
ਸੁਰੱਖਿਆ ਦੇ ਮੱਦੇਨਜ਼ਰ ਕਰੀਬ 200 ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ
ਲੁਧਿਆਣਾ (ਰਾਜਵਿੰਦਰ ਸਿੰਘ) - ਲਖੀਮਪੁਰ ਖੇੜੀ ਦੀ ਘਟਨਾ ਦੇ ਵਿਰੋਧ ਵਿਚ ਅੱਜ ਕਿਸਾਨ ਦੇਸ਼ ਭਰ ਵਿਚ ਰੇਲ ਰੋਕੋ ਅੰਦੋਲਨ ਕਰ ਰਹੇ ਹਨ। ਯੂਪੀ ਦੇ ਲਖੀਮਪੁਰ ਖੀਰੀ ਵਿਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਬੇਟੇ ਅਸ਼ੀਸ਼ ਮਿਸ਼ਰਾ ਵੱਲੋਂ ਕਥਿਤ ਤੌਰ 'ਤੇ ਗੱਡੀ ਨਾਲ ਕੁਚਲੇ ਕਿਸਾਨਾਂ ਦੇ ਮਾਮਲੇ ਵਿਚ ਕੇਂਦਰੀ ਮੰਤਰੀ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਗਏ ਰੇਲ ਰੋਕੋ ਦੇ ਸੱਦੇ ਤਹਿਤ ਲੁਧਿਆਣਾ ਰੇਲਵੇ ਸਟੇਸ਼ਨ 'ਤੇ ਵੀ ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ।
ਉਥੇ ਹੀ ਵੱਡੀ ਗਿਣਤੀ 'ਚ ਪੁਲਿਸ ਬਲ ਨੂੰ ਵੀ ਤਾਇਨਾਤ ਕੀਤਾ ਗਿਆ ਹੈ। ਇਸ ਦੌਰਾਨ ਕਿਸਾਨ ਆਗੂ ਦਾ ਕਹਿਣਾ ਹੈ ਕਿ ਕਿ ਉਨ੍ਹਾਂ ਵੱਲੋਂ ਲਖੀਮਪੁਰ ਖੀਰੀ ਦੀ ਘਟਨਾ ਦੇ ਵਿਰੋਧ 'ਚ ਧਰਨਾ ਦਿੱਤਾ ਜਾ ਰਿਹਾ ਹੈ ਅਤੇ ਸਵੇਰੇ 10 ਤੋਂ ਸ਼ਾਮ ਚਾਰ ਵਜੇ ਤੱਕ ਲਗਾਇਆ ਜਾਵੇਗਾ। ਉਹਨਾਂ ਕਿਹਾ ਕਿ ਉਹ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਅਸਤੀਫੇ ਦੀ ਮੰਗ ਕਰਦੇ ਹਨ।
ਉੱਥੇ ਹੀ ਜੁਆਇੰਟ ਕਮਿਸ਼ਨਰ ਸ਼ਹਿਰੀ ਦੀਪਕ ਪਾਰਿਕ ਨੇ ਦੱਸਿਆ ਕਿ ਸੁਰੱਖਿਆ ਦੇ ਮੱਦੇਨਜ਼ਰ ਕਰੀਬ 200 ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਇਸ ਤੋਂ ਇਲਾਵਾ ਜਿੱਥੇ-ਜਿੱਥੇ ਵੀ ਲੁਧਿਆਣਾ ਪੁਲਿਸ ਦਾ ਅਧਿਕਾਰ ਖੇਤਰ ਆਉਂਦਾ ਹੈ, ਉਥੇ ਵੀ ਮੁਲਾਜ਼ਮ ਤੈਨਾਤ ਹਨ। ਲੁਧਿਆਣਾ ਪੁਲਿਸ, ਜੀਆਰਪੀ ਅਤੇ ਆਰਪੀਐਫ ਦੀਆਂ ਟੀਮਾਂ ਤਾਇਨਾਤ ਹਨ।