
ਜਿਸ ਨਾਲ ਸਮਾਜ ਅੰਦਰ ਅਮਨ-ਕਾਨੂੰਨ ਦੀ ਸਥਿਤੀ ਖਰਾਬ ਹੋਣ ਦਾ ਖਦਸ਼ਾ
Faridkot News : ਨਵੀਂ ਫ਼ਿਲਮ ‘ਐਮਰਜੈਂਸੀ’ ਵਿਚ ਸਿੱਖਾਂ ਨੂੰ ਗਲਤ ਢੰਗ ਨਾਲ ਪੇਸ਼ ਕਰਨ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ, ਜਿਸ ਨਾਲ ਸਮਾਜ ਅੰਦਰ ਅਮਨ-ਕਾਨੂੰਨ ਦੀ ਸਥਿਤੀ ਖਰਾਬ ਹੋਣ ਦਾ ਖਦਸ਼ਾ ਹੈ। ਜੇਕਰ ਇਸ ਫ਼ਿਲਮ ਅੰਦਰ ਸਿੱਖਾਂ ਨੂੰ ਵੱਖਵਾਦੀ ਜਾਂ ਦਹਿਸ਼ਤਗਰਦ ਵਜੋਂ ਫਿਲਮਾਇਆ ਗਿਆ ਹੈ ਤਾਂ ਇਹ ਇਕ ਗਹਿਰੀ ਸਾਜ਼ਿਸ਼ ਹੈ।
ਸਿੱਖਾਂ ਪ੍ਰਤੀ ਹੋਰਨਾਂ ਕੌਮਾਂ ਅੰਦਰ ਨਫਰਤ ਪੈਦਾ ਕਰਨ ਲਈ ਇਹ ਫ਼ਿਲਮ ਇਕ ਮਨੋਵਿਗਿਆਨਕ ਹਮਲਾ ਹੈ ,ਜਿਸ ਉੱਪਰ ਸਰਕਾਰ ਨੂੰ ਅਗਾਊਂ ਨੋਟਿਸ ਲੈਂਦਿਆਂ ਰੋਕ ਲਗਾਉਣੀ ਚਾਹੀਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਵੱਲੋਂ ਇਕ ਪ੍ਰੈਸ ਬਿਆਨ ਰਾਹੀਂ ਕੀਤਾ ਗਿਆ।
ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਨੇ ਕਿਹਾ ਕਿ ਦੇਸ਼ ਅੰਦਰ ਸਿੱਖਾਂ ਉੱਪਰ ਨਫਰਤੀ ਹਮਲੇ ਹੋਣ ਦੀਆਂ ਖਬਰਾਂ ਅਕਸਰ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ, ਅਜਿਹੇ ਵਿਚ ਇਹ ਫਿਲਮ ਸਿੱਖਾਂ ਪ੍ਰਤੀ ਨਫਰਤ ਫੈਲਾਉਣ ਦਾ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਇਸ ਦੇਸ਼ ਲਈ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ ,ਜਿਨ੍ਹਾਂ ਨੂੰ ਫਿਲਮਾਂ ਰਾਹੀਂ ਪੂਰੀ ਤਰ੍ਹਾਂ ਉਜਾਗਰ ਨਹੀਂ ਕੀਤਾ ਗਿਆ ਪ੍ਰੰਤੂ ਸਿੱਖਾਂ ਨੂੰ ਬਦਨਾਮ ਕਰਨ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਸਮਾਜ ਅੰਦਰ ਭਾਈਚਾਰਕ ਸਾਂਝ ਅਤੇ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਇਤਰਾਜਯੋਗ ਫਿਲਮਾਂ ਜਾਂ ਗੀਤਾਂ ਉੱਪਰ ਪਾਬੰਧੀ ਲੱਗਣੀ ਚਾਹੀਦੀ ਹੈ। ਉਨ੍ਹਾਂ ਸਮਾਜ ਅੰਦਰ ਸਦਭਾਵਨਾ ਤੇ ਸ਼ਾਂਤੀ ਕਾਇਮ ਰੱਖਣ ਦੀ ਵਚਨਬੱਧਤਾ ਪ੍ਰਗਟਾਉਂਦਿਆਂ ਕਿਹਾ ਕਿ ਉਹ ਸਮਾਜ ਵਿਰੋਧੀ ਕਾਰਵਾਈਆਂ ਰੋਕਣ ਲਈ ਹਮੇਸ਼ਾ ਦ੍ਰਿੜ੍ਹ ਹਨ।