
ਕੈਪਟਨ ਅਮਰਿੰਦਰ ਵੱਲੋਂ ਕਾਰਪੋਰੇਟ ਘਰਾਣਿਆਂ ਲਈ ਜਾਗੇ ਹੇਜ ਨੇ ਕਿਸਾਨ ਵਿਰੋਧੀ ਚਿਹਰਾ ਸਾਹਮਣੇ ਲਿਆਂਦਾ-ਭਗਵੰਤ ਮਾਨ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਾਰਪੋਰੇਟ ਘਰਾਣਿਆਂ ਲਈ ਜਾਗੇ ਹੇਜ ਨੇ ਉਨ੍ਹਾਂ ਦੀ ਅਸਲੀਅਤ ਸਾਹਮਣੇ ਲਿਆ ਦਿੱਤੀ ਹੈ। ਆਮ ਆਦਮੀ ਪਾਰਟੀ ਦੇ ਹੈੱਡਕੁਆਟਰ ਤੋਂ ਜਾਰੀ ਇੱਕ ਬਿਆਨ ਵਿਚ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਬੀਤੇ ਦਿਨੀਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਰਪੋਰੇਟ ਦੇ ਵਿਰੁੱਧ ਨਾ ਹੋਣ ਦਿੱਤੇ ਬਿਆਨ ਦੀ ਸਖ਼ਤ ਨਿਖੇਧੀ ਕੀਤੀ।
CM Amarinder Singh
ਮਾਨ ਨੇ ਕਿਹਾ ਕਿ ਜਦੋਂ ਕਿਸਾਨ ਆਪਣੀ ਜ਼ਮੀਨ ਨੂੰ ਬਚਾਉਣ ਲਈ ਕਾਰਪੋਰੇਟ ਘਰਾਣਿਆਂ ਵਿਰੁੱਧ ਲੜੇ ਰਹੇ ਹਨ ਤਾਂ ਉਸ ਸਮੇਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਹ ਕਹਿ ਰਹੇ ਹਨ ਕਿ ਉਹ ਕਾਰਪੋਰੇਟਸ ਦੇ ਵਿਰੁੱਧ ਨਹੀਂ ਹਨ, ਇਸ ਨਾਲ ਉਨ੍ਹਾਂ ਦਾ ਕਿਸਾਨ ਵਿਰੋਧੀ ਚਿਹਰਾ ਸਾਹਮਣੇ ਆ ਗਿਆ ਹੈ। ਮਾਨ ਨੇ ਕਿਹਾ ਕਿ ਜਦੋਂ ਆਪਣੀ ਮਾਂ ਭਾਵ ਜ਼ਮੀਨ ਬਚਾਉਣ ਲਈ ਪੰਜਾਬ ਦਾ ਬੱਚਾ-ਬੱਚਾ, ਨੌਜਵਾਨ, ਬਜ਼ੁਰਗ, ਮਾਵਾਂ ਠੰਢ ਦੇ ਮੌਸਮ ਵਿਚ ਖੁੱਲ੍ਹੀ ਛੱਤ ਹੇਠ ਰਾਤ ਕੱਟ ਕੇ ਸੰਘਰਸ਼ ਕਰ ਰਹੇ ਹਨ, ਉਸ ਸਮੇਂ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਅਜਿਹਾ ਬਿਆਨ ਦੇਣਾ ਪੰਜਾਬ ਦੇ ਲੋਕਾਂ ਨਾਲ ਗ਼ੱਦਾਰੀ ਕਰਨ ਦੇ ਬਰਾਬਰ ਹੈ।
CM Amarinder Singh
ਉਨ੍ਹਾਂ ਕਿਹਾ ਕਿ ਪੰਜਾਬ ਦੇ ਉੱਪਰ ਵਾਰੀ ਵਾਰੀ ਰਾਜ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਕਾਸ਼ ਸਿੰਘ ਬਾਦਲ ਅਸਲ ਵਿਚ ਲੋਕਾਂ ਦੀ ਬਜਾਏ ਵੱਡੇ ਘਰਾਣਿਆਂ ਦੇ ਲਈ ਹੀ ਕੰਮ ਕਰਦੇ ਆਏ ਹਨ। ਉਨ੍ਹਾਂ ਕਿਹਾ ਕਿ ਇਹ ਦੋਵੇਂ ਪਰਿਵਾਰ ਆਪ ਇੱਕ ਧਨਾਢ ਪਰਿਵਾਰ ਨਾਲ ਸਬੰਧ ਰੱਖਦੇ ਹਨ, ਜਿਨ੍ਹਾਂ ਨੇ ਲੋਕਾਂ ਦੇ ਖ਼ੂਨ ਪਸੀਨੇ ਦੀ ਕਮਾਈ ਨੂੰ ਕਿਸੇ ਨਾ ਕਿਸੇ ਢੰਗ ਨਾਲ ਲੁੱਟਿਆ ਹੈ, ਇਹ ਦੋਵੇਂ ਧਨਾਢ ਪਰਿਵਾਰ ਅਡਾਨੀ ਤੇ ਅੰਬਾਨੀ ਗੈਂਗ ਦੇ ਹੀ ਮੈਂਬਰ ਹਨ।
Parkash singh badal with Sukhbir Singh Badal
ਉਨ੍ਹਾਂ ਇਹ ਵੀ ਕਿਹਾ ਕਿ ਜਦੋਂ ਕਿਸਾਨਾਂ ਦੇ ਸੰਘਰਸ਼ਾਂ ਦੇ ਚੱਲਣ ਕਾਰਨ ਕੇਂਦਰ ਦੀ ਮੋਦੀ ਸਰਕਾਰ ਨੇ ਮਾਲ ਗੱਡੀਆਂ ਬੰਦ ਕਰ ਕੇ ਪੰਜਾਬ ਦੀ ਆਰਥਿਕ ਰੀੜ੍ਹ ਦੀ ਹੱਡੀ ਨੂੰ ਤੋੜਨ ਦਾ ਕੰਮ ਕਰ ਰਹੀ ਹੈ, ਇਸ ਦੇ ਬਾਵਜੂਦ ਕਿਸਾਨ ਖੇਤੀ ਕਾਨੂੰਨਾਂ ਦੇ ਵਿਰੁੱਧ ਸੰਘਰਸ਼ ਦੇ ਮੈਦਾਨ ਵਿਚ ਡੱਟੇ ਹੋਏ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਸਭ ਤੋਂ ਪਹਿਲਾਂ ਆਪਣੇ ਸੂਬੇ ਵਿਚ ਲਾਗੂ ਕਰਕੇ ਇਹ ਸਿੱਧ ਕਰ ਦਿੱਤਾ ਹੈ ਕਿ ਕਾਂਗਰਸ, ਭਾਜਪਾ ਅਤੇ ਅਕਾਲੀ ਸਭ ਇੱਕ ਸਿੱਕੇ ਦੇ ਦੋ ਪਹਿਲੂ ਹਨ। ਉਨ੍ਹਾਂ ਕਿਹਾ ਕਿ ਅਬੋਹਰ ਵਿਚ ਇਨ੍ਹਾਂ ਕੇਂਦਰੀ ਕਾਨੂੰਨਾਂ ਦਾ ਹਵਾਲਾ ਦਿੰਦਿਆਂ ਮੰਡੀ ਫ਼ੀਸ ਉੱਤੇ ਦਿੱਤੀ ਛੋਟ ਇਹ ਸਿੱਧ ਕਰਦੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਮੋਦੀ ਦੇ ਕਾਲੇ ਕਾਨੂੰਨਾਂ ਨੂੰ ਪੰਜਾਬ ਵਿਚ ਲਾਗੂ ਕਰ ਦਿੱਤਾ ਹੈ।
CM Amarinder Singh
ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੇ ਲੋਕਾਂ ਨੇ ਮੁੱਖ ਮੰਤਰੀ ਚੁਣਿਆ ਹੈ ਨਾ ਕਿ ਕਾਰਪੋਰੇਟ ਘਰਾਣਿਆ ਨੇ। ਉਨ੍ਹਾਂ ਕੈਪਟਨ ਸਾਹਿਬ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਕੈਪਟਨ ਸਾਹਿਬ ਲੋਕਾਂ ਦੇ ਹੱਕਾਂ ਲਈ ਕੰਮ ਕਰੋ ਨਾ ਕਿ ਮੁੱਠੀ ਭਰ ਕਾਰਪੋਰੇਟ ਘਰਾਣਿਆਂ ਲਈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੇ ਹਿੱਤਾਂ ਦੀ ਲੜਾਈ ਲੜ ਰਹੀ ਹੈ, ਜੇਕਰ ਕੈਪਟਨ ਸਾਹਿਬ ਨੇ ਲੋਕਾਂ ਦੇ ਵਿਰੁੱਧ ਹੋਰ ਮਾਰੂ ਫ਼ੈਸਲੇ ਲਏ ਤਾਂ ਹਰ ਪੱਧਰ ਉੱਤੇ ਵਿਰੋਧ ਕੀਤਾ ਜਾਵੇਗਾ।