ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਹਲਫ਼ ਲੈਣ ਵਾਸਤੇ ਮੁੱਖ ਮੰਤਰੀ ਦੀ ਅਗਵਾਈ ਹੇਠ ਅੰਮ੍ਰਿਤਸਰ ਵਿਚ ਜੁੜੀ ਭਾਰੀ ਭੀੜ
Published : Oct 18, 2023, 5:04 pm IST
Updated : Oct 18, 2023, 5:04 pm IST
SHARE ARTICLE
Bhagwant Mann Launches Mega Drug-Free Campaign In Amritsar
Bhagwant Mann Launches Mega Drug-Free Campaign In Amritsar

ਮੁੱਖ ਮੰਤਰੀ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਫੈਸਲਾਕੁੰਨ ਹੰਭਲਾ ਮਾਰਨ ਅਤੇ ‘ਰੰਗਲਾ ਪੰਜਾਬ’ ਬਣਾਉਣ ਲਈ ਅੱਗੇ ਆਉਣ ਦਾ ਸੱਦਾ


 

ਅੰਮ੍ਰਿਤਸਰ: ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਹਲਫ਼ ਲੈਣ ਵਾਸਤੇ ਵੱਡੀ ਗਿਣਤੀ ਵਿਚ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਸਿਫ਼ਤੀ ਦੇ ਘਰ ਅੰਮ੍ਰਿਤਸਰ ਵਿਚ ਜੁੜੇ। ਇਸ ਸਮਾਗਮ ਦੌਰਾਨ ਹਾਜ਼ਰ ਨੌਜਵਾਨਾਂ ਨੂੰ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ, ਜਦੋਂ ਤੁਹਾਨੂੰ ਅੱਗੇ ਆ ਕੇ ਨਸ਼ਿਆਂ ਖ਼ਿਲਾਫ਼ ਆਖਰੀ ਦੇ ਫੈਸਲਾਕੁੰਨ ਹੰਭਲਾ ਮਾਰਨਾ ਅਤੇ ਰੰਗਲਾ ਪੰਜਾਬ ਬਣਾਉਣਾ ਚਾਹੀਦਾ ਹੈ। 

ਮੁੱਖ ਮੰਤਰੀ ਦੀ ਅਗਵਾਈ ਹੇਠ ਨੌਜਵਾਨਾਂ ਨੇ ਹਲਫ਼ ਲਿਆ ਕਿ ਧਰਤੀ ਮਾਂ ਦੇ ਸੱਚੇ ਸਪੂਤ ਵਜੋਂ ਉਹ ਨਸ਼ਿਆਂ ਦੀ ਅਲਾਮਤ ਤੋਂ ਦੂਰ ਰਹਿਣਗੇ ਅਤੇ ਸਿਹਤਮੰਦ ਜੀਵਨ ਬਤੀਤ ਕਰਨਗੇ। ਉਨ੍ਹਾਂ ਇਹ ਵੀ ਹਲਫ਼ ਲਿਆ ਕਿ ਉਹ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਗੇ ਅਤੇ ਗਤੀਸ਼ੀਲ ਤੇ ਰੰਗਲਾ ਪੰਜਾਬ ਬਣਾਉਣ ਲਈ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ‘ਹੋਪ ਪਹਿਲਕਦਮੀ’ ਦੇ ਹਿੱਸੇ ਵਜੋਂ ਉਹ ਗੁਰੂਆਂ, ਪੀਰਾਂ-ਫ਼ਕੀਰਾਂ ਤੇ ਪੈਗੰਬਰਾਂ ਦੀ ਧਰਤੀ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਆਪਣਾ ਜੀਵਨ ਸਮਰਪਿਤ ਕਰਨ ਦੀ ਪੁਰਜ਼ੋਰ ਕੋਸ਼ਿਸ਼ ਕਰਨਗੇ। ਉਨ੍ਹਾਂ ਨਸ਼ਿਆਂ ਵਿਰੁਧ ਮੁਹਿੰਮ ਦੇ ਇਸ ਸੁਚੱਜੇ ਕਾਰਜ ਲਈ ਸੂਬਾ ਸਰਕਾਰ ਦਾ ਸਹਿਯੋਗ ਤੇ ਤਾਲਮੇਲ ਕਰਨ ਦਾ ਵੀ ਪ੍ਰਣ ਲਿਆ।

ਇਹ ਵੀ ਪੜ੍ਹੋ: ਵਿਸ਼ੇਸ਼ ਅਦਾਲਤ ਨੇ ਬਲਾਤਕਾਰ ਮਾਮਲੇ ’ਚ ਭਾਜਪਾ ਆਗੂ ਸ਼ਾਹਨਵਾਜ਼ ਹੁਸੈਨ ਵਿਰੁਧ ਜਾਰੀ ਸੰਮਨ ’ਤੇ ਰੋਕ ਲਾਈ

ਇਸ ਦੌਰਾਨ ਇਸ ਮੁਹਿੰਮ ਨੂੰ ਨਵੇਂ ਦੌਰ ਦਾ ਪਹੁ-ਫੁਟਾਲਾ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚੋਂ ਇਸ ਖ਼ਤਰੇ ਦੇ ਸਫ਼ਾਏ ਦਾ ਮੁੱਢ ਬੱਝ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਇਸ ਸਰਾਪ ਤੋਂ ਮੁਕਤੀ ਲਈ ਅੰਤਮ ਤੇ ਫੈਸਲਾਕੁੰਨ ਹੰਭਲੇ ਦਾ ਸਮਾਂ ਆ ਚੁੱਕਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਪੁਰਜ਼ੋਰ ਕੋਸ਼ਿਸ਼ਾਂ ਨਾਲ ਨਸ਼ਿਆਂ ਦੀ ਸਪਲਾਈ ਲਾਈਨ ਪਹਿਲਾਂ ਹੀ ਟੁੱਟ ਚੁੱਕੀ ਹੈ ਅਤੇ ਹੁਣ ਨਸ਼ਿਆਂ ਦੀ ਮੰਗ ਨੂੰ ਖ਼ਤਮ ਕਰਨ ਉਤੇ ਧਿਆਨ ਦਿਤਾ ਜਾ ਰਿਹਾ ਹੈ, ਜਿਸ ਲਈ ਵੱਡ-ਆਕਾਰੀ ਮੁਹਿੰਮ ਸ਼ੁਰੂ ਕੀਤੀ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿਚ ਨਸ਼ਿਆਂ ਦੇ ਖ਼ਾਤਮੇ ਲਈ ਤਿੰਨ ਧਿਰੀ ਰਣਨੀਤੀ ਅਪਣਾਈ ਹੈ। ਉਨ੍ਹਾਂ ਕਿਹਾ ਕਿ ਇਸ ਦੇ ਇਕ ਹਿੱਸੇ ਤਹਿਤ ਪੰਜਾਬ ਵਿਚ ਖੇਡ ਸੱਭਿਆਚਾਰ ਨੂੰ ਉਤਸ਼ਾਹਤ ਕੀਤਾ ਜਾ ਰਿਹਾ ਹੈ ਤਾਂ ਜੋ ਨੌਜਵਾਨਾਂ ਦੀ ਤਾਕਤ ਨੂੰ ਉਸਾਰੂ ਦਿਸ਼ਾ ਵਿਚ ਲਗਾਇਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮੁਹਿੰਮ ਦੇ ਦੂਜੇ ਹਿੱਸੇ ਵਜੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਨ ਉਤੇ ਵੱਧ ਧਿਆਨ ਦਿਤਾ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਨੂੰ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿਚ ਭਾਈਵਾਲ ਬਣਾਇਆ ਜਾਵੇ।

ਇਹ ਵੀ ਪੜ੍ਹੋ: ਟੀਵੀ ਪੱਤਰਕਾਰ ਸੌਮਿਆ ਵਿਸ਼ਵਨਾਥਨ ਹਤਿਆ ਮਾਮਲਾ: 4 ਮੁਲਜ਼ਮ ਦੋਸ਼ੀ ਕਰਾਰ 

ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਕਹਾਵਤ ਤੋਂ ਚੰਗੀ ਤਰ੍ਹਾਂ ਜਾਣੂੰ ਹਨ ਕਿ ਵਿਹਲਾ ਮਨ ਸ਼ੈਤਾਨ ਦਾ ਘਰ ਹੁੰਦਾ ਹੈ, ਇਸ ਲਈ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਨ ਉਤੇ ਧਿਆਨ ਕੇਂਦਰਤ ਕੀਤਾ ਗਿਆ ਹੈ ਤਾਂ ਕਿ ਉਹ ਕੰਮ ਵਿਚ ਰੁੱਝੇ ਰਹਿਣ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹਰੇਕ ਸਾਲ 2100 ਰੈਗੂਲਰ ਆਸਾਮੀਆਂ ਦਾ ਇਸ਼ਤਿਹਾਰ ਦਿੱਤਾ ਜਾ ਰਿਹਾ ਹੈ। ਇਸ ਨਾਲ ਨੌਜਵਾਨ ਸਖ਼ਤ ਮਿਹਨਤ ਕਰ ਕੇ ਪੁਲਿਸ ਵਿਚ ਅਫ਼ਸਰ ਭਰਤੀ ਹੋਣ ਲਈ ਉਤਸ਼ਾਹਤ ਹੋਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਰਣਨੀਤੀ ਦੇ ਤੀਜੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਸੂਬੇ ਵਿਚ ਨਸ਼ਿਆਂ ਵਿਰੁਧ ਮੁਹਿੰਮ ਵਿੱਢੀ ਹੈ, ਜਿਸ ਤਹਿਤ ਤਸਕਰਾਂ ਨੂੰ ਫੜ ਕੇ ਸਲਾਖਾਂ ਪਿੱਛੇ ਡੱਕਿਆ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਨੂੰ ਨਾਲ ਜੋੜਨ ਲਈ ਇਹ ਮੁਹਿੰਮ ਜ਼ਮੀਨੀ ਪੱਧਰ ਉਤੇ ਲਾਗੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਲਈ ਪਿੰਡ ਤੇ ਸ਼ਹਿਰ ਦੇ ਪੱਧਰ ਉਤੇ ਕਮੇਟੀਆਂ ਬਣਾਈਆਂ ਜਾਣਗੀਆਂ ਤਾਂ ਕਿ ਲੋਕਾਂ ਨੂੰ ਨਸ਼ਿਆਂ ਵਿਰੁਧ ਜਾਗਰੂਕ ਕੀਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਮੁਕੰਮਲ ਤੌਰ ਉਤੇ ਨਸ਼ਾ ਮੁਕਤ ਬਣਾਉਣ ਲਈ ਇਹ ਸਮੇਂ ਦੀ ਲੋੜ ਹੈ।

ਇਹ ਵੀ ਪੜ੍ਹੋ: ਗ਼ਜ਼ਾ ’ਚ ਹਸਪਤਾਲ ’ਤੇ ਹਮਲੇ ’ਚ ਸ਼ਾਮਲ ਲੋਕਾਂ ਨੂੰ ਜ਼ਿੰਮੇਵਾਰ ਠਹਿਰਾਇਆ ਜਾਵੇ : ਪ੍ਰਧਾਨ ਮੰਤਰੀ

ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਹ ਮੁਹਿੰਮ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਅਤੇ ਸਿਹਤਮੰਦ ਸੂਬੇ ਵਿਚ ਤਬਦੀਲ ਕਰਨ ਲਈ ਪ੍ਰੇਰਕ ਦਾ ਕੰਮ ਕਰੇਗੀ। ਉਨ੍ਹਾਂ ਆਖਿਆ ਕਿ ਨਸ਼ਿਆਂ ਦੇ ਖ਼ਤਰੇ ਨਾਲ ਆਮ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਹੀ ਸਿੱਝਿਆ ਜਾ ਸਕਦਾ ਹੈ ਅਤੇ ਇਹੀ ਇਸ ਸਮੁੱਚੀ ਮੁਹਿੰਮ ਦਾ ਆਧਾਰ ਹੈ। ਅਜਿਹੀਆਂ ਹੋਰ ਮੁਹਿੰਮਾਂ ਦੀ ਸਫ਼ਲਤਾ ਦੀ ਮਿਸਾਲ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੀਆਂ ਲਹਿਰਾਂ ਸਿਰਫ਼ ਆਮ ਬਸ਼ਿੰਦਿਆਂ ਦੀ ਸਰਗਰਮ ਭੂਮਿਕਾ ਨਾਲ ਹੀ ਸਫ਼ਲਤਾ ਦੇ ਝੰਡੇ ਗੱਡਦੀਆਂ ਹਨ।

ਨਸ਼ਿਆਂ ਵਿਰੁਧ ਜੰਗ ਦਾ ਸੇਕ ਪੰਜਾਬ ਨੂੰ ਲੱਗਣ ਦੀ ਗੱਲ ਆਖਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਇਸ ਅਲਾਮਤ ਦਾ ਸਭ ਤੋਂ ਵੱਡਾ ਪੀੜਤ ਹੈ, ਜਦੋਂ ਕਿ ਇੱਥੇ ਰੱਤੀ ਭਰ ਵੀ ਨਸ਼ਾ ਉਗਾਇਆ ਨਹੀਂ ਜਾਂਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਅਤਿਵਾਦ ਖ਼ਿਲਾਫ਼ ਪੂਰੇ ਦੇਸ਼ ਦੀ ਲੜਾਈ ਲੜਨ ਤੋਂ ਬਾਅਦ ਪੰਜਾਬ ਨੂੰ ਬਹੁਤ ਨੁਕਸਾਨ ਝੱਲਣਾ ਪਿਆ ਅਤੇ ਹੁਣ ਨਸ਼ਿਆਂ ਦੀ ਅਲਾਮਤ ਵਿਰੁਧ ਸਿੱਧੀ ਲੜਾਈ ਲੜਨ ਦਾ ਪੰਜਾਬ ਨੂੰ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਸੁਰੱਖਿਆ ਏਜੰਸੀਆਂ ਨੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਕੇ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿਤੀ ਹੈ।

ਇਹ ਵੀ ਪੜ੍ਹੋ: ਬਲਬੀਰ ਸਿੰਘ ਸੀਚੇਵਾਲ ਨੇ ਡੀਜੀਪੀ ਗੌਰਵ ਯਾਦਵ ਨਾਲ ਮੁਲਾਕਾਤ ਕੀਤੀ

ਮੁੱਖ ਮੰਤਰੀ ਨੇ ਕਿਹਾ ਕਿ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ ਤਾਂ ਕਿ ਇਸ ਘਿਨਾਉਣੇ ਜੁਰਮ ਵਿਚ ਸ਼ਾਮਲ ਲੋਕਾਂ ਨੂੰ ਆਪਣੇ ਅਪਰਾਧਾਂ ਦੀ ਮਿਸਾਲੀ ਸਜ਼ਾ ਮਿਲੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਾ ਪੀੜਤਾਂ ਨੂੰ ਮੁੱਖ ਧਾਰਾ ਵਿਚ ਲਿਆਉਣ ਲਈ ਨਸ਼ਾ ਛੁਡਾਊ ਕੇਂਦਰ ਖੋਲ੍ਹੇ ਜਾ ਰਹੇ ਹਨ ਅਤੇ ਦੂਜੇ ਪਾਸੇ ਉਨ੍ਹਾਂ ਨੂੰ ਹੁਨਰਮੰਦ ਸਿਖਲਾਈ ਦਿਤੀ ਜਾ ਰਹੀ ਹੈ ਤਾਂ ਜੋ ਉਹ ਇੱਜਤ-ਮਾਣ ਨਾਲ ਆਪਣਾ ਜੀਵਨ ਬਸਰ ਕਰ ਸਕਣ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਨਸ਼ਿਆਂ ਦੀ ਤਸਕਰੀ ਲਈ ਲਾਂਘਾ ਹੈ, ਜਿਸ ਕਾਰਨ ਸੂਬਾ ਨਸ਼ਿਆਂ ਖ਼ਿਲਾਫ਼ ਦੇਸ਼ ਦੀ ਲੜਾਈ ਲੜ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚੋਂ ਇਸ ਅਲਾਮਤ ਨੂੰ ਖ਼ਤਮ ਕਰਨ ਲਈ ਆਪਣੇ ਵੱਲੋਂ ਪੂਰੀ ਸ਼ਿੱਦਤ ਨਾਲ ਕੋਸ਼ਿਸ਼ ਕੀਤੀ ਹੈ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Nepal, Bangladesh, Sri Lanka ਚ ਤਖ਼ਤਾ ਪਲਟ ਤੋਂ ਬਾਅਦ ਅਗਲਾ ਨੰਬਰ ਕਿਸ ਦਾ? Nepal Gen-Z protests | Corruption

17 Sep 2025 3:21 PM

Kapurthala migrant grabs sikh beard : Parvasi ਦਾ Sardar ਨਾਲ ਪੈ ਗਿਆ ਪੰਗਾ | Sikh Fight With migrant

17 Sep 2025 3:21 PM

Advocate Sunil Mallan Statement on Leaders and Migrants: ਲੀਡਰਾਂ ਨੇ ਸਾਰੇ ਪ੍ਰਵਾਸੀਆਂ ਦੀਆਂ ਬਣਵਾਈਆਂ ਵੋਟਾਂ

15 Sep 2025 3:01 PM

Sukhjinder Randhawa Interview On Rahul Gandhi Punjab'S Visit In Dera Baba nanak Gurdaspur|News Live

15 Sep 2025 3:00 PM

"100 ਰੁਪਏ ਲੁੱਟ ਕੇ 2 ਰੁਪਏ ਦੇ ਕੇ ਆਖੇ ਮੈਂ ਵੱਡਾ ਦਾਨੀ, Sukhbir Badal ਨੂੰ ਸਿੱਧੇ ਹੋਏ Gurdeep Brar | SGPC

13 Sep 2025 1:07 PM
Advertisement