
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਵਿੱਚ ਖੇਤੀ ਵੰਨ-ਸੁਵੰਨਤਾ ਨੂੰ ਉਤਸ਼ਾਹਤ ਕਰਨ ਲਈ ਭਾਰਤ ਵਿੱਚ ਨੀਦਰਲੈਂਡਜ਼ ਦੇ ਸਫ਼ੀਰ...........
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਵਿੱਚ ਖੇਤੀ ਵੰਨ-ਸੁਵੰਨਤਾ ਨੂੰ ਉਤਸ਼ਾਹਤ ਕਰਨ ਲਈ ਭਾਰਤ ਵਿੱਚ ਨੀਦਰਲੈਂਡਜ਼ ਦੇ ਸਫ਼ੀਰ ਨਾਲ ਕਈ ਪੱਖਾਂ 'ਤੇ ਵਿਚਾਰ-ਵਟਾਂਦਰਾ ਕੀਤਾ। ਮੁੱਖ ਮੰਤਰੀ ਅਤੇ ਰਾਜਦੂਤ ਅਲਫੋਨਸਸ ਸਟੋਲਿੰਗਾ ਦੀ ਅਗਵਾਈ ਵਿੱਚ ਆਏ ਵਫ਼ਦ ਨਾਲ ਦੁਪਹਿਰੇ ਦੇ ਖਾਣੇ 'ਤੇ ਹੋਈ ਮੀਟਿੰਗ ਤੋਂ ਬਾਅਦ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਡੇਅਰੀ, ਪਸ਼ੂ ਪਾਲਣ ਤੇ ਫੁੱਲਾਂ ਦੀ ਕਾਸ਼ਤ ਸਮੇਤ ਮੁੱਖ ਖੇਤਰਾਂ 'ਤੇ ਚਰਚਾ ਕੀਤੀ ਗਈ ਜਿਨ੍ਹਾਂ ਵਿੱਚ ਦੋਵਾਂ ਧਿਰਾਂ ਨੇ ਆਪਸੀ ਸਹਿਯੋਗ ਲਈ ਸਹਿਮਤੀ ਬਣਾਉਣ ਦੇ ਨਾਲ-ਨਾਲ ਸੂਰ ਤੇ ਬੱਕਰੀ ਪਾਲਣ ਦੇ ਕਿੱਤੇ ਨੂੰ ਉਤਸ਼ਾਹਤ ਕਰਨ ਲਈ ਵੀ ਰਜ਼ਾਮੰਦੀ ਜ਼ਾਹਰ ਕੀਤੀ।
ਮੁੱਖ ਮੰਤਰੀ ਨੇ ਡੱਚ ਅੰਬੈਸੀ ਨਾਲ ਤਾਲਮੇਲ ਲਈ ਵਧੀਕ ਮੁੱਖ ਸਕੱਤਰ ਵਿਕਾਸ ਨੂੰ ਨੋਡਲ ਅਫਸਰ ਬਣਾਇਆ ਜਿਨ੍ਹਾਂ ਵੱਲੋਂ ਮੀਟਿੰਗ ਦੌਰਾਨ ਵਿਚਾਰੇ ਗਏ ਮੁੱਦਿਆਂ 'ਤੇ ਵਿਆਪਕ ਕਾਰਜ ਯੋਜਨਾ ਤਿਆਰ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਨੀਦਰਲੈਂਡਜ਼ ਦੇ ਦੂਤਾਵਾਸ ਦੇ ਇਕ ਨੁਮਾਇੰਦੇ ਸਮੇਤ ਵਧੀਕ ਮੁੱਖ ਸਕੱਤਰ ਪਸ਼ੂ ਧਨ ਅਤੇ ਵਧੀਕ ਮੁੱਖ ਸਕੱਤਰ ਵਿਕਾਸ 'ਤੇ ਅਧਾਰਿਤ ਮਾਹਿਰਾਂ ਦਾ ਗਰੁੱਪ ਕਾਇਮ ਕਰਨ ਦਾ ਸੁਝਾਅ ਦਿੱਤਾ
ਤਾਂ ਕਿ ਇਨ੍ਹਾਂ ਤਜਵੀਜ਼ਾਂ 'ਤੇ ਅਗਲੇਰੀ ਕਾਰਵਾਈ ਨੂੰ ਸੁਚਾਰੂ ਰੂਪ ਵਿੱਚ ਨੇਪਰੇ ਚਾੜ੍ਹਿਆ ਜਾ ਸਕੇ। ਇਸ ਮੌਕੇ ਹੋਰ ਮੁੱਦਿਆਂ ਉਪਰ ਵੀ ਚਰਚਾ ਕੀਤੀ ਗਈ। ਮੀਟਿੰਗ ਵਿਚ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਵਧੀਕ ਪ੍ਰਮੁੱਖ ਸਕੱਤਰ ਵਿਕਾਸ ਵਿਸਵਾਜੀਤ ਖੰਨਾ, ਵਧੀਕ ਪ੍ਰਮੁੱਖ ਸਕੱਤਰ ਪਸ਼ੂ ਪਾਲਣ ਜੀ. ਵਜਰਾਲਿੰਗਮ ਅਤੇ ਪੰਜਾਬ ਰਾਜ ਕਿਸਾਨ ਕਮਿਸ਼ਨ ਦੇ ਚੇਅਰਮੈਨ ਅਜੈਵੀਰ ਜਾਖੜ ਹਾਜਰ ਸਨ।