
ਪੰਜਾਬ ਦੇ ਹਾਲਾਤ ਖ਼ਰਾਬ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼- ਹਰਜੀਤ ਗਰੇਵਾਲ
ਅੰਮ੍ਰਿਤਸਰ (ਚਰਨਜੀਤ ਸਿੰਘ ਸੁਰਖ਼ਾਬ): ਅੱਜ ਸ਼ਾਮੀਂ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ ਵਿਅਕਤੀ ਵਲੋਂ ਪ੍ਰਕਾਸ਼ ਅਸਥਾਨ ਵਾਲਾ ਜੰਗਲਾ ਟੱਪ ਕੇ ਅੰਦਰ ਦਾਖ਼ਲ ਹੋ ਕੇ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ। ਇਸ ਮੰਦਭਾਗੀ ਘਟਨਾ ਤੋਂ ਬਾਅਦ ਸਿੱਖ ਭਾਈਚਾਰੇ ਵਿਚ ਕਾਫੀ ਰੋਸ ਪਾਇਆ ਜਾ ਰਿਹਾ ਹੈ।
Darbar Sahib
ਇਸ ਸਬੰਧੀ ਗੱਲ ਕਰਦਿਆਂ ਭਾਜਪਾ ਆਗੂ ਹਰਜੀਤ ਗਰੇਵਾਲ ਨੇ ਕਿਹਾ ਕਿ ਇਹ ਬਹੁਤ ਮਾੜੀ ਘਟਨਾ ਹੈ ਅਤੇ ਅਜਿਹੀਆਂ ਘਟਨਾਵਾਂ ਨਾਲ ਪੰਜਾਬ ਦੇ ਹਾਲਾਤ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਇਹ ਬਹੁਤ ਗੰਭੀਰ ਮਸਲਾ ਹੈ ਅਤੇ ਇਸ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ। ਹਰਜੀਤ ਗਰੇਵਾਲ ਨੇ ਕਿਹਾ ਕਿ ਬੇਅਦਬੀ ਕਰਨ ਵਾਲੇ ਮੁਲਜ਼ਮ ਦੇ ਪਿਛੋਕੜ ਸਬੰਧੀ ਗੰਭੀਰਤਾ ਨਾਲ ਜਾਂਚ ਕੀਤੀ ਜਾਣੀ ਚਾਹੀਦੀ ਹੈ।
Harjeet Grewal
ਉਹਨਾਂ ਕਿਹਾ ਕਿ ਕਾਨੂੰਨ ਅਤੇ ਵਿਵਸਥਾ ਨੂੰ ਯਕੀਨੀ ਬਣਾਉਣਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹੁੰਦੀ ਹੈ। ਪੰਜਾਬ ਸਰਕਾਰ ਨੂੰ ਬੇਅਦਬੀ ਦੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸਿਆਸਤ ਤੋਂ ਉੱਪਰ ਉੱਠ ਕੇ ਇਹਨਾਂ ਮਸਲਿਆਂ ਵੱਲ ਧਿਆਨ ਦੇਣਾ ਚਾਹੀਦਾ ਹੈ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣੀ ਚਾਹੀਦੀ ਹੈ।