
ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਦਿੱਤਾ ਇਨਸਾਫ਼ ਦਾ ਭਰੋਸਾ
ਚੰਡੀਗੜ੍ਹ: CU ’ਚ ਅਸ਼ਲੀਲ ਵੀਡੀਓ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ’ਚ ਸਿੱਖਿਆ ਮੰਤਰੀ ਹਰਜੋਤ ਬੈਂਸ, ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਬਲਜੀਤ ਕੌਰ, ਰਾਘਵ ਚੱਢਾ ਤੇ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਦਿਆਂ ਇਸ ਘਟਨਾ ਨੂੰ ਸ਼ਰਮਨਾਕ ਦੱਸਿਆ। ਉਨ੍ਹਾਂ ਨੇ ਚੰਡੀਗੜ੍ਹ ਦੀ ਇਕ ਪ੍ਰਾਈਵੇਟ ਯੂਨੀਵਰਸਿਟੀ ਵਿਚ ਲੜਕੀਆਂ ਦੀ ਨਹਾਉਂਦਿਆਂ ਦੀ ਵੀਡੀਓ ਵਾਇਰਲ ਹੋਣ ਦੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਹੁਕਮ ਮੁਹਾਲੀ ਦੇ ਐੱਸ ਐੱਸ ਪੀ ਤੇ ਡੀ ਸੀ ਨੂੰ ਜਾਰੀ ਕੀਤੇ ਹਨ।
ਉਨ੍ਹਾਂ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਉਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਇਨਸਾਫ਼ ਦਾ ਭਰੋਸਾ ਦੁਆਉਂਦੇ ਹਨ। ਉਨ੍ਹਾਂ ਕਿਹਾ ਕਿ ਮਾਮਲੇ ਦੇ ਕਿਸੇ ਵੀ ਦੋਸ਼ੀ ਨੁੰ ਬਖ਼ਸ਼ਿਆ ਨਹੀਂ ਜਾਵੇਗਾ। ਯੂਨੀਵਰਸਿਟੀ ਵਿਚ ਵਾਪਰੇ ਘਟਨਾਕ੍ਰਮ ਤੋਂ ਬਾਅਦ ਵਿਦਿਆਰਥਣਾਂ ਨੂੰ ਸ਼ਾਂਤ ਰਹਿਣ ਦੀ ਵੀ ਅਪੀਲ ਕੀਤੀ ਹੈ।
ਕੈਬਨਿਟ ਮੰਤਰੀ ਬਲਜੀਤ ਕੌਰ ਨੇ ਕਿਹਾ ਕਿ ਇਹ ਮਾਮਲਾ ਬਹੁਤ ਗੰਭੀਰ ਹੈ, ਇਤਰਾਜ਼ਯੋਗ ਵੀਡੀਓਜ਼ ਨੂੰ ਸੋਸ਼ਲ ਮੀਡੀਆ ਤੋਂ ਹਟਵਾਇਆ ਜਾਵੇਗਾ।
ਅਰਵਿੰਦ ਕੇਜਰੀਵਾਲ ਨੇ ਵੀ ਇਸ ਘਟਨਾ ਤੇ ਟਵੀਟ ਕਰਦਿਆਂ ਲਿਖਿਆ ਹੈ ਕਿ ਚੰਡੀਗੜ੍ਹ ਯੂਨੀਵਰਸਿਟੀ 'ਚ ਇੱਕ ਵਿਦਿਆਰਥਣ ਨੇ ਕਈ ਵਿਦਿਆਰਥਣਾਂ ਦੀਆਂ ਇਤਰਾਜ਼ਯੋਗ ਵੀਡੀਓਜ਼ ਬਣਾ ਕੇ ਵਾਇਰਲ ਕਰ ਦਿੱਤੀਆਂ ਹਨ। ਇਹ ਬਹੁਤ ਹੀ ਗੰਭੀਰ ਅਤੇ ਸ਼ਰਮਨਾਕ ਹੈ। ਇਸ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ। ਪੀੜਤ ਲੜਕੀਆਂ ਨੇ ਹਿੰਮਤ ਦਿਖਾਈ ਹੈ। ਅਸੀਂ ਸਾਰੇ ਤੁਹਾਡੇ ਨਾਲ ਹਾਂ। ਸਾਰੇ ਸਬਰ ਨਾਲ ਕੰਮ ਲੈਣ।
ਰਾਘਵ ਚੱਢਾ ਨੇ ਇਸ ਘਟਨਾ ਨੂੰ ਮੰਦਭਾਗਾਂ ਦੱਸਦਿਆਂ ਟਵੀਟ ਕਰਕੇ ਲਿਖਿਆ ਕਿ ਚੰਡੀਗੜ੍ਹ ਯੂਨੀਵਰਸਿਟੀ ਮਾਮਲਾ ਬਹੁਤ ਹੀ ਸ਼ਰਮਨਾਕ ਹੈ। ਪੰਜਾਬ ਸਰਕਾਰ ਇਸ ਜੁਰਮ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਮੈਂ ਸਾਰਿਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਾ ਹਾਂ। ਅਸੀਂ ਸਾਰੇ ਤੁਹਾਡੇ ਨਾਲ ਹਾਂ ਅਤੇ ਇਨਸਾਫ਼ ਜਰੂਰ ਮਿਲੇਗਾ।