
ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਜਾਂਤ ਕੀਤੀ ਸ਼ੁਰੂ
ਚੰਡੀਗੜ੍ਹ: ਚੰਡੀਗੜ੍ਹ ਦੇ ਸਾਰੰਗਪੁਰ ਵਿੱਚ ਬੋਟੈਨੀਕਲ ਗਾਰਡਨ ਦੇ ਸਾਹਮਣੇ ਜੰਗਲੀ ਖੇਤਰ ਵਿੱਚ ਸ਼ਨੀਵਾਰ ਸ਼ਾਮ ਨੂੰ ਇੱਕ ਲੜਕੇ ਅਤੇ ਇੱਕ ਲੜਕੀ ਦੀਆਂ ਲਾਸ਼ਾਂ ਇੱਕ ਦਰੱਖਤ ਨਾਲ ਲਟਕਦੀਆਂ ਮਿਲੀਆਂ। ਕਿਸੇ ਰਾਹਗੀਰ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ। ਮੌਕੇ 'ਤੇ ਪਹੁੰਚੀ ਪੁਲਿਸ ਨੇ ਦੋਵਾਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ। ਇਸ ਦੇ ਨਾਲ ਹੀ ਮੋਬਾਈਲ ਫੋਰੈਂਸਿਕ ਟੀਮ ਨੇ ਵੀ ਮੌਕੇ ਤੋਂ ਸੈਂਪਲ ਲਏ। ਦੋਵੇਂ ਮ੍ਰਿਤਕਾਂ ਦੀ ਪਛਾਣ ਕਰ ਲਈ ਗਈ ਹੈ। ਦੋਵੇਂ ਸਾਰੰਗਪੁਰ ਦੇ ਰਹਿਣ ਵਾਲੇ ਹਨ।
ਦੋਵਾਂ ਮ੍ਰਿਤਕਾਂ ਦੇ ਵਾਰਸਾਂ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਦੀ ਸ਼ਨਾਖਤ ਕੀਤੀ। ਮੌਕੇ ’ਤੇ ਪੁੱਜੇ ਡੀਐਸਪੀ ਗੁਰਮੁੱਖ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਬੋਟੈਨੀਕਲ ਗਾਰਡਨ ਨੇੜੇ ਇੱਕ ਲੜਕੇ ਅਤੇ ਲੜਕੀ ਦੀਆਂ ਲਾਸ਼ਾਂ ਇੱਕ ਦਰੱਖਤ ਨਾਲ ਲਟਕਦੀਆਂ ਮਿਲੀਆਂ ਹਨ। ਘਟਨਾ ਦੀ ਵੀਡੀਓਗ੍ਰਾਫੀ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਦੋਵੇਂ ਮ੍ਰਿਤਕ ਸਾਰੰਗਪੁਰ ਦੇ ਰਹਿਣ ਵਾਲੇ ਹਨ। ਪੁਲਿਸ ਮਾਮਲੇ ਦੀ ਕਾਰਵਾਈ ਵਿੱਚ ਜੁਟੀ ਹੋਈ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਖਿਲਾਫ ਲੜਕੀ ਨੂੰ ਅਗਵਾ ਕਰਨ ਦਾ ਮਾਮਲਾ ਵੀ ਦਰਜ ਹੈ।
ਪੁਲਿਸ ਨੇ ਦੱਸਿਆ ਕਿ ਮੌਕੇ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਪੁਲਿਸ ਮ੍ਰਿਤਕ ਦੇ ਵਾਰਸਾਂ ਦੇ ਬਿਆਨ ਦਰਜ ਕਰਨ ਵਿੱਚ ਲੱਗੀ ਹੋਈ ਹੈ। ਡੀਐਸਪੀ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਉਮਰ 24 ਤੋਂ 25 ਸਾਲ ਜਾਪਦੀ ਹੈ। ਜਦੋਂਕਿ ਮ੍ਰਿਤਕ ਲੜਕੀ ਦੀ ਉਮਰ ਘੱਟ ਹੈ। ਮ੍ਰਿਤਕ ਦੇ ਪਰਿਵਾਰ ਦੇ ਇੱਕ ਜਾਣਕਾਰ ਨੌਜਵਾਨ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੋ ਦਿਨ ਪਹਿਲਾਂ ਹੀ ਮ੍ਰਿਤਕ ਦੇ ਨਾਲ ਫ਼ਰਾਰ ਹੋ ਗਿਆ ਸੀ। ਮ੍ਰਿਤਕ ਪ੍ਰਾਈਵੇਟ ਨੌਕਰੀ ਕਰਦਾ ਸੀ। ਇਸ ਦੇ ਨਾਲ ਹੀ ਮ੍ਰਿਤਕ ਨੌਜਵਾਨ ਸ਼ਾਦੀਸ਼ੁਦਾ ਦੱਸਿਆ ਜਾਂਦਾ ਹੈ ਅਤੇ ਉਸ ਦਾ ਇੱਕ ਬੱਚਾ ਵੀ ਹੈ।