
ਭੁਲੱਥ ਤੋਂ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਮੋਹਾਲੀ ਦੀ ਅਦਾਲਤ 'ਚ ਪੇਸ਼ ਕੀਤਾ ਸੀ।
ਮੋਹਾਲੀ : ਮਨੀ ਲਾਂਡਰਿੰਗ ਮਾਮਲੇ 'ਚ ਵੀਰਵਾਰ ਨੂੰ ਭੁਲੱਥ ਤੋਂ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਮੋਹਾਲੀ ਦੀ ਅਦਾਲਤ 'ਚ ਪੇਸ਼ ਕੀਤਾ ਸੀ। ਅਦਾਲਤ ਨੇ ਖਹਿਰਾ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿਚ ਭੇਜ ਦਿਤਾ ਹੈ। ਅਦਾਲਤ 'ਚ ਲਿਜਾਏ ਜਾਣ ਤੋਂ ਪਹਿਲਾਂ ਸੁਖਪਾਲ ਖਹਿਰਾ ਨੇ ਆਪਣੀ ਹੀ ਪਾਰਟੀ 'ਤੇ ਗੰਭੀਰ ਦੋਸ਼ ਲਾਏ ਸਨ।
Sukhpal Singh Khaira
ਉਨ੍ਹਾਂ ਕਿਹਾ ਕਿ ਮੇਰੀ ਪਾਰਟੀ ਨੇ ਮੇਰੇ ਨਾਲ ਧੋਖਾ ਕੀਤਾ ਹੈ। ਭਾਜਪਾ ਮੇਰੇ ਖ਼ਿਲਾਫ਼ ਸੀ, ਪਰ ਮੇਰੀ ਹੀ ਪਾਰਟੀ ਦੇ ਲੋਕ ਜੋ ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਹਨ, ਆਉਣ ਵਾਲੇ ਸਮੇਂ 'ਚ ਉਨ੍ਹਾਂ ਦਾ ਪਰਦਾਫਾਸ਼ ਕਰਨਗੇ। ਮੈਨੂੰ ਸਿਆਸੀ ਸਾਜ਼ਿਸ਼ ਤਹਿਤ ਫਸਾਇਆ ਜਾ ਰਿਹਾ ਹੈ। ਈਡੀ ਨੂੰ ਮੇਰੇ ਖ਼ਿਲਾਫ਼ ਕੋਈ ਸਬੂਤ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਮੈਂ ਆਪਣੇ ਸੂਬੇ ਦੇ ਲੋਕਾਂ ਲਈ ਦ੍ਰਿੜਤਾ ਨਾਲ ਲੜਿਆ ਹੈ। ਸੱਚ ਦੀ ਜਿੱਤ ਹੋਵੇਗੀ। ਆਉਣ ਵਾਲੇ ਸਮੇਂ ਵਿੱਚ ਹੋਰ ਖੁਲਾਸੇ ਕਰਾਂਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਵਕੀਲ ਨੇ ਦੱਸਿਆ ਕੇ ED ਵਲੋਂ ਕੋਈ ਵੀ ਨਵੇਂ ਤੱਥ ਨਹੀਂ ਪੇਸ਼ ਕੀਤੇ ਗਏ ਜਿਸ 'ਤੇ ਕੋਰਟ ਨੇ ਸੁਖਪਾਲ ਖਹਿਰਾ ਨੂੰ ED ਰਿਮਾਂਡ 'ਤੇ ਨਾ ਭੇਜ ਕੇ ਸਗੋਂ ਨਿਆਇਕ ਹਿਰਾਸਤ ਵਿਚ ਭੇਜਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਗਿਆਰਾਂ ਵਾਰ ਖਹਿਰਾ ਨੂੰ ਬੁਲਾ ਕੇ ਤਕਰੀਬਨ 88 ਘੰਟੇ ਪੁੱਛਗਿੱਛ ਕੀਤੀ ਗਈ ਸੀ ਅਤੇ ਉਸ ਤੋਂ ਬਾਅਦ ਹੁਣ 8 ਦਿਨ ਦੇ ਰਿਮਾਂਡ ਤੋਂ ਬਾਅਦ ਵੀ ED ਵਲੋਂ ਠੋਸ ਤੱਥ ਪੇਸ਼ ਨਹੀਂ ਕੀਤੇ ਗਏ।
sukhpal khehras' advocate
ਉਨ੍ਹਾਂ ਦੱਸਿਆ ਕਿ ਅਸੀਂ ਵੀ ਕੋਰਟ ਨੂੰ ਇਹ ਹੀ ਅਪੀਲ ਕੀਤੀ ਸੀ ਕਿ ED ਵਲੋਂ ਬੇਬੁਨਿਆਦ ਇਸ ਕੇਸ ਨੂੰ ਵਧਾਉਣ ਦਾ ਯਤਨ ਕੀਤਾ ਜਾ ਰਿਹਾ ਹੈ ਤਾਂ ਜੋ ਸੁਖਪਾਲ ਖਹਿਰਾ ਦਾ ਸਿਆਸੀ ਕਿਰਦਾਰ ਮੈਲਾ ਹੋ ਸਕੇ।
ਦੱਸ ਦੇਈਏ ਕਿ ਹੁਣ ਸੁਖਪਾਲ ਖਹਿਰਾ ਨੂੰ ਪਟਿਆਲਾ ਜੇਲ੍ਹ ਵਿਚ ਭੇਜ ਦਿਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹਾਈ ਕੋਰਟ ਵਿਚ ਇੱਕ ਪਟੀਸ਼ਨ ਲਟਕ ਰਹੀ ਹੈ ਜਿਸ 'ਤੇ ਮੰਗਲਵਾਰ ਨੂੰ ਸੁਣਵਾਈ ਹੋਵੇਗੀ ਅਤੇ ਇਹ ਤੈਅ ਹੋਵੇਗਾ ਕਿ ਸੁਖਪਾਲ ਖਹਿਰਾ ਜਲਦੀ ਹੀ ਜੇਲ੍ਹ ਤੋਂ ਬਾਹਰ ਹੋਣਗੇ।
Sukhpal Singh Khaira
ਦੱਸ ਦੇਈਏ ਕਿ ਈਡੀ ਨੇ ਖਹਿਰਾ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਿਰਾਸਤ 'ਚ ਭੇਜ ਦਿਤਾ ਗਿਆ ਹੈ। ਸੁਖਪਾਲ ਖਹਿਰਾ 'ਤੇ ਕਰੀਬ 1 ਲੱਖ ਅਮਰੀਕੀ ਡਾਲਰ ਲਿਆਉਣ ਦਾ ਦੋਸ਼ ਹੈ। ਹਾਲਾਂਕਿ ਉਨ੍ਹਾਂ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਉਹ ਆਮ ਆਦਮੀ ਪਾਰਟੀ 'ਚ ਸਨ ਤਾਂ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਦੇ ਕਹਿਣ 'ਤੇ ਅਮਰੀਕਾ ਗਏ ਸਨ। ਉਥੇ ਜੋ ਵੀ ਫੰਡ ਇਕੱਠਾ ਹੋਇਆ, ਉਹ ਪਾਰਟੀ ਨੂੰ ਦਿਤਾ ਗਿਆ। ਉਨ੍ਹਾਂ ਕਿਹਾ ਕਿ ਇਸ ਦੀ ਜਾਂਚ ਆਮ ਆਦਮੀ ਪਾਰਟੀ ਤੋਂ ਕੀਤੀ ਜਾਣੀ ਚਾਹੀਦੀ।