
Jalandhar Accident News: 3 ਤੋਂ 4 ਵਿਅਕਤੀ ਗੰਭੀਰ ਜ਼ਖ਼ਮੀ
Jalandhar Accident News in punjabi : ਜਲੰਧਰ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੇ ਹੋਟਲ ਰਣਵੀਰ ਕਲਾਸਿਕ ਨੇੜੇ ਸੜਕ ਹਾਦਸੇ 'ਚ 3 ਲੋਕਾਂ ਦੀ ਮੌਤ ਹੋ ਗਈ। ਜਦਕਿ ਤਿੰਨ ਤੋਂ ਚਾਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿੱਚ ਇੱਕ ਬੱਚਾ ਵੀ ਸ਼ਾਮਲ ਹੈ। ਘਟਨਾ ਵਾਲੀ ਥਾਂ 'ਤੇ ਪੁਲਿਸ ਪਾਰਟੀ ਜਾਂਚ ਲਈ ਪਹੁੰਚ ਗਈ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਪੂਰੀ ਕਾਰ ਦੇ ਪਰਖੱਚੇ ਉੱਡ ਗਏ।
ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਾਰ ਦੇ ਸ਼ੀਸ਼ੇ ਕੱਟ ਕੇ ਬਾਹਰ ਕੱਢਿਆ ਗਿਆ। ਪੁਲਿਸ ਥਾਣਾ ਡਿਵੀਜ਼ਨ ਨੰਬਰ 8 ਅਤੇ ਐਸਐਸਐਫ ਦੀ ਟੀਮ ਜਾਂਚ ਲਈ ਘਟਨਾ ਵਾਲੀ ਥਾਂ 'ਤੇ ਪਹੁੰਚ ਗਈ ਸੀ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਦੋ ਕਾਰਾਂ ਅਤੇ ਇੱਕ ਟਰੱਕ ਵਿਚਕਾਰ ਹੋਇਆ। ਦੋਸ਼ੀ ਟਰੱਕ ਡਰਾਈਵਰ ਆਪਣਾ ਟਰੱਕ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਸਾਰੇ ਵਾਹਨ ਅੰਮ੍ਰਿਤਸਰ ਤੋਂ ਆ ਰਹੇ ਸਨ। ਟੱਕਰ ਤੋਂ ਬਾਅਦ ਟਰੱਕ ਦੂਜੀ ਲੇਨ 'ਚ ਪਲਟ ਗਿਆ।
ਹਾਦਸੇ ਤੋਂ ਤੁਰੰਤ ਬਾਅਦ ਮੌਕੇ 'ਤੇ ਮੌਜੂਦ ਰਾਹਗੀਰਾਂ ਨੇ ਕਿਸੇ ਤਰ੍ਹਾਂ ਸਾਰਿਆਂ ਨੂੰ ਕਾਰ 'ਚੋਂ ਬਾਹਰ ਕੱਢ ਕੇ ਹਸਪਤਾਲ ਪਹੁੰਚਾਉਣਾ ਸ਼ੁਰੂ ਕਰ ਦਿੱਤਾ। ਪਰ ਦੋ ਵਿਅਕਤੀਆਂ ਨੂੰ ਕਾਰ ਕੱਟ ਕੇ ਬਾਹਰ ਕੱਢਿਆ ਗਿਆ। ਘਟਨਾ ਵਾਲੀ ਥਾਂ 'ਤੇ ਪਹੁੰਚੇ ਏਐਸਆਈ ਸਤਪਾਲ ਨੇ ਦੱਸਿਆ ਕਿ ਇਕ ਬੱਚੇ ਅਤੇ ਇਕ ਔਰਤ ਨੂੰ ਸੁਰੱਖਿਅਤ ਹਸਪਤਾਲ ਪਹੁੰਚਾਇਆ ਗਿਆ। ਬੱਚੇ ਦੀ ਬਾਂਹ ਟੁੱਟ ਗਈ ਅਤੇ ਔਰਤ ਨੂੰ ਕੁਝ ਸੱਟਾਂ ਲੱਗੀਆਂ ਸਨ। ਪੁਲਿਸ ਮੁਤਾਬਕ ਕਾਰ ਵਿੱਚ ਛੇ ਤੋਂ ਸੱਤ ਲੋਕ ਸਵਾਰ ਸਨ। ਪੁਲਿਸ ਵੱਲੋਂ ਜ਼ਖ਼ਮੀਆਂ ਨੂੰ ਹਾਈਵੇਅ ’ਤੇ ਸਥਿਤ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।