
ਆਮ ਆਦਮੀ ਪਾਰਟੀ ਨੇ ਸੱਤਾਧਾਰੀ ਕਾਂਗਰਸ ਪਾਰਟੀ ਦੁਆਰਾ ਪੰਚਾਇਤੀ ਚੋਣਾਂ ਦੇ ਪਰਚੇ ਭਰਨ ਦੀ ਪ੍ਰਕਿਰਿਆ ਦੌਰਾਨ ਵਿਰੋਧੀ ਪਾਰਟੀਆਂ ਦੇ....
ਚੰਡੀਗੜ (ਸ.ਸ.ਸ) : ਆਮ ਆਦਮੀ ਪਾਰਟੀ ਨੇ ਸੱਤਾਧਾਰੀ ਕਾਂਗਰਸ ਪਾਰਟੀ ਦੁਆਰਾ ਪੰਚਾਇਤੀ ਚੋਣਾਂ ਦੇ ਪਰਚੇ ਭਰਨ ਦੀ ਪ੍ਰਕਿਰਿਆ ਦੌਰਾਨ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨਾਲ ਧੱਕੇਸ਼ਾਹੀ ਉੱਤੇ ਇਤਰਾਜ਼ ਪ੍ਰਗਟ ਕਰਦੇ ਹੋਏ ਚੋਣ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਇਸ ਮੁੱਦੇ ਉੱਤੇ ਧਿਆਨ ਦਿੱਤਾ ਜਾਵੇ।
ਚੰਡੀਗੜ ਤੋਂ ਪਾਰਟੀ ਹੈੱਡਕੁਆਟਰ ਤੋਂ ਜਾਰੀ ਪ੍ਰੈੱਸ ਬਿਆਨ ਵਿਚ ਨੇਤਾ ਵਿਰੋਧੀ ਧਿਰ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਦੇ ਮੰਤਰੀਆਂ ਅਤੇ ਨੇਤਾਵਾਂ ਦੇ ਦਬਾਅ ਕਾਰਨ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਪਰਚੇ ਭਰਨ ਤੋਂ ਰੋਕਿਆ ਜਾ ਰਿਹਾ ਹੈ।
ਉਨਾਂ ਕਿਹਾ ਕਿ ਸਰਕਾਰੀ ਅਧਿਕਾਰੀ ਸੱਤਾਧਾਰੀ ਆਗੂਆਂ ਦੇ ਦਬਾਅ ਕਾਰਨ ਵਿਰੋਧੀ ਧਿਰ ਦੇ ਉਮੀਦਵਾਰਾਂ ਦੇ ਪਰਚਿਆਂ ਵਿਚ ਜਾਣ ਬੁਝ ਕੇ ਤਰੁੱਟੀਆਂ ਕੱਢ ਰਹੇ ਹਨ। ਚੀਮਾ ਨੇ ਕਿਹਾ ਕਿ ਸੂਬੇ ਭਰ ਵਿਚੋਂ ਮਿਲ ਰਹੀਆਂ ਸ਼ਿਕਾਇਤਾਂ ਦੇ ਅਨੁਸਾਰ ਪਰਚੇ ਭਰਨ ਲਈ ਲੋੜੀਂਦੀਆਂ ਸ਼ਰਤਾਂ ਦੇ ਅਧੀਨ ਐਨ.ਓ.ਸੀ ਅਤੇ ਚੁੱਲਾ ਟੈਕਸ ਭਰਨ ਵਿਚ ਮੁਸਕਿਲਾਂ ਆ ਰਹੀਆਂ ਹਨ। ਉਨਾਂ ਮੰਗ ਕੀਤੀ ਕਿ ਸਰਕਾਰ ਉਕਤ ਸ਼ਿਕਾਇਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਪਰਚੇ ਭਰਨ ਦੀ ਤਾਰੀਖ਼ ਵਿਚ ਵਾਧਾ ਕਰੇ ਤਾਂ ਜੋ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਵੀ ਪਰਚੇ ਭਰ ਸਕਣ। ਉਨਾਂ ਚੋਣ ਕਮਿਸ਼ਨ ਤੋਂ ਮੰਗ ਕੀਤੀ ਕਿ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦੇ ਕੇ ਉਨਾਂ ਨੂੰ ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਬਰਾਬਰ ਮੌਕਾ ਦੇਣ ਬਾਰੇ ਹੁਕਮ ਜਾਰੀ ਕਰੇ।