ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਲਈ ਪੰਜਾਬ ਵਿਧਾਨ ਸਭਾ 'ਚ ਮਤਾ ਲਿਆਏਗੀ ਸਰਕਾਰ

By : GAGANDEEP

Published : Jan 19, 2023, 8:06 pm IST
Updated : Jan 19, 2023, 9:01 pm IST
SHARE ARTICLE
CM  Bhagwant Mann
CM Bhagwant Mann

ਮਨਪ੍ਰੀਤ ਬਾਦਲ ਕਾਂਗਰਸ ਵਾਂਗ ਭਾਜਪਾ ਦਾ ਵੀ ਖਜ਼ਾਨਾ ਖਾਲੀ ਕਰ ਦੇਵੇਗਾ

 

ਠੀਕਰੀਵਾਲਾ: ਮੁੱਖ ਮੰਤਰੀ ਭਗਵੰਤ ਮਾਨ ਨੇ ਪਰਜਾ ਮੰਡਲ ਲਹਿਰ ਦੇ ਮਹਾਨ ਆਗੂ ਬਾਬਾ ਸੇਵਾ ਸਿੰਘ ਠੀਕਰੀਵਾਲਾ ਦੇ ਜੱਦੀ ਪਿੰਡ ਠੀਕਰੀਵਾਲ ਵਿਖੇ ਲੜਕੀਆਂ ਦੇ ਸਕੂਲ ਨੂੰ ਨਰਸਿੰਗ ਕਾਲਜ ਵਿੱਚ ਤਬਦੀਲ ਕਰਨ ਦਾ ਐਲਾਨ ਕੀਤਾ। ਮੁੱਖ ਮੰਤਰੀ ਜੋ ਅੱਜ ਬਾਬਾ ਸੇਵਾ ਸਿੰਘ ਠੀਕਰੀਵਾਲ ਦੀ 89ਵੀਂ ਬਰਸੀ ਮੌਕੇ ਕਰਵਾਏ ਸਮਾਗਮ ਵਿੱਚ ਸ਼ਿਰਕਤ ਕਰਨ ਆਏ ਸਨ, ਨੇ ਕਿਹਾ ਕਿ ਇਹ ਸੰਸਥਾ ਮਹਾਨ ਸ਼ਹੀਦ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ, ਜਿਨ੍ਹਾਂ ਨੇ ਮਾਤ ਭੂਮੀ ਦੀ ਰਾਖੀ ਖਾਤਰ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਕਿਹਾ ਕਿ ਇਸ ਨਾਲ ਇਲਾਕੇ ਦੀਆਂ ਲੜਕੀਆਂ ਇਸ ਸੰਸਥਾ ਵਿੱਚ ਪੜ੍ਹ ਕੇ ਮੈਡੀਕਲ ਸਿੱਖਿਆ ਦੇ ਖੇਤਰ ਵਿੱਚ ਮੱਲਾਂ ਮਾਰਨਗੀਆਂ। ਭਗਵੰਤ ਮਾਨ ਨੇ ਕਿਹਾ ਕਿ ਇਹ ਨਰਸਿੰਗ ਕਾਲਜ ਜਿੱਥੇ ਇਲਾਕੇ ਦੀਆਂ ਲੜਕੀਆਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ, ਉੱਥੇ ਹੀ ਬੇਮਿਸਾਲ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ ਹੋਵੇਗੀ।

ਮੁੱਖ ਮੰਤਰੀ ਨੇ ਲੋਕਾਂ ਨੂੰ ਬਾਬਾ ਸੇਵਾ ਸਿੰਘ ਠੀਕਰੀਵਾਲ ਵੱਲੋਂ ਆਪਣੇ ਜੀਵਨ ਵਿੱਚ ਜਨਤਕ ਸੇਵਾ ਦੇ ਸਥਾਪਤ ਕੀਤੇ ਉੱਚੇ ਆਦਰਸ਼ਾਂ ’ਤੇ ਚੱਲਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਬਾਬਾ ਸੇਵਾ ਸਿੰਘ ਠੀਕਰੀਵਾਲ ਨੇ ਕੁਲੀਨ ਵਰਗ ਦੇ ਵਿਰੁੱਧ ਲੜਾਈ ਲੜੀ ਅਤੇ ਦੇਸ਼ ਨੂੰ ਆਜ਼ਾਦੀ ਦੇ ਰਾਹ ਵੱਲ ਤੋਰਿਆ।ਭਗਵੰਤ ਮਾਨ ਨੇ ਲੋਕਾਂ ਨੂੰ ਇਸ ਮਹਾਨ ਸ਼ਹੀਦ ਦੇ ਨਕਸ਼ੇ-ਕਦਮਾਂ 'ਤੇ ਚੱਲਦਿਆਂ ਕੁਨਬਾਪ੍ਰਸਤੀ ਦੇ ਰੂਪ ਵਿਚ ਨਵੇਂ ਪਨਪੇ ਸਾਮਰਾਜਵਾਦ ਵਿਰੁੱਧ ਲੜਾਈ ਲੜਨ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਬਹੁਮੁੱਲੇ ਪਾਣੀ ਨੂੰ ਬਚਾਉਣ ਖਾਤਰ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਪਾਣੀ ਦਾ ਪੱਧਰ ਤੇਜ਼ੀ ਨਾਲ ਘਟ ਰਿਹਾ ਹੈ, ਇਸ ਲਈ ਸੂਬਾ ਸਰਕਾਰ ਪਾਣੀ ਦੇ ਪੱਧਰ ਨੂੰ ਰੀਚਾਰਜ ਕਰਨ ਲਈ ਵਿਸ਼ਵ ਪ੍ਰਸਿੱਧ ਮਾਹਿਰਾਂ ਦੀ ਸਲਾਹ ਲੈ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਛੇਤੀ ਹੀ ਬਰਨਾਲਾ ਜ਼ਿਲ੍ਹੇ ਵਿੱਚ ਪਾਣੀ ਦਾ ਪੱਧਰ ਉਚਾ ਚੁੱਕਣ ਲਈ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਬਦਲਵੀਆਂ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਲਾਹੇਵੰਦ ਭਾਅ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਝੋਨੇ ਦੀ ਖਰੀਦ ਵਾਂਗ ਬਦਲਵੀਆਂ ਫਸਲਾਂ ਦੀ ਖਰੀਦ ਵਿੱਚ ਵੀ ਘੱਟੋ-ਘੱਟ ਸਮਰਥਨ ਮੁੱਲ ਯਕੀਨੀ ਬਣਾਇਆ ਜਾਵੇਗਾ। ਸੂਬੇ ਦਾ ਖਜ਼ਾਨਾ ਲੁੱਟਣ ਲਈ ਪਿਛਲੀਆਂ ਸਰਕਾਰਾਂ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਸੂਬੇ ਵਿੱਚ ਜ਼ਮੀਨੀ ਪੱਧਰ ਉਤੇ ਕੋਈ ਕੰਮ ਨਹੀਂ ਹੋਇਆ ਪਰ ਫਿਰ ਵੀ ਸਿਆਸੀ ਆਗੂਆਂ ਨੇ ਸਰਕਾਰੀ ਖਜ਼ਾਨਾ ਖਾਲੀ ਹੋਣ ਦਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਦੁੱਖ ਦੀ ਗੱਲ ਹੈ ਕਿ ਇਨ੍ਹਾਂ ਸਰਕਾਰਾਂ ਨੇ ਜਨਤਾ ਦੀ ਭਲਾਈ ਲਈ ਇਕ ਵੀ ਕਦਮ ਨਹੀਂ ਚੁੱਕਿਆ ਸਗੋਂ ਉਲਟਾ ਟੈਕਸ ਦਾਤਾਵਾਂ ਦਾ ਪੈਸਾ ਲੁੱਟਿਆ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਲੀਡਰਾਂ ਦੇ ਲਾਲਚ ਕਾਰਨ ਪੰਜਾਬ ਨੂੰ ਵੱਡਾ ਖਮਿਆਜ਼ਾ ਭੁਗਤਣਾ ਪਿਆ।

ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ 'ਤੇ ਵਿਅੰਗ ਕੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਆਗੂ ਨੇ ਹਮੇਸ਼ਾ ਇਹ ਦਾਅਵਾ ਕੀਤਾ ਸੀ ਕਿ ਸੂਬੇ ਦਾ ਖਜ਼ਾਨਾ ਖਾਲੀ ਹੈ। ਉਨ੍ਹਾਂ ਕਿਹਾ ਕਿ ਹੁਣ ਇਹ ਸਾਬਕਾ ਕਾਂਗਰਸੀ ਆਗੂ ਭਗਵਾਂ ਪਾਰਟੀ ਵਿੱਚ ਸ਼ਾਮਲ ਹੋ ਗਿਆ ਅਤੇ ਕਾਂਗਰਸ ਵਾਂਗ ਉਹ ਭਾਜਪਾ ਦਾ ਖ਼ਜ਼ਾਨਾ ਵੀ ਖਾਲੀ ਕਰ ਦੇਣਗੇ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਬਾਬਾ ਸੇਵਾ ਸਿੰਘ ਠੀਕਰੀਵਾਲ ਦੇ ਜੱਦੀ ਪਿੰਡ ਨੂੰ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਮਾਡਲ ਪਿੰਡ ਵਿੱਚ ਤਬਦੀਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਹਾਨ ਆਜ਼ਾਦੀ ਘੁਲਾਟੀਆਂ ਦੇ ਸਤਿਕਾਰ ਵਜੋਂ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਮੋਹਾਲੀ ਹਵਾਈ ਅੱਡੇ ਦਾ ਨਾਮ ਮਹਾਨ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਿਆ ਗਿਆ ਹੈ ਅਤੇ ਹਵਾਈ ਅੱਡੇ ਦੀ ਆਮਦ ਉਤੇ ਸ਼ਹੀਦ-ਏ-ਆਜ਼ਮ ਦਾ 35 ਫੁੱਟ ਉੱਚਾ ਬੁੱਤ ਲਾਇਆ ਜਾਵੇਗਾ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਲਈ ਪੰਜਾਬ ਵਿਧਾਨ ਸਭਾ 'ਚ ਮਤਾ ਵੀ ਪਾਸ ਕਰੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ 'ਤੇ ਜ਼ੋਰ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਵਿੱਚ ‘ਸਕੂਲ ਆਫ਼ ਐਮੀਨੈਂਸ’ (ਆਹਲਾ ਦਰਜੇ ਦੇ ਸਕੂਲ) ਦੀ ਸਥਾਪਨਾ ਕਰੇਗੀ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀ ਕਾਨਵੈਂਟ ਸਕੂਲਾਂ ਦੇ ਹਮ-ਉਮਰ ਵਿਦਿਆਰਥੀਆਂ ਦਾ ਮੁਕਾਬਲਾ ਕਰ ਸਕਣ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਛੇਤੀ ਹੀ ਸਿੱਖਿਆ, ਸਿਹਤ ਅਤੇ ਰੁਜ਼ਗਾਰ ਦੇ ਖੇਤਰ ਵਿੱਚ ਦੇਸ਼ ਵਿੱਚੋਂ ਮੋਹਰੀ ਹੋਵੇਗਾ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਮੈਡੀਕਲ ਸਿੱਖਿਆ ਦੇ ਪਾਸਾਰ ਲਈ ਸੂਬਾ ਸਰਕਾਰ ਨੇ ਆਉਣ ਵਾਲੇ ਪੰਜ ਸਾਲਾਂ ਵਿੱਚ 16 ਨਵੇਂ ਮੈਡੀਕਲ ਕਾਲਜ ਬਣਾਉਣ ਦਾ ਫੈਸਲਾ ਕੀਤਾ ਹੈ ਜਿਸ ਨਾਲ ਸੂਬੇ ਵਿੱਚ ਮੈਡੀਕਲ ਕਾਲਜਾਂ ਦੀ ਕੁੱਲ ਗਿਣਤੀ 25 ਹੋ ਜਾਵੇਗੀ। ਇਸ ਨਾਲ ਸੂਬੇ ਦੇ ਹਰੇਕ ਜ਼ਿਲ੍ਹੇ ਵਿਚ ਇੱਕ ਮੈਡੀਕਲ ਕਾਲਜ ਸਥਾਪਤ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸੰਗਰੂਰ ਦੇ ਮਸਤੂਆਣਾ ਸਾਹਿਬ ਵਿਖੇ ਸੰਤ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦਾ ਨੀਂਹ ਪੱਥਰ ਪਹਿਲਾਂ ਹੀ ਰੱਖਿਆ ਜਾ ਚੁੱਕਾ ਹੈ ਅਤੇ ਜਲਦੀ ਹੀ ਇਸ ਦੀ ਉਸਾਰੀ ਦਾ ਕੰਮ ਸ਼ੁਰੂ ਹੋ ਜਾਵੇਗਾ।  ਭਗਵੰਤ ਮਾਨ ਨੇ ਅੱਗੇ ਕਿਹਾ ਕਿ ਕਪੂਰਥਲਾ ਅਤੇ ਹੁਸ਼ਿਆਰਪੁਰ ਵਿਖੇ ਦੋ ਹੋਰ ਮੈਡੀਕਲ ਕਾਲਜਾਂ ਦਾ ਕੰਮ ਵੀ ਸ਼ੁਰੂ ਹੋ ਗਿਆ ਹੈ।    

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement