
ਵਿਧਾਇਕਾਂ ਦੀ ਅਗਵਾਈ ’ਚ ਪਾਰਟੀ ਵਲੰਟੀਅਰ ਟਰੈਕਟਰ ਲੈ ਕੇ ਪਰੇਡ ’ਚ ਹੋਣਗੇ ਸ਼ਾਮਲ : ਭਗਵੰਤ ਮਾਨ
ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਕਿਸਾਨਾਂ ਵੱਲੋਂ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਦਿੱਲੀ ’ਚ ਕੀਤੀ ਜਾ ਰਹੀ ਟਰੈਕਟਰ ਪਰੇਡ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਦੇ ਵਲੰਟੀਅਰ ਹਰ ਪਿੰਡ ਵਿੱਚੋਂ ਟਰੈਕਟਰ ਲੈ ਕੇ ਇਸ ਪਰੇਡ ਵਿੱਚ ਸ਼ਾਮਲ ਹੋਣਗੇ। ਉਹਨਾਂ ਕਿਹਾ ਕਿ ਟਰੈਕਟਰ ਪਰੇਡ ਵਿੱਚ ਸ਼ਾਮਲ ਹੋਣ ਵਾਲੇ ਜਥੇ ਦੀ ਅਗਵਾਈ ਪਾਰਟੀ ਦੇ ਵਿਧਾਇਕਾਂ ਵੱਲੋਂ ਕੀਤੀ ਜਾਵੇਗੀ।
Tractor Rally
ਉਹਨਾਂ ਕਿਹਾ ਕਿ ਇਸ ਅੰਦੋਲਨ ਵਿੱਚ ਆਮ ਆਦਮੀ ਪਾਰਟੀ ਕਿਸੇ ਰਾਜਨੀਤਿਕ ਧਿਰ ਵਜੋਂ ਨਹੀਂ, ਸਗੋਂ ਪਾਰਟੀ ਦੇ ਵਾਲੰਟੀਅਰ ਇਕ ਕਿਸਾਨ, ਕਿਰਤੀ ਹੋਣ ਦੇ ਨਾਤੇ ਇਸ ’ਚ ਸ਼ਾਮਲ ਹੋਣਗੇ। ਉਹਨਾਂ ਕਿਹਾ ਕਿ ‘ਆਪ’ ਇਕ ਆਮ ਵਿਅਕਤੀਆਂ ਦੀ ਪਾਰਟੀ ਹੈ, ਜੋ ਜ਼ਿਆਦਾਤਰ ਕਿਸਾਨ ਤੇ ਕਿਰਤੀ ਹਨ। ਉਹਨਾਂ ਕਿਹਾ ਕਿ ਅੱਜ ਕਿਸਾਨਾਂ ਵੱਲੋਂ ਆਪਣੀ ਹੋਂਦ ਨੂੰ ਬਚਾਉਣ ਲਈ ਲੜਿਆ ਜਾ ਰਿਹਾ ਸ਼ਾਂਤਮਈ ਅੰਦੋਲਨ ਵਿਸ਼ਵ ਦਾ ਸਭ ਤੋਂ ਵੱਡਾ ਅੰਦੋਲਨ ਬਣ ਚੁੱਕਿਆ ਹੈ, ਜਿਸ ’ਚ ਐਨੀ ਵੱਡੀ ਗਿਣਤੀ ਲੋਕ ਸ਼ਾਮਲ ਹੋਣ ਅਤੇ ਇਕ ਯੋਜਨਾਬੱਧ ਤਰੀਕੇ ਨਾਲ ਸ਼ਾਂਤਮਈ ਹੁੰਦਾ ਲੰਬਾ ਚੱਲਿਆ ਹੋਵੇ।
Bhagwant Mann
ਉਹਨਾਂ ਕਿਹਾ ਕਿ ਇਹ ਲੜਾਈ ਸਿਰਫ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਨਹੀਂ ਹੈ, ਸਗੋਂ ਦੇਸ਼ ਦੇ ਸੰਵਿਧਾਨ ਨੂੰ ਬਚਾਉਣ ਦੀ ਵੀ ਲੜਾਈ ਹੈ। ਉਹਨਾਂ ਕਿਹਾ ਕਿ ਸ਼ਾਂਤਮਈ ਢੰਗ ਨਾਲ ਟਰੈਕਟਰ ਮਾਰਚ ਕੱਢਣ ਦਾ ਕਿਸਾਨਾਂ ਦਾ ਸੰਵਿਧਾਨਕ ਹੱਕ ਹੈ, ਜਿਸ ਨੂੰ ਸਰਕਾਰ ਖੋਹਣ ਦਾ ਯਤਨ ਕਰ ਰਹੀ ਹੈ। ਉਹਨਾਂ ਕਿਹਾ ਕਿ ਜਿਸ ਤਰਾਂ ਕੇਂਦਰ ਦੀ ਮੋਦੀ ਸਰਕਾਰ ਪਿਛਲੇ ਲੰਬੇ ਸਮੇਂ ਤੋਂ ਸੰਵਿਧਾਨਕ ਹੱਕਾਂ ਉੱਤੇ ਡਾਕੇ ਮਾਰਦੀ ਹੋਈ ਸੰਵਿਧਾਨ ਦੇ ਵਿਰੁੱਧ ਕੰਮ ਕਰ ਰਹੀ ਹੈ, ਉਹ ਦੇਸ਼ ਦੇ ਲਈ ਬਹੁਤ ਖਤਰਨਾਕ ਹੈ।
Pm Modi
ਉਹਨਾਂ ਕਿਹਾ ਕਿ ਆਪਣੀ ਹਿਟਲਰਸ਼ਾਹੀ ਉੱਤੇ ਹੀ ਚਲਦਿਆਂ ਮੋਦੀ ਸਰਕਾਰ ਕਿਸਾਨਾਂ ਦੇ ਅੰਦੋਲਨ ਨੂੰ ਕੁਚਲਣ ਲਈ ਤਰਾਂ ਤਰਾਂ ਦੀਆਂ ਚਾਲਾਂ ਚੱਲ ਰਹੀ ਹੈ। ਉਹਨਾਂ ਕਿਹਾ ਕਿ ਮੋਦੀ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਦੇਸ਼ ਦੀ ਜਨਤਕ ਸਪੰਤੀ ਪਹਿਲਾਂ ਕਾਰਪੋਰੇਟ ਘਰਾਣਿਆਂ ਨੂੰ ਵੇਚ ਦਿੱਤੀ, ਹੁਣ ਲੋਕਾਂ ਦੀਆਂ ਜ਼ਮੀਨਾਂ ਖੋਹਣ ਦੇ ਲਈ ਕਾਲੇ ਕਾਨੂੰਨ ਲਿਆ ਕੇ ਮੁੱਠੀ ਭਰ ਲੋਕਾਂ ਦੇ ਗੁਲਾਮ ਬਣਾਉਣ ਦੀਆਂ ਚਾਲਾਂ ਚੱਲ ਰਹੇ ਹਨ। ਉਹਨਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਲੋਕਤੰਤਰਿਕ ਢੰਗ ਨਾਲ ਚੁਣੀ ਗਈ ਸਰਕਾਰ ਲੋਕਾਂ ਦੀ ਗੱਲ ਸੁਣਨ ਦੀ ਬਜਾਏ ਅਡਾਨੀ-ਅੰਬਾਨੀ ਦੇ ਲਈ ਕੰਮ ਕਰ ਰਹੀ ਹੈ।
Kisan Tractor Parade
ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਕੇਂਦਰ ਸਰਕਾਰ ਵੱਲੋਂ ਖੇਤੀ ਬਾਰੇ ਲਿਆਂਦੇ ਗਏ ਕਾਲੇ ਕਾਨੂੰਨਾਂ ਦਾ ਪਹਿਲੇ ਦਿਨ ਤੋਂ ਵਿਰੋਧ ਕਰਦੀ ਆ ਰਹੀ ਹੈ। ਉਹਨਾਂ ਕਿਹਾ ਕਿ ਰਾਜਨੀਤੀ ਪਾਰਟੀ ਤੋਂ ਉਪਰ ਉਠਕੇ ਦੇਸ਼ ਦੇ ਅੰਨਦਾਤਾ ਦੇ ਸੰਘਰਸ਼ ਵਿੱਚ ਸਮਰਥਨ ਕਰਨਾ ਸਾਡਾ ਮੁੱਢਲਾ ਫਰਜ ਬਣਦਾ ਹੈ, ਜਿਸ ਨੂੰ ਅਸੀਂ ਨਿਭਾਉਣ ਦੇ ਲਈ ਹਰ ਸੰਭਵ ਯਤਨ ਕਰਦੇ ਹੋਏ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਡਟੇ ਹੋਏ ਹਾਂ। ਉਹਨਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅੜੀਅਲ ਰਵੱਈਆ ਛੱਡਕੇ ਤੁਰੰਤ ਕਿਸਾਨਾਂ ਦੀ ਮੰਗ ਮੰਨਦੇ ਹੋਏ ਤਿੰਨੇ ਕਾਲੇ ਕਾਨੂੰਨਾਂ ਨੂੰ ਤੁਰੰਤ ਰੱਦ ਕਰੇ।