
ਪੰਜਾਬ ਦੇ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਪੰਜਾਬ
ਪਟਿਆਲਾ/ਸਮਾਣਾ, 17 ਜੁਲਾਈ (ਤੇਜਿੰਦਰ ਫ਼ਤਿਹਪੁਰ, ਚਮਕੌਰ ਮੋਤੀਫਾਰਮ): ਪੰਜਾਬ ਦੇ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸ਼ਹੀਦ ਨਾਇਕ ਰਾਜਵਿੰਦਰ ਸਿੰਘ ਦੀ ਯਾਦ ਨੂੰ ਸਦੀਵੀ ਬਣਾਏਗੀ। ਧਰਮਸੋਤ ਅੱਜ ਜੰਮੂ ਕਸ਼ਮੀਰ ਦੇ ਪੁਲਵਾਮਾ ਖੇਤਰ ਸ਼ਹੀਦ ਹੋਏ ਭਾਰਤੀ ਫ਼ੌਜ ਦੇ ਨੌਜਵਾਨ ਸੈਨਿਕ ਨਾਇਕ ਰਾਜਵਿੰਦਰ ਸਿੰਘ ਦੇ ਜੱਦੀ ਪਿੰਡ ਦੋਦੜਾ ਵਿਖੇ ਸ਼ਹੀਦ ਦੇ ਨਮਿਤ ਹੋਈ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਸਰਕਾਰ ਦੀ ਤਰਫ਼ੋਂ ਸ਼ਰਧਾਂਜਲੀ ਭੇਟ ਕਰਨ ਪੁੱਜੇ ਹੋਏ ਸਨ।
ਸ਼ਹੀਦ ਦੀ ਕੁਰਬਾਨੀ ਨੂੰ ਨਮਨ ਕਰਦਿਆਂ ਕੈਬਨਿਟ ਮੰਤਰੀ ਸ. ਧਰਮਸੋਤ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ੁਦ ਫ਼ੌਜੀ ਪਿਛੋਕੜ ਦੇ ਹੋਣ ਕਰ ਕੇ ਫ਼ੌਜੀਆਂ ਦਾ ਦਰਦ ਸਮਝਦੇ ਹਨ, ਜਿਸ ਲਈ ਉਨ੍ਹਾਂ ਨੇ ਲੰਮੇ ਸਮੇਂ ਤੋਂ ਸ਼ਹੀਦਾਂ ਦੇ ਪਰਵਾਰਕ ਮੈਂਬਰਾਂ ਨੂੰ ਦਿਤੀ ਜਾਂਦੀ ਸਹਾਇਤਾ ਰਾਸ਼ੀ 12 ਲੱਖ ਤੋਂ ਵਧਾ ਕੇ 50 ਲੱਖ ਰੁਪਏ ਕੀਤੀ ਹੈ।
File Photo
ਸ. ਧਰਮਸੋਤ ਨੇ ਕਿਹਾ ਕਿ ਸ਼ਹੀਦਾਂ ਦੀ ਸ਼ਹਾਦਤ ਦਾ ਕੋਈ ਮੁੱਲ ਨਹੀਂ ਮੋੜਿਆ ਜਾ ਸਕਦਾ ਪਰੰਤੂ ਫਿਰ ਵੀ ਪੰਜਾਬ ਸਰਕਾਰ ਸ਼ਹੀਦ ਨਾਇਕ ਰਾਜਵਿੰਦਰ ਸਿੰਘ ਦੇ ਪਰਵਾਰ ਇਕ ਯੋਗ ਜੀਅ ਨੂੰ ਨੌਕਰੀ ਅਤੇ 50 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਵੇਗੀ। ਪਿੰਡ ਦੋਦੜਾ ਦੀ ਗ੍ਰਾਮ ਪੰਚਾਇਤ ਵਲੋਂ ਦਿਤੇ ਮੰਗ ਪੱਤਰ ਮੁਤਾਬਕ ਪਿੰਡ ਦੇ ਸਮੁੱਚੇ ਵਿਕਾਸ ਅਤੇ ਸ਼ਹੀਦ ਦੀ ਯਾਦਗਾਰ ਸਮੇਤ ਸੜਕਾਂ ਦੇ ਨਿਰਮਾਣ ਉਤੇ ਸ਼ਹੀਦ ਦੇ ਨਾਮ ’ਤੇ ਨਾਮਕਰਨ, ਪਿੰਡ ਦਾ ਵਿਕਾਸ ਕਰਵਾਉਣ ਲਈ ਪੰਜਾਬ ਸਰਕਾਰ ਅਪਣੀ ਵਚਨਬੱਧਤਾ ਬਹੁਤ ਛੇਤੀ ਨਿਭਾਏਗੀ।
ਇਸ ਦੌਰਾਨ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਦੀ ਤਰਫ਼ੋਂ ਸ਼ੋਕ ਸੁਨੇਹਾ ਮੁੱਖ ਮੰਤਰੀ ਦੇ ਓ.ਐਸ.ਡੀ. ਸ੍ਰੀ ਰਾਜ ਕੁਮਾਰ ਲੈਕੇ ਪੁੱਜੇ। ਜਦੋਂਕਿ ਜ਼ਿਲ੍ਹਾ ਯੋਜਨਾ ਕਮੇਟੀ ਦੇ ਸਾਬਕਾ ਚੇਅਰਮੈਨ ਮਹਿੰਦਰ ਸਿੰਘ ਲਾਲਵਾ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਚੇਤੰਨ ਸਿੰਘ ਜੌੜੇਮਾਜਰਾ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਬਲਕਾਰ ਸਿੰਘ ਭੁੱਲਰ ਨੇ ਵੀ ਸ਼ਰਧਾਂਜਲੀ ਅਰਪਿਤ ਕੀਤੀ। ਪਿੰਡ ਦੋਦੜਾ ਦੇ ਸਰਪੰਚ ਪਰਮਜੀਤ ਕੌਰ ਸਮੇਤ ਗ੍ਰਾਮ ਪੰਚਾਇਤ ਨੇ ਧਰਮਸੋਤ ਨੂੰ ਮੰਗ ਪੱਤਰ ਸੌਂਪਿਆ।