
ਨਵਾਂਸ਼ਹਿਰ ਪੁਲਿਸ ਨੇ ਭੁਪਿੰਦਰ ਸਿੰਘ ਹਨੀ ਅਤੇ ਕੁਦਰਤਦੀਪ ਸਿੰਘ ਖਿਲਾਫ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ 'ਚ ਐੱਫਆਈਆਰ ਦਰਜ ਕੀਤੀ ਹੈ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾ ਰਹੀ ਹੈ। ਇਸ ਦੇ ਨਾਲ ਹੀ ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ।
ਦਰਅਸਲ ਨਵਾਂਸ਼ਹਿਰ ਪੁਲਿਸ ਨੇ ਭੁਪਿੰਦਰ ਸਿੰਘ ਹਨੀ ਅਤੇ ਕੁਦਰਤਦੀਪ ਸਿੰਘ ਖਿਲਾਫ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ 'ਚ ਐੱਫਆਈਆਰ ਦਰਜ ਕੀਤੀ ਹੈ। ਐਫਆਈਆਰ ਦਰਜ ਕਰਨ ਤੋਂ ਬਾਅਦ ਭੁਪਿੰਦਰ ਉਰਫ਼ ਹਨੀ ਨੂੰ ਵੀ ਜਾਂਚ ਵਿਚ ਸ਼ਾਮਲ ਹੋਣ ਲਈ ਨੋਟਿਸ ਭੇਜਿਆ ਹੈ, ਜਦਕਿ ਕਪੂਰਥਲਾ ਜੇਲ੍ਹ ਵਿਚ ਬੰਦ ਕੁਦਰਤਦੀਪ ਨੂੰ ਮੰਗਲਵਾਰ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਜਾਵੇਗਾ। ਇਹਨਾਂ ਦੋਵਾਂ ਖ਼ਿਲਾਫ਼ 379, 406, 420 ਤਹਿਤ ਪਰਚਾ ਦਰਜ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਦੇ ਬੁਲਾਰੇ ਆਈ.ਜੀ. ਡਾ: ਸੁਖ਼ਚੈਨ ਸਿੰਘ ਗਿੱਲ ਨੇ ਦੱਸਿਆ ਕਿ ਈ.ਡੀ. ਵੱਲੋਂ ਆਈ ਇਕ ਰਿਪੋਰਟ ਵਿੱਚ ਇਹ ਦੱਸਿਆ ਗਿਆ ਸੀ ਕਿ ਮਾਈਨਿੰਗ ਕਰ ਰਹੇ ਟਰੱਕਾਂ, ਟਿੱਪਰਾਂ ਦੇ ਰੇਤ ਲਿਜਾਣ ਸੰਬੰਧੀ ਕੰਡੇ ’ਤੇ ਕੀਤੇ ਜਾਂਦੇ ਭਾਰ ਦੀਆਂ 73 ਜਾਅਲੀ ਸਲਿੱਪਾਂ ਬਰਾਮਦ ਕੀਤੀਆਂ ਗਈਆਂ ਸਨ।
ਇਸ ਤੋਂ ਇਲਾਵਾ ਇਹ ਗੱਲ ਵੀ ਸਾਹਮਣੇ ਆਈ ਕਿ ਜਿੰਨੀ ਮਾਈਨਿੰਗ ਲਈ ਇਹ ਅਧਿਕਾਰਤ ਸਨ, ਉਸ ਤੋਂ ਕਿਤੇ ਜ਼ਿਆਦਾ ਮਾਈਨਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਗੱਲ ਦੀ ਪੁਸ਼ਟੀ ਮਾਈਨਿੰਗ ਵਿਭਾਗ ਨੇ ਵੀ ਕਰ ਦਿੱਤੀ ਹੈ, ਜਿਸ ਮਗਰੋਂ ਇਹ ਕੇਸ ਦਰਜ ਕੀਤਾ ਗਿਆ ਹੈ। ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਰੇਤ ਦੀ ਨਾਜਾਇਜ਼ ਮਾਈਨਿੰਗ ਦਾ ਮੁੱਦਾ ਕਾਫੀ ਚਰਚਾ 'ਚ ਰਿਹਾ ਸੀ। ਨਾਜਾਇਜ਼ ਮਾਈਨਿੰਗ ਮਾਮਲੇ 'ਚ ਭੁਪਿੰਦਰ ਸਿੰਘ ਹਨੀ ਨੂੰ ਗਿ੍ਫ਼ਤਾਰ ਕੀਤਾ ਗਿਆ ਸੀ।