲ ਹੈ ਕਿ ਸਰਕਾਰਾਂ ਵੱਲੋਂ ਇਸ ਨੂੰ ਗੰਭੀਰਤਾ ਨਾਲ ਨਹੀਂ ਲਿਆ ਗਿਆ। ਉਨ੍ਹਾਂ ਕਿਹਾ ਕਿ ਹੁਣ ਜਦੋਂ 2019 ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਵਿਸ਼ਵ ਭਰ ਦੀਆਂ ਸੰਗਤਾਂ ਵੱਡੇ ਪੱਧਰ 'ਤੇ ਮਨਾਉਣ ਜਾ ਰਹੀਆਂ ਹਨ ਤਾਂ ਇਸ ਮੌਕੇ 'ਤੇ ਡੇਰਾ ਬਾਬਾ ਨਾਨਕ ਤੋਂ ਕੇਵਲ ਕੁਝ ਕਿਲੋਮੀਟਰ ਦੀ ਦੂਰੀ 'ਤੇ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰ ਲਈ ਸੰਗਤ ਲਾਂਘਾ ਦੇਣ ਲਈ ਸਰਕਾਰਾਂ ਨੂੰ ਪਹਿਲ ਕਦਮੀ ਕਰਨੀ ਚਾਹੀਦੀ ਹੈ।
Capt Amarinder Singh
ਉਨ੍ਹਾਂ ਕਿਹਾ ਕਿ ਇਸ ਲਾਂਘੇ ਲਈ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਂਝੇ ਵਫ਼ਦ ਵੱਲੋਂ ਬੀਤੇ ਦਿਨੀਂ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਵੀ ਗੱਲਬਾਤ ਕੀਤੀ ਗਈ ਹੈ ਅਤੇ ਇਸ ਮਾਮਲੇ ਨੂੰ ਲੈ ਕੇ ਭਾਰਤ ਸਰਕਾਰ ਵੱਲੋਂ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਮਾਮਲੇ ਦਾ ਹੱਲ ਜਰੂਰ ਨਿਕਲੇਗਾ।