BSF ਦਾ ਅਧਿਕਾਰ ਖੇਤਰ ਵਧਾਉਣ ਦਾ ਕੇਂਦਰ ਦਾ ਫੈਸਲਾ ਪ੍ਰਵਾਨ ਨਹੀਂ ਕਰਾਂਗੇ- CM ਚਰਨਜੀਤ ਚੰਨੀ
Published : Oct 18, 2021, 6:32 pm IST
Updated : Oct 18, 2021, 6:32 pm IST
SHARE ARTICLE
CM Charanjit Singh Channi
CM Charanjit Singh Channi

ਕਿਹਾ, ਮਸਲੇ ਉਤੇ ਸਹਿਮਤੀ ਬਣਾਉਣ ਲਈ ਵਿਚਾਰ-ਚਰਚਾ ਕਰਨ ਵਾਸਤੇ ਵਜ਼ਾਰਤ ਦੀ ਵਿਸ਼ੇਸ਼ ਮੀਟਿੰਗ ਬੁਲਾਈ ਜਾਵੇਗੀ

 

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ BSF ਦਾ ਅਧਿਕਾਰ ਖੇਤਰ ਮੌਜੂਦਾ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰਨ ਦੀ ਇਜਾਜ਼ਤ ਦੇਣ ਬਾਰੇ ਕੇਂਦਰ ਦੇ ਫੈਸਲੇ ਨੂੰ ਉਨ੍ਹਾਂ ਦੀ ਸਰਕਾਰ ਪ੍ਰਵਾਨ ਨਹੀਂ ਕਰੇਗੀ, ਕਿਉਂਕਿ ਇਹ ਕਦਮ ਸੰਘੀ ਢਾਂਚੇ ਦੀ ਭਾਵਨਾ ਦੇ ਖਿਲਾਫ਼ ਹੈ।

Charanjit Singh ChanniCharanjit Singh Channi

ਮੰਤਰੀ ਮੰਡਲ ਦੀ ਮੀਟਿੰਗ ਤੋਂ ਤੁਰੰਤ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਅਮਨ-ਕਾਨੂੰਨ ਦੀ ਵਿਵਸਥਾ ਸੂਬੇ ਦਾ ਮੁੱਦਾ ਹੈ ਅਤੇ ਪੰਜਾਬ ਨੂੰ ਭਰੋਸੇ ਵਿਚ ਲਏ ਬਿਨਾਂ ਸੂਬੇ ਉਤੇ ਇਹ ਫੈਸਲਾ ਥੋਪ ਦੇਣ ਦਾ ਕੇਂਦਰ ਸਰਕਾਰ ਦਾ ਕੋਈ ਆਧਾਰ ਨਹੀਂ ਬਣਦਾ। ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਵਿਚ ਆਪਣੀ ਪੁਲੀਸ ਫੋਰਸ ਨਾਲ ਅਮਨ-ਕਾਨੂੰਨ ਦੀ ਸਥਿਤੀ ਨੂੰ ਨਜਿੱਠਣ ਵਿਚ ਪੂਰਨ ਤੌਰ ਉਤੇ ਸਮਰੱਥ ਹੈ। ਉਨ੍ਹਾਂ ਕਿਹਾ ਕਿ ਪੁਲੀਸ ਦੀ ਕਾਬਲੀਅਤ ਅਤੇ ਸਮਰੱਥਾ ਸਦਕਾ ਹੀ ਸੂਬੇ ਵਿਚ ਦਹਾਕਾ ਲੰਮੇ ਅਤਿਵਾਦ ਨੂੰ ਠੱਲ੍ਹ ਪਾਈ ਗਈ ਸੀ, ਜਿਸ ਨਾਲ ਅਮਨ-ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਬਹਾਲ ਹੋਈ।

Charanjit Singh ChanniCharanjit Singh Channi

BSF ਦਾ ਅਧਿਕਾਰ ਖੇਤਰ ਵਧਾਉਣ ਦੇ ਸੰਵੇਦਨਸ਼ੀਲ ਮੁੱਦੇ ਨੂੰ ਤੂਲ ਦੇ ਕੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਭੜਕਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਆਲੋਚਨਾ ਕਰਦਿਆਂ ਚੰਨੀ ਨੇ ਉਨ੍ਹਾਂ ਨੂੰ ਕੇਂਦਰੀ ਬਲਾਂ ਦਾ ਸ੍ਰੀ ਹਰਿਮੰਦਰ ਸਾਹਿਬ ਅਤੇ ਹੋਰ ਧਾਰਮਿਕ ਅਸਥਾਨਾਂ ਵਿਚ ਪ੍ਰਵੇਸ਼ ਕਰਨ ਦੀ ਭੜਕਾਹਟ ਭਰੀ ਬਿਆਨਬਾਜ਼ੀ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਬੀ.ਐਸ.ਐਫ. ਦੇ ਮੁੱਦੇ ਦੀ ਆੜ ਵਿਚ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾ ਕੇ ਪੰਜਾਬ ਨੂੰ ਮੁੜ ਅਤਿਵਾਦ ਦੇ ਕਾਲੇ ਦੌਰ ਵਿਚ ਨਾ ਧੱਕਣ ਕਿਉਂਕਿ ਅਕਾਲੀ ਦਲ ਹੀ ਸੂਬੇ ਦੇ ਨੌਜਵਾਨਾਂ ਨੂੰ ਗੁੰਮਰਾਹ ਕਰਕੇ ਅਤਿਵਾਦ ਦੇ ਰਾਹ ਵੱਲ ਤੋਰਨ ਲਈ ਜ਼ਿੰਮੇਵਾਰ ਹੈ।

Sukhbir Badal Sukhbir Badal

ਇਸ ਸਬੰਧੀ ਸੁਖਬੀਰ ਬਾਦਲ ਵੱਲੋਂ ਭੜਕਾਊ ਬਿਆਨਬਾਜ਼ੀ ਕੀਤੇ ਜਾਣ ਲਈ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਉੱਤੇ ਅਸਿੱਧੇ ਰੂਪ ਵਿਚ ਹਮਲਾ ਕਰਦੇ ਹੋਏ ਚੰਨੀ ਨੇ ਕਿਹਾ ਕਿ ਜੋ ਕੋਈ ਵੀ ਅਜਿਹੇ ਸੰਵੇਦਨਸ਼ੀਲ ਮੁੱਦੇ ਸਿਰਫ ਆਪਣੇ ਸਵਾਰਥਾਂ ਦੀ ਪੂਰਤੀ ਕਰਨ ਲਈ ਚੁੱਕਦਾ ਹੈ, ਉਹ ਪੰਜਾਬ ਅਤੇ ਦੇਸ਼ ਦਾ ਸਭ ਤੋਂ ਵੱਡਾ ਦੁਸ਼ਮਣ ਹੈ। ਚੰਨੀ ਨੇ ਅੱਗੇ ਕਿਹਾ ਕਿ ਹੁਣ ਸਥਿਤੀ ਦੀ ਮੰਗ ਇਹ ਹੈ ਕਿ ਇਸ ਨਾਜ਼ੁਕ ਮੁੱਦੇ ਸਬੰਧੀ ਲੋਕਾਂ ਦੇ ਮਨਾਂ ਵਿਚਲੇ ਭਰਮ-ਭੁਲੇਖੇ ਦੂਰ ਕਰਨ ਲਈ ਇੱਕ ਵਿਆਪਕ ਨੀਤੀ ਘੜੀ ਜਾਵੇ ਜਿਸ ਲਈ ਸੂਬਾਈ ਕੈਬਨਿਟ ਦੀ ਇੱਕ ਵਿਸ਼ੇਸ਼ ਮੀਟਿੰਗ ਛੇਤੀ ਹੀ ਸੱਦੀ ਜਾਵੇਗੀ ਅਤੇ ਜੇਕਰ ਲੋੜ ਪਈ ਤਾਂ ਇਹ ਮੁੱਦਾ ਸਰਬ ਪਾਰਟੀ ਮੀਟਿੰਗ ਵਿਚ ਵੀ ਡੂੰਘਾਈ ਨਾਲ ਵਿਚਾਰਿਆ ਜਾਵੇਗਾ, ਪਰ ਜੇਕਰ ਇਹ ਮੁੱਦਾ ਫਿਰ ਵੀ ਨਹੀਂ ਸੁਲਝਦਾ ਤਾਂ ਪੰਜਾਬ ਵਿਧਾਨ ਸਭਾ ਦਾ ਇੱਕ ਵਿਸ਼ੇਸ਼ ਇਜਲਾਸ ਸੱਦਿਆ ਜਾਵੇਗਾ।

ਹੋਰ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਤੋਂ ਜ਼ਮੀਨ ਐਕੁਆਇਰ ਕਰਕੇ ਅਤੇ ਉਨ੍ਹਾਂ ਨੂੰ ਬਣਦਾ ਮੁਆਵਜ਼ਾ ਦੇ ਕੇ ਲੋੜੀਂਦੀ ਜ਼ਮੀਨ ਛੇਤੀ ਹੀ ਕੇਂਦਰ ਸਰਕਾਰ ਨੂੰ ਦੇ ਦਿੱਤੀ ਜਾਵੇਗੀ ਜੋ ਕਿ ਪੱਟੀ-ਮੱਖੂ ਰੇਲ ਲਿੰਕ ਵਿਕਸਤ ਕਰਨ ਲਈ ਹੋਵੇਗੀ ਅਤੇ ਇਸ ਨਾਲ ਖਿੱਤੇ ਵਿਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ।

CM Charanjit Singh ChanniCM Charanjit Singh Channi

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ 13 ਸੂਤਰੀ ਏਜੰਡੇ ਸਬੰਧੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਚਿੱਠੀ ਲਿਖੇ ਜਾਣ ਦੇ ਮੁੱਦੇ ਬਾਰੇ ਮੁੱਖ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਹੋਏ ਵਾਅਦੇ ਪੂਰੇ ਕਰਨ ਲਈ ਪਹਿਲਾਂ ਹੀ ਜ਼ੋਰ-ਸ਼ੋਰ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਇਹ ਯਕੀਨ ਵੀ ਦਿਵਾਇਆ ਕਿ ਹਰੇਕ ਵਾਅਦਾ ਪੂਰਨ ਰੂਪ ਵਿਚ ਲਾਗੂ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਇਹ ਸੂਬਾਈ ਪਾਰਟੀ ਪ੍ਰਧਾਨ ਦਾ ਫਰਜ਼ ਹੈ ਕਿ ਉਹ ਪਾਰਟੀ ਦੀ ਹਾਈਕਮਾਂਡ ਨੂੰ ਸੂਬੇ ਨਾਲ ਸਬੰਧਤ ਮਾਮਲਿਆਂ ਬਾਰੇ ਜਾਣੂ ਕਰਵਾਏ ਪਰ ਇਸ ਦਾ ਮਤਲਬ ਇਹ ਨਹੀਂ ਕਿ ਪਾਰਟੀ ਅਤੇ ਸਰਕਾਰ ਦਰਮਿਆਨ ਕੋਈ ਮਤਭੇਦ ਹਨ।

ਠੇਕਾ ਅਧਾਰਤ ਮੁਲਾਜ਼ਮਾਂ ਬਾਰੇ ਪੁੱਛੇ ਗਏ ਇੱਕ ਸਵਾਲ ਦਾ ਜਵਾਬ ਦਿੰਦੇ ਹੋਏ ਚੰਨੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਅਜਿਹੀ ਨੀਤੀ ਤਿਆਰ ਕੀਤੀ ਜਾ ਰਹੀ ਹੈ ਜੋ ਕਿ ਅਜਿਹੇ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਕਰੇਗੀ। ਇਸ ਮੌਕੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਓ.ਪੀ. ਸੋਨੀ ਤੋਂ ਇਲਾਵਾ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਅਰੁਣਾ ਚੌਧਰੀ, ਵਿਜੇ ਇੰਦਰ ਸਿੰਗਲਾ ਅਤੇ ਪਰਗਟ ਸਿੰਘ ਵੀ ਸ਼ਾਮਿਲ ਸਨ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement