
11 ਸਾਲ ਪੁਰਾਣੇ ਕੇਸ ਵਿਚ ਮੈਨੂੰ ਪੁੱਛ-ਗਿੱਛ ਲਈ ਸੱਦ ਕੇ ਮੁੱਖ ਮੰਤਰੀ ਸਿਆਸੀ ਬਦਲਾਖੋਰੀ ’ਤੇ ਉਤਰੇ- ਬਿਕਰਮ ਮਜੀਠੀਆ
ਪਟਿਆਲਾ - ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਮੁੱਖ ਮੰਤਰੀ 11 ਸਾਲ ਪੁਰਾਣੇ ਕੇਸ ਵਿਚ ਉਹਨਾਂ ਨੂੰ ਪੁਲਿਸ ਪੁੱਛ-ਗਿੱਛ ਲਈ ਤਲਬ ਕਰ ਕੇ ਸਿਆਸੀ ਬਦਲਾਖੋਰੀ ’ਤੇ ਉਤਰ ਆਏ ਹਨ ਜਦੋਂ ਕਿ ਦੋ ਸਾਲਾਂ ਵਿਚ ਸਰਕਾਰ ਕੇਸ ਵਿਚ ਅਦਾਲਤ ਵਿਚ ਚਲਾਨ ਵੀ ਪੇਸ਼ ਨਹੀਂ ਕਰ ਸਕੀ। ਅਕਾਲੀ ਦਲ ਦੇ ਆਗੂ ਜੋ ਕੇਸ ਵਿਚ ਬਣੀ ਐਸ ਆਈ ਟੀ ਵੱਲੋਂ ਭੇਜੇ ਸੰਮਨਾਂ ਦੇ ਜਵਾਬ ਦੇਣ ਲਈ ਇੱਥੇ ਆਏ ਸਨ।
ਉਹਨਾਂ ਨੇ ਕਿਹਾ ਕਿ ਜਦੋਂ 9 ਦਸੰਬਰ ਨੂੰ ਉਹਨਾਂ ਭਗਵੰਤ ਮਾਨ ਵੱਲੋਂ ਆਪਣੀ ਧੀ ਨੂੰ ਛੱਡਣ ’ਤੇ ਉਹਨਾਂ ਵੱਲੋਂ ਧੀ ਦੇ ਹੱਕ ਵਿਚ ਬਿਆਨ ਦਿੱਤੇ ਗਏ ਤਾਂ 11 ਦਸੰਬਰ ਨੂੰ ਦੋ ਦਿਨਾਂ ਬਾਅਦ ਹੀ ਉਹਨਾਂ ਨੂੰ ਤਲਬ ਕਰਨ ਦੇ ਹੁਕਮ ਮੁੱਖ ਮੰਤਰੀ ਨੇ ਜਾਰੀ ਕਰ ਦਿੱਤੇ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਉਹ ਕਾਨੂੰਨ ਨੂੰ ਮੰਨਣ ਵਾਲੇ ਵਿਅਕਤੀ ਹਨ
ਇਸ ਲਈ ਉਹਨਾਂ ਐਸ ਆਈ ਟੀ ਅੱਗੇ ਪੇਸ਼ ਹੋਣ ਦਾ ਫ਼ੈਸਲਾ ਲਿਆ ਹਾਲਾਂਕਿ ਉਹ ਜਾਣਦੇ ਹਨ ਕਿ ਏਡੀਜੀਪੀ ਐਮਐਸ ਛੀਨਾ ਜਿਹਨਾਂ ’ਤੇ ਰਾਜ ਸਰਕਾਰ ਨੇ ਬਹੁਤ ਦਬਾਅ ਬਣਾਇਆ ਹੋਇਆ ਹੈ, ਉਹਨਾਂ ਦੇ ਖਿਲਾਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿਚ ਕੁਤਾਹੀ ਦੇ ਮਾਮਲੇ ਵਿਚ ਕਾਰਵਾਈ ਦੀ ਸਿਫਾਰਸ਼ ਜਸਟਿਸ ਇੰਦੂ ਮਲਤਹੋਰਾ ਦੀ ਅਗਵਾਈ ਵਾਲੀ ਕਮੇਟੀ ਨੇ ਕੀਤੀ ਹੋਈ ਹੈ।
ਉਹਨਾਂ ਕਿਹਾ ਕਿ ਮੈਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਾਂਗੂ ਭੱਜਣ ਵਾਲਾ ਨਹੀਂ ਹਾਂ। ਕੇਜਰੀਵਾਲ ਤਾਂ ਇਨਫੋਰਸਮੈਂਟ ਵੱਲੋਂ ਤਲਬ ਕੀਤੇ ਜਾਣ ਮਗਰੋਂ ਭਗਵੰਤ ਮਾਨ ਦੇ ਨਾਲ ਪੰਜਾਬ ਸਰਕਾਰ ਦੇ ਹਵਾਈ ਜਹਾਜ਼ ਵਿਚ ਫਰਾਰ ਹੋ ਗਏ। ਮਜੀਠੀਆ ਨੇ ਕਿਹਾ ਕਿ ਉਹ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਤੋਂ ਪ੍ਰੇਰਿਤ ਹਨ ਜਿਹਨਾਂ ਦਾ ਸ਼ਹੀਦੀ ਸਪਤਾਹ ਪੰਜਾਬ ਭਰ ਵਿਚ ਮਨਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਉਹ ਇਸ ਤਾਨਾਸ਼ਾਹ ਸਰਕਾਰ ਦੇ ਖਿਲਾਫ਼ ਲੜਨ ਵਾਸਤੇ ਗੁਰੂ ਕੇ ਸਿੱਖ ਵਜੋਂ ਦ੍ਰਿੜ੍ਹ ਸੰਕਲਪ ਹਨ
ਕਿਉਂਕਿ ਜਿਹੜਾ ਵੀ ਇਸ ਸਰਕਾਰ ਦੇ ਖਿਲਾਫ਼ ਬੋਲਦਾ ਹੈ ਉਸ ਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ ਤੇ ਇਸੇ ਤਰੀਕੇ ਪ੍ਰੈਸ ਦੀ ਆਜ਼ਾਦੀ ਦਾ ਗਲਾ ਘੁਟਿਆ ਜਾ ਰਿਹਾ ਹੈ। ਮਜੀਠੀਆ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਏਡੀਜੀਪੀ ਛੀਨਾ ਦੀ ਵਰਤੋਂ ਨਾ ਕਰਨ ਕਿਉਂਕਿ ਉਹਨਾਂ ਨੇ 31 ਦਸੰਬਰ ਨੂੰ ਸੇਵਾ ਮੁਕਤ ਹੋ ਜਾਣਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਆਪ ਐਸਆਈਟੀ ਦੇ ਮੁਖੀ ਦਾ ਰੋਲ ਸੰਭਾਲਣਾ ਚਾਹੀਦਾ ਹੈ ਤੇ ਅਗਲੀ ਮੀਟਿੰਗ ਆਪਣੀ ਸਰਕਾਰੀ ਰਿਹਾਇਸ਼ ’ਤੇ ਰੱਖਣੀ ਚਾਹੀਦੀ ਹੈ ਤਾਂ ਜੋ ਸਾਰੇ ਸ਼ਹਿਰ ਨੂੰ ਛਾਉਣੀ ਵਿਚ ਬਦਲਣ ਜਿਵੇਂ ਕਿ ਅੱਜ ਕੀਤਾ ਗਿਆ, ਨਾਲ ਆਮ ਲੋਕਾਂ ਨੂੰ ਹੁੰਦੀ ਖਜੱਲ ਖੁਆਰੀ ਤੋਂ ਬਚਿਆ ਜਾ ਸਕੇ।
ਮਜੀਠੀਆ ਨੇ ਕਿਹਾ ਕਿ ਰਾਜ ਸਰਕਾਰ ਕੋਲ ਜੇਕਰ ਕੋਈ ਸਬੂਤ ਹੈ ਤਾਂ ਉਹ ਸਬੂਤ ਅਦਾਲਤ ਵਿਚ ਪੇਸ਼ ਕਰੇ ਨਾ ਕਿ ਵਾਰ-ਵਾਰ ਉਹਨਾਂ ਨੂੰ ਤਲਬ ਕਰਨ ਦਾ ਡਰਾਮਾ ਕਰੇ। ਉਹਨਾਂ ਕਿਹਾ ਕਿ ਸਾਰਾ ਕੇਸ ਸਿਆਸਤ ਤੋਂ ਪ੍ਰੇਰਿਤ ਹੈ ਤੇ ਇਸ ਦੀ ਜਾਂਚ ਲਈ ਐਸਆਈਟੀ ਗਠਿਤ ਕਰਨਾ ਨਿੰਦਣਯੋਗ ਹੈ।
ਉਹਨਾਂ ਨੇ ਜ਼ੋਰ ਦੇ ਕੇ ਕਿਹਾ ਕਿ ਪੁਲਿਸ ਅਫ਼ਸਰ ਸਾਬਕਾ ਡੀਜੀਪੀ ਐਸ ਚਟੋਪਾਧਿਆਏ ਜਿਸ ਨੇ ਉਹਨਾਂ ਖਿਲਾਫ਼ ਦੋ ਸਾਲ ਪਹਿਲਾਂ ਕੇਸ ਦਰਜ ਕੀਤਾ ਸੀ, ਦੇ ਖਿਲਾਫ਼ ਵੀ ਸੁਪਰੀਮ ਕੋਰਟ ਦੀ ਕਮੇਟੀ ਨੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿਚ ਹੋਈ ਕੁਤਾਹੀ ਦੀ ਸਿਫਾਰਸ਼ ਕੀਤੀ ਹੈ, ਜਿਸ ਤੋਂ ਉਸ ਦੇ ਵਤੀਰੇ ਦਾ ਸਹਿਜੇਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ।
ਪੰਜਾਬ ਵਿਚ ਮੌਜੂਦਾ ਦੌਰ ਵਿਚ ਨਸ਼ਿਆਂ ਦੇ ਵਗ ਰਹੇ ਦਰਿਆ ਦੀ ਗੱਲ ਕਰਦਿਆਂ ਅਕਾਲੀ ਆਗੂ ਨੇ ਕਿਹਾ ਕਿ ਹਾਈ ਕੋਰਟ, ਬੀ ਐਸ ਐਫ ਅਤੇ ਇਸ ਦੇ ਨਾਲ ਹੀ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੱਸ ਚੁੱਕੇ ਹਨ ਕਿ ਕਿਵੇਂ ਨਸ਼ਾ ਪੰਜਾਬ ਲਈ ਖ਼ਤਰਨਾਕ ਬਣ ਚੁੱਕਾ ਹੈ ਤੇ ਨਸ਼ੇ ਦੀ ਓਵਰਡੋਜ਼ ਨਾਲ ਰੋਜ਼ ਮੌਤਾਂ ਹੋ ਰਹੀਆਂ ਹਨ ਪਰ ਇਸਨੂੰ ਨਕੇਲ ਪਾਉਣ ਦੀ ਥਾਂ ਆਪ ਸਰਕਾਰ ਤੇ ਮੁੱਖ ਮੰਤਰੀ ਇਸ ਮੁੱਦੇ ਦਾ ਸਿਆਸੀਕਰਨ ਕਰਨ ਵਿਚ ਲੱਗੇ ਹਨ।
ਜ਼ਿਕਰਯੋਗ ਹੈ ਕਿ ਬਿਕਰਮ ਮਜੀਠੀਆ ਤੋਂ ਅੱਜ 7 ਘੰਟੇ ਪੁੱਛਗਿੱਛ ਕੀਤੀ ਗਈ ਤੇ ਸ਼ਾਮ ਨੂੰ ਬਾਹਰ ਆਏ, ਬਾਹਰ ਆ ਕੇ ਉਹਨਾਂ ਨੇ ਮੀਡੀਆ ਨੂੰ ਸੰਬੋਧਨ ਕੀਤਾ ਤੇ ਕਿਹਾ ਕਿ ਮੁੱਖ ਮੰਤਰੀ ਸਿਆਸੀ ਬਦਲਾਖੋਰੀ ਕਰ ਰਹੇ ਹਨ।