
ਕਾਂਗਰਸ ਆਪਣੇ ਬਲਬੂਤੇ ’ਤੇ ਲੋਕ ਸਭਾ ਚੋਣਾਂ ਲੜੇਗੀ - ਪ੍ਰਤਾਪ ਬਾਜਵਾ
ਮੁਹਾਲੀ : ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਵਿਚ ਹਰਾਉਣ ਲਈ ਇੱਕ ਪਾਸੇ ਵਿਰੋਧੀ ਪਾਰਟੀਆਂ ਇੱਕਠੀਆਂ ਹੋ ਕੇ ਬੇਂਗਲੁਰੂ ਵਿਚ ਰਣਨੀਤੀ ਬਣਾ ਰਹੀਆਂ ਹਨ । ਜਿਸ ਵਿਚ ਕਾਂਗਰਸ ਅਤੇ ਪੰਜਾਬ ਵਿਚ ਸੱਤਾ ’ਤੇ ਕਾਬਜ਼ ਆਮ ਆਦਮੀ ਪਾਰਟੀ ਦੀ ਸ਼ਾਮਲ ਹੋਈਆਂ ਹਨ। ਵਿਰੋਧੀ ਪਾਰਟੀਆਂ ਦੀ ਮੀਟਿੰਗ ਵਿਚ ਹੁਣ ਇਹ ਤੈਅ ਹੋਣਾ ਬਾਕੀ ਹੈ ਕਿ ਕਿਹੜੀ ਪਾਰਟੀ ਕਿੰਨੀ ਸੀਟਾਂ ’ਤੇ ਚੋਣ ਲੜੇਗੀ ਤੇ ਕਿਥੋਂ?
ਦੂਜੇ ਪਾਸੇ ਪੰਜਾਬ ਕਾਂਗਰਸ ਹੁਣ ਵੀ ਇਹ ਦਾਅਵਾ ਕਰ ਰਹੀ ਹੈ ਕਿ ਲੋਕ ਸਭਾ ਚੋਣਾਂ ਵਿਚ ਪੰਜਾਬ ਅੰਦਰ ਆਮ ਆਦਮੀ ਪਾਰਟੀ ਨਾਲ ਕੋਈ ਸਮਝੌਤਾ ਨਹੀਂ ਹੈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਾਬਕਾ ਵਿਧਾਇਕ ਕਿੱਕੀ ਢਿੱਲੋਂ ਨੂੰ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ ਵਿਚ ਮਿਲਣ ਪਹੁੰਚੇ ਸਨ, ਜਿਸ ਤੋਂ ਬਾਅਦ ਉਨ੍ਹਾਂ ਵਲੋਂ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਦੇ ਗ੍ਰਹਿ ਵਿਖੇ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ ਜਿਸ ਵਿਚ ਪ੍ਰਤਾਪ ਸਿੰਘ ਬਾਜਵਾ ਨੇ ਸਾਫ਼ ਕੀਤਾ ਕਿ ਭਾਵੇਂ ਲੋਕ ਸਭਾ ਚੋਣਾਂ ਨੂੰ ਲੈ ਕੇ ਵਿਰੋਧੀ ਪਾਰਟੀਆਂ ਦੀ ਮੀਟਿੰਗ ਹੋ ਰਹੀ ਹੈ ਪਰ ਪੰਜਾਬ ਵਿਚ ਕਾਂਗਰਸ ਆਮ ਆਦਮੀ ਪਾਰਟੀ ਨਾਲ ਸੀਟਾਂ ਦੀ ਕੋਈ ਵੰਡ ਨਹੀਂ ਕਰੇਗੀ। ਆਮ ਆਦਮੀ ਪਾਰਟੀ ਨਾਲ ਪੰਜਾਬ ਕਾਂਗਰਸ ਦਾ ਕੋਈ ਸਮਝੌਤਾ ਨਹੀਂ ਹੈ। ਕਾਂਗਰਸ ਆਪਣੇ ਬਲਬੂਤੇ ’ਤੇ ਲੋਕ ਸਭਾ ਚੋਣਾਂ ਲੜੇਗੀ।
ਉਹਨਾਂ ਸਪੱਸਟ ਕੀਤਾ ਕਿ ਪੰਜਾਬ ਵਿਚ ਹੁਣ ਕਾਂਗਰਸ ਮੁੱਖ ਵਿਰੋਧੀ ਪਾਰਟੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਵਿਰੋਧੀ ਪਾਰਟੀ ਰਹੇਗੀ। ਪੰਜਾਬ ਵਿਚ ਹੜ੍ਹਾਂ ਸਬੰਧੀ ਉਨ੍ਹਾਂ ਨੇ ਪੰਜਾਬ ਸਰਕਾਰ ਉਪਰ ਸਵਾਲ ਚੁੱਕਦੇ ਹੋਏ ਕਿਹਾ ਕਿ ਸਰਕਾਰ ਨੇ ਸਮੇਂ ਸਿਰ ਬਰਸਾਤੀ ਨਦੀ ਨਾਲਿਆਂ ਦੀ ਸਫਾਈ ਨਹੀਂ ਕਰਵਾਈ ਜਿਸ ਦਾ ਖਮਿਆਜ਼ਾ ਪੰਜਾਬ ਦੇ ਲੋਕਾਂ ਨੂੰ ਭੁਗਤਣਾ ਪਿਆ।
ਉਨ੍ਹਾਂ ਕਿਹਾ ਕਿ ਹੜ੍ਹ ਆਉਣ ਤੋਂ ਬਾਅਦ ਵੀ ਸਰਕਾਰ ਵਲੋਂ ਲੋਕਾਂ ਨੂੰ ਕੋਈ ਰਾਹਤ ਨਹੀਂ ਦਿਤੀ ਗਈ। ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜਿਸ ਤਰਾਂ ਦਿੱਲੀ ਵਿਚ ਆਮ ਆਦਮੀ ਪਾਰਟੀ ਸਰਕਾਰ ਨੇ ਕਿਸਾਨਾਂ ਨੂੰ 50,000 ਪ੍ਰਤੀ ਏਕੜ ਮੁਆਵਜਾ ਦਿਤਾ ਸੀ ਉਸੇ ਤਰ੍ਹਾਂ ਤੁਰੰਤ ਪੰਜਾਬ ਵਿਚ ਕਿਸਾਨਾਂ ਨੂੰ ਮੁਆਵਜਾ ਦਿਤਾ ਜਾਵੇ।
ਹਰਿਆਣਾ ਵਲੋਂ ਚੰਡੀਗੜ੍ਹ ਵਿਖੇ ਵੱਖਰੇ ਵਿਧਾਨ ਸਭਾ ਬਣਾਉਣ ਨੂੰ ਲੈ ਕੇ ਜਿੱਥੇ ਜਾਖੜ ਵੱਲੋਂ ਵਿਰੋਧ ਕੀਤਾ ਜਾ ਰਿਹਾ ਉਸ ਦਾ ਜਵਾਬ ਦਿੰਦੇ ਹੋਏ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਸੁਨੀਲ ਜਾਖੜ ਕਿਹੜੇ ਮੂੰਹ ਨਾਲ ਵਿਰੋਧ ਕਰ ਰਹੇ ਹਨ। ਕਿਉਂਕਿ ਕੇਂਦਰ ਸਰਕਾਰ ਖ਼ੁਦ ਸੁਨੀਲ ਜਾਖੜ ਹਨ। ਸੁਨੀਲ ਜਾਖੜ 70 ਸਾਲ ਰਾਜ ਕਰ ਕੇ ਹੁਣ ਬੀਜੇਪੀ ਵਿਚ ਆ ਕੇ ਹੁਣ ਇਸ ਤਰ੍ਹਾਂ ਦੇ ਬਿਆਨ ਦੇ ਰਹੇ ਹਨ। ਸੁਨੀਲ ਜਾਖੜ ਤਾਂ ਮੌਕਾ ਪ੍ਰਸਤ ਹੈ। ਪ੍ਰਤਾਪ ਬਾਜਵਾ ਨੇ ਕਿਹਾ ਕਿ ਅਸੀਂ ਚੰਡੀਗੜ੍ਹ ਵਿਚ ਬਿਲਕੁਲ ਵੀ ਹਰਿਆਣਾ ਦੀ ਵਿਧਾਨ ਸਭਾ ਨਹੀਂ ਬਣਾਉਣ ਦੇਵਾਂਗੇ। ਬਾਜਵਾ ਨੇ ਕਿਹਾ ਕਿ ਇਸ ਸਬੰਧੀ ਪੰਜਾਬ ਦੇ ਗਵਰਨਰ ਨੂੰ ਮੈਮੋਰੰਡਮ ਵੀ ਦੇਵਾਂਗੇ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਦੇ ਗਵਰਨਰ ਬਾਰੇ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਤੇ ਗਵਰਨਰ ਦਾ ਆਪਸ ਬਿਲਕੁਲ ਤਾਲਮੇਲ ਨਹੀਂ ਹੈ।