
ਪੰਜਾਬ ਦੇ ਪ੍ਰਾਈਵੇਟ ਇੰਜੀਨੀਅਰਿੰਗ ਕਾਲਜਾਂ ਅਤੇ ਤਕਨੀਕੀ ਸੰਸਥਾਵਾਂ ਦੀ ਜਾਂਚ ਦੌਰਾਨ ਕਈਂ ਵਿਚ ਬਹੁਤ ਸਾਰੀਆਂ...
ਹੁਸ਼ਿਆਰਪੁਰ: ਪੰਜਾਬ ਦੇ ਪ੍ਰਾਈਵੇਟ ਇੰਜੀਨੀਅਰਿੰਗ ਕਾਲਜਾਂ ਅਤੇ ਤਕਨੀਕੀ ਸੰਸਥਾਵਾਂ ਦੀ ਜਾਂਚ ਦੌਰਾਨ ਕਈਂ ਵਿਚ ਬਹੁਤ ਸਾਰੀਆਂ ਬੇਨਿਯਮੀਆਂ ਪਾਈਆਂ ਗਈਆਂ, ਜਿਨ੍ਹਾਂ ‘ਚੋਂ 15 ਕਾਲਜਾਂ ਅਤੇ ਸੰਸਥਾਵਾਂ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ। ਉਕਤ ਪ੍ਰਗਟਾਵਾ ਬੀਤੇ ਦਿਨ ਇਥੇ PWD ਰੈਸਟਹਾਊਸ ਵਿਚ ਗੱਲਬਾਤ ਦੌਰਾਨ ਪੰਜਾਬ ਦੇ ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ ਅਤੇ ਸੱਭਿਆਚਾਰਕ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੀਤਾ। ਉਨ੍ਹਾਂ ਕਿਹਾ ਕਿ ਕਈ ਸੰਸਥਾਵਾਂ ਨੂੰ ਅਪਣੇ ਕੰਮਕਾਜ ਵਿਚ ਸੁਧਾਰ ਕਰਨ ਦੀ ਚਿਤਾਵਨੀ ਦਿੱਤੀ ਗਈ ਹੈ।
Private College
ਇਨ੍ਹਾਂ ਸੰਸਥਾਵਾਂ ਵਿਚ ਮਾਪਦੰਡ ਅਨੁਸਾਰ ਪੂਰੀ ਯੋਗਤਾ ਵਾਲੇ ਸਟਾਫ਼ ਦੀ ਨਿਯੁਕਤੀ ਨਾ ਕੀਤੀ ਗਈ ਤਾਂ ਇਨ੍ਹਾਂ ਦੀ ਮਾਨਤਾ ਰੱਦ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਨਕਲ ਰੋਕਣ ਲਈ ਵਿਭਾਗ ਵੱਲੋਂ ਵਿਸ਼ੇਸ਼ ਕਦਮ ਉਠਾਏ ਗਏ ਹਨ। ਸ. ਚੰਨੀ ਨੇ ਕਿਹਾ ਕਿ ਜਲਿਆਂਵਾਲਾ ਬਾਗ ਦੇ ਸਾਲ ਭਰ ਚੱਲਣ ਵਾਲੇ ਸ਼ਤਾਬਦੀ ਸਮਾਰੋਹ ਸਬੰਧੀ ਸੈਰ-ਸਪਾਟਾ ਅਤੇ ਸੱਭਿਆਚਾਰਕ ਮੰਤਰਾਲਾ ਵੱਲੋਂ ਵਿਸ਼ੇਸ਼ ਪ੍ਰੋਗਰਾਮ ਕਰਵਾਉਣ ਦਾ ਫ਼ੈਸਲਾ ਲਿਆ ਗਿਆ ਹੈ। ਇਸ ਸਬੰਧੀ ਦੋਵਾਂ ਪੰਜਾਬਾਂ ਦੇ ਲੋਕਾਂ ਨੂੰ ਸੱਦਾ ਪੱਤਰ ਭੇਜਿਆ ਜਾਵੇਗਾ ਕਿਉਂਕਿ ਜਦੋਂ ਜਲਿਆਂਵਾਲਾ ਬਾਗ ਕਾਂਡ ਹੋਇਆ ਸੀ, ਉਦੋਂ ਭਾਰਤ-ਪਾਕਿਸਤਾਨ ਦੀ ਵੰਡ ਨਹੀਂ ਹੋਈ ਸੀ।
Charanjit Channi, Technical Education Minister of Punjab
ਕੈਪਟਨ ਅਮਰਿੰਦਰ ਸਿੰਘ ਦੇ ਮਾਰਗਦਰਸ਼ਨ ‘ਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਸਬੰਧੀ ਕੀਤੇ ਜਾ ਰਹੇ ਸਮਾਰੋਹਾਂ ਵਿਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਇਲਾਵਾ ਵਿਸ਼ਵ ਦੇ ਹੋਰ ਦੇਸ਼ਾਂ ਵਿਚ ਰਹਿ ਰਹੀਆਂ ਭਾਰਤੀ ਸੰਗਤਾਂ ਨੂੰ ਵੀ ਬੁਲਗਾਇਆ ਜਾਵੇਗਾ। ਇਸ ਮੌਕੇ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ, ਈਸ਼ਾ ਕਾਲੀਆ, ਐਸਐਸਪੀ ਜੇ ਏਲੀਚੇਲਿਅਨ, ਸੰਗਤ ਸਿੰਘ ਗਿਲਜੀਆਂ ਵਿਧਾਇਕ, ਏਡੀਸੀ ਹਰਪ੍ਰੀਤ ਸਿੰਘ ਸੂਦਨ, ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਡਾ. ਕੁਲਦੀਪ ਨੰਦਾ ਆਦਿ ਹਾਜ਼ਰ ਸਨ। ਜ਼ਿਲ੍ਹਾ ਪੁਲਿਸ ਦੀ ਟੁਕੜੀ ਨੇ ਸ. ਚੰਨੀ ‘ਗਾਰਡ ਆਫ਼ ਆਨਰ’ ਦਿੱਤਾ।