
ਉਲੰਘਣਾ ਕਰਨ ਵਾਲਿਆਂ ਵਿਰੁੱਧ ਹੋਰ ਤੇਜ਼ੀ ਨਾਲ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼
ਚੰਡੀਗੜ (ਭੁੱਲਰ) : ਪੰਜਾਬ ਟਰਾਂਸਪੋਰਟ ਵਿਭਾਗ ਨੇ ਟੈਕਸਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁਧ ਤੇਜੀ ਨਾਲ ਕਾਰਵਾਈ ਕਰਦਿਆਂ ਮੋਟਰ ਵਾਹਨ ਟੈਕਸ ਚੋਰੀ ਕਰਨ ਦੇ ਦੋਸ਼ ਹੇਠ 125 ਬੱਸ ਪਰਮਿਟ ਰੱਦ ਕਰ ਦਿੱਤੇ ਹਨ, ਜਿਨਾਂ ਵਿੱਚੋਂ 31 ਪਰਮਿਟ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਉਨਾਂ ਦੇ ਪਰਿਵਾਰਕ ਮੈਂਬਰਾਂ ਨਾਲ ਸਬੰਧਤ ਹਨ। ਇਥੇ ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੱਸਿਆ ਕਿ ਇਹ ਕਾਰਵਾਈ ਬਕਾਇਆ ਟੈਕਸਾਂ ਦਾ ਭੁਗਤਾਨ ਨਾ ਕਰਨ ਅਤੇ ਸਿਸਟਮ ਨੂੰ ਧੋਖਾ ਦੇ ਕੇ ਸਰਕਾਰੀ ਖਜ਼ਾਨੇ ਨੂੰ ਢਾਹ ਲਾਉਣ ਵਾਲੇ ਕਸੂਰਵਾਰਾਂ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਠੱਲ ਪਾਉਣ ਦੇ ਮੱਦੇਨਜ਼ਰ ਕੀਤੀ ਗਈ ਹੈ। ਇਹ ਕਾਰਵਾਈ ਮੋਟਰ ਵਹੀਕਲ ਐਕਟ, 1988 ਦੀ ਧਾਰਾ 103 ਵਿੱਚ ਦਰਜ ਉਪਬੰਧਾਂ ਦੀ ਪਾਲਣਾ ਤਹਿਤ ਕੀਤੀ ਗਈ ਹੈ।
sukhbir badal
ਸੂਬੇ ਵਿਚ ਪਾਰਦਰਸ਼ੀ ਅਤੇ ਇੱਕਸਾਰ ਟਰਾਂਸਪੋਰਟ ਪ੍ਰਣਾਲੀ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਵੜਿੰਗ ਨੇ ਸਰਕਾਰੀ ਖਜ਼ਾਨੇ ਨੂੰ ਚੂਨਾ ਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਵਿਰੁੱਧ ਪਹਿਲ ਦੇ ਅਧਾਰ ’ਤੇ ਤੁਰੰਤ ਕਾਰਵਾਈ ਕਰਨ ਲਈ ਕਿਹਾ। ਉਨਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਗਲਤ ਕੰਮਾਂ ਵਿਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।
ਆਰ.ਟੀ.ਏ ਅਥਾਰਟੀ ਬਠਿੰਡਾ ਵਲੋਂ ਟੈਕਸ ਡਿਫਾਲਟਰ ਹੋਣ ਕਾਰਨ ਬਾਦਲਾਂ ਨਾਲ ਸਬੰਧਤ 30 ਇੰਟੈਗ੍ਰਲ ਕੋਚ ਪਰਮਿਟ ਔਰਬਿਟ ਐਵੀਏਸ਼ਨ ਪ੍ਰਾਈਵੇਟ ਲਿਮਟਿਡ ਤੋਂ ਇਲਾਵਾ ਨਿਊ ਫਤਿਹ ਟਰੈਵਲਜ਼ ਦਾ ਇਕ ਪਰਮਿਟ ਵੀ ਰੱਦ ਕਰ ਦਿੱਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਮਨਦੀਪ ਟਰੈਵਲਜ ਦੇ 16 ਹੋਰ ਪਰਮਿਟ ਵੀ ਰੱਦ ਕਰ ਦਿਤੇ ਗਏ ਹਨ। ਨਿਊ ਫਤਿਹ ਬੱਸ ਸਰਵਿਸ ਵਿਰੁੱਧ ਇਸ ਸਾਲ ਜਨਵਰੀ ਤੋਂ ਟੈਕਸ ਦੀ ਦੇਣਦਾਰੀ ਹੈ, ਜਦ ਕਿ ਔਰਬਿਟ ਏਵੀਏਸ਼ਨ ਪ੍ਰਾਈਵੇਟ ਲਿਮਟਿਡ ਖਿਲਾਫ ਮਾਰਚ ਮਹੀਨੇ ਤੋਂ ਅਕਤੂਬਰ, 2021 ਤਕ ਟੈਕਸ ਜਮਾ ਕਰਾਉਣ ਵਿੱਚ ਦੇਰੀ ਕਰਨ ਲਈ ਕਾਰਵਾਈ ਕੀਤੀ ਗਈ ਹੈ।
ਇਸੇ ਤਰਾਂ ਦੀ ਕਾਰਵਾਈ ਕਰਦਿਆਂ, ਆਰ.ਟੀ.ਏ. ਅਥਾਰਟੀ ਫਰੀਦਕੋਟ ਨੇ 2 ਕਰੋੜ 62 ਲੱਖ ਰੁਪਏ ਦੀ ਬਕਾਇਆ ਟੈਕਸ ਰਾਸ਼ੀ ਵਾਲੇ 3 ਇੰਟੈਗ੍ਰਲ ਕੋਚ ਪਰਮਿਟਾਂ ਤੋਂ ਇਲਾਵਾ ਨਿਊ ਦੀਪ ਬੱਸ ਸਰਵਿਸ ਦੇ 73 ਆਮ ਬੱਸ ਪਰਮਿਟ ਰੱਦ ਕਰ ਦਿੱਤੇ ਹਨ। ਬੁਲਾਰੇ ਨੇ ਅੱਗੇ ਦੱਸਿਆ ਕਿ ਮਾਲਵਾ ਬੱਸ ਸੇਵਾ ਦੇ 2 ਆਮ ਬੱਸ ਪਰਮਿਟ ਵੀ ਰੱਦ ਕਰ ਦਿੱਤੇ ਗਏ ਹਨ।
ਵੜਿੰਗ ਵਲੋਂ ਉਲੰਘਣਾ ਕਰਨ ਵਾਲਿਆਂ ਵਿਰੁਧ ਹੋਰ ਤੇਜ਼ੀ ਨਾਲ ਕਾਰਵਾਈ ਕਰਨ ਦੇ ਨਿਰਦੇਸ਼, ਹੁਣ ਤਕ 125 ਪਰਮਿਟ ਕੀਤੇ ਰੱਦ