Moga News : ਮੁੱਖ ਮੰਤਰੀ ਨੇ ਸਸ਼ਕਤ ਮਹਿਲਾਵਾਂ, ਸਸ਼ਕਤ ਸਮਾਜ ਦਾ ਦਿੱਤਾ ਨਾਅਰਾ

By : BALJINDERK

Published : Jan 19, 2025, 8:08 pm IST
Updated : Jan 19, 2025, 8:08 pm IST
SHARE ARTICLE
ਮੁੱਖ ਮੰਤਰੀ ਭਗਵੰਤ ਮਾਨ
ਮੁੱਖ ਮੰਤਰੀ ਭਗਵੰਤ ਮਾਨ

Moga News : ਸੂਬੇ ਦੀ ਤਰੱਕੀ ’ਚ ਮਹੱਤਵਪੂਰਨ ਭੂਮਿਕਾ ਨਿਭਾਉਣ ਲਈ ਮਹਿਲਾ ਉੱਦਮੀਆਂ ਦੀ ਕੀਤੀ ਸ਼ਲਾਘਾ, ਮੋਗਾ ਵਿਖੇ ਮਹਿਲਾ ਸਸ਼ਕਤੀਕਰਨ ਸੰਮੇਲਨ ’ਚ ਕੀਤੀ ਸ਼ਮੂਲੀਅਤ

Moga News in Punjabi : ਸਮਾਜ ਦੀ ਸਮੁੱਚੀ ਤਰੱਕੀ ਅਤੇ ਵਿਕਾਸ ਵਿੱਚ ਮਹਿਲਾਵਾਂ ਦੀ ਮਹੱਤਵਪੂਰਨ ਭੂਮਿਕਾ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਮੁੱਚੇ ਸਮਾਜ ਨੂੰ ਸਸ਼ਕਤ ਬਣਾਉਣ ਲਈ ਮਹਿਲਾ ਸਸ਼ਕਤੀਕਰਨ ਬੇਹੱਦ ਜ਼ਰੂਰੀ ਹੈ। ਆਈ.ਐਸ.ਐਫ. ਕਾਲਜ ਵਿਖੇ ਮਹਿਲਾ ਸਸ਼ਕਤੀਕਰਨ ਸੰਮੇਲਨ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਆਧੁਨਿਕ ਸਮਾਜ ਵਿੱਚ ਮਹਿਲਾ ਸਸ਼ਕਤੀਕਰਨ ਵਿੱਚ ਵੱਡਮੁੱਲਾ ਯੋਗਦਾਨ ਪਾਉਣ ਲਈ ਭਾਰਤੀ ਮਹਿਲਾਵਾਂ ਖਾਸ ਕਰਕੇ ਪੰਜਾਬੀ ਮਹਿਲਾਵਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਜੋਕੇ ਸਮਾਜ ਵਿੱਚ ਮਹਿਲਾਵਾਂ ਸਮਾਜਿਕ ਅਤੇ ਸੱਭਿਆਚਾਰਕ ਏਕਤਾ ਨੂੰ ਉਤਸ਼ਾਹਿਤ ਕਰਨ ਲਈ ਨਿਰਣਾਇਕ ਭੂਮਿਕਾ ਨਿਭਾ ਰਹੀਆਂ ਹਨ ਜਿਸ ਨਾਲ ਸਮੁੱਚੇ ਵਿਸ਼ਵ ਵਿੱਚ ਜਾਗਰੂਕਤਾ ਫੈਲ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਿਲਾਵਾਂ ਕੋਲ ਵਿਸ਼ਵ ਭਰ ਵਿੱਚ ਖੁਸ਼ਹਾਲੀ ਅਤੇ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਦੀ ਅਥਾਹ ਸਮਰੱਥਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਅੱਜ ਭਾਰਤੀ ਮਹਿਲਾਵਾਂ ਵੀ ਸਾਡੇ ਦੇਸ਼ ਦੀਆਂ ਕੌਮਾਂਤਰੀ ਸਰਹੱਦਾਂ ਦੀ ਰਾਖੀ ਕਰਨ ਦੀ ਜ਼ਿੰਮੇਵਾਰੀ ਨਿਭਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਸਾਡੇ ਸਾਰਿਆਂ ਨੂੰ ਇੱਕ ਸਹੀ ਮੌਕਾ ਪ੍ਰਦਾਨ ਕਰਦੇ ਹਨ ਕਿ ਅਸੀਂ ਮਹਿਲਾਵਾਂ ਦੇ ਰੁਤਬੇ ਨੂੰ ਉੱਚਾ ਚੁੱਕਣ ਅਤੇ ਸਮਾਜ ਵਿੱਚ ਉਨ੍ਹਾਂ ਦਾ ਸਹੀ ਸਥਾਨ ਯਕੀਨੀ ਬਣਾਉਣ ਲਈ ਠੋਸ ਯਤਨ ਕਰੀਏ। ਮਹਿਲਾਵਾਂ ਦੀ ਭਲਾਈ ਅਤੇ ਸਸ਼ਕਤੀਕਰਨ ਨਾਲ ਸਬੰਧਤ ਨੀਤੀਆਂ ਅਤੇ ਪ੍ਰੋਗਰਾਮਾਂ ਵਿੱਚ ਹੋਰ ਵਾਧਾ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਮਾਜਿਕ ਅਤੇ ਗੈਰ-ਸਰਕਾਰੀ ਸੰਗਠਨਾਂ ਦੀ ਸਵੈ-ਇੱਛਤ ਭਾਗੀਦਾਰੀ ਰਾਹੀਂ ਹੀ ਸੰਭਵ ਹੋ ਸਕਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮਾਜ ਵਿੱਚ ਸਮਾਜਿਕ-ਆਰਥਿਕ ਜਾਗ੍ਰਿਤੀ ਬਾਰੇ ਮਹਿਲਾਵਾਂ ਖਾਸ ਕਰਕੇ ਲੜਕੀਆਂ ਦੇ ਰੁਤਬੇ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦਾ ਹੈ। ਮਹਿਲਾਵਾਂ ਦੀ ਆਮਦਨ ਵਿੱਚ ਵਾਧਾ ਕਰਕੇ ਉਨ੍ਹਾਂ ਦੇ ਜੀਵਨ ਨੂੰ ਬਦਲਣ ਲਈ ਐਮ.ਐਨ.ਸੀ. ਗ੍ਰਾਂਟ ਥੋਰਨਟਨ ਦੀ ਸ਼ਲਾਘਾ ਕਰਦਿਆਂ, ਮੁੱਖ ਮੰਤਰੀ ਨੇ ਉਨ੍ਹਾਂ ਨੂੰ ਪੂਰਨ ਸਮਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਇਨ੍ਹਾਂ ਕੰਪਨੀਆਂ ਦੀਆਂ 10000 ਮੈਂਬਰ ਮਹਿਲਾ ਲਾਭਪਾਤਰੀਆਂ ਨੇ ਵੱਖ-ਵੱਖ ਗਤੀਵਿਧੀਆਂ ਰਾਹੀਂ ਲਾਭ ਪ੍ਰਾਪਤ ਕੀਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕੰਪਨੀ ਦੇ ਦਖਲ ਉਪਰੰਤ ਵੱਖ-ਵੱਖ ਪਹਿਲਕਦਮੀਆਂ ਰਾਹੀਂ ਮਹਿਲਾਵਾਂ ਅਤੇ ਪਰਿਵਾਰਾਂ ਦੀ ਆਮਦਨ ਵਿੱਚ ਔਸਤਨ 40 ਫ਼ੀਸਦ  ਦਾ ਵਾਧਾ ਹੋਇਆ ਹੈ। ਉਨ੍ਹਾਂ ਨੇ ਐਫ.ਪੀ.ਸੀ. ਦੀਆਂ ਲਗਭਗ 25 ਮਹਿਲਾ ਮੈਂਬਰਾਂ ਨੂੰ ਡਰੋਨ ਪਾਇਲਟਾਂ ਵਿੱਚ ਸ਼ਾਮਲ ਕਰਕੇ ਉਨ੍ਹਾਂ ਦੀ ਸਮਰੱਥਾ ਵਧਾਉਣ ਸਬੰਧੀ ਕੰਪਨੀ ਦੀ ਪਹਿਲ ਦੀ ਵੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਦਾ ਇੱਕੋ-ਇੱਕ ਉਦੇਸ਼ ਮਹਿਲਾਵਾਂ ਦੀ ਆਮਦਨ ਵਿੱਚ ਵਾਧਾ ਕਰਕੇ ਮਹਿਲਾ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨਾ ਹੈ। ਲੜਕੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਉਨ੍ਹਾਂ ਦੇ ਸਰਵਪੱਖੀ ਵਿਕਾਸ ’ਤੇ ਜ਼ੋਰ ਦਿੰਦਿਆਂ, ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੌਕਾ ਮਿਲਣ ’ਤੇ ਲੜਕੀਆਂ ਕੋਈ ਵੀ ਸ਼ਾਨਦਾਰ ਉੱਪਲਬਧੀ ਹਾਸਲ ਕਰ ਸਕਦੀਆਂ ਹਨ ਅਤੇ ਆਸਾਨੀ ਨਾਲ ਆਪਣਾ ਟੀਚਾ ਸਰ ਕਰ ਸਕਦੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਕਰਕੇ ਇਹ ਸਮੇਂ ਦੀ ਲੋੜ ਹੈ ਕਿ ਉਨ੍ਹਾਂ ਨੂੰ ਆਪਣੀ ਯੋਗਤਾ ਦਿਖਾਉਣ ਲਈ ਵੱਧ ਤੋਂ ਵੱਧ ਮੌਕੇ ਪ੍ਰਦਾਨ ਕੀਤੇ ਜਾਣ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਨਹੀਂ ਛੱਡ ਰਹੀ ਹੈ। ਭਗਵੰਤ ਸਿੰਘ ਮਾਨ ਨੇ ਸੂਬੇ ਦੇ ਆਰਥਿਕ ਵਿਕਾਸ ਵਿੱਚ ਮਹਿਲਾ ਉੱਦਮੀਆਂ ਦੇ ਵੱਡਮੁੱਲੇ ਯੋਗਦਾਨ ਲਈ ਉਨ੍ਹਾਂ ਦੀ ਪ੍ਰਸ਼ੰਸਾ ਵੀ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਖ਼ਤ ਮਿਹਨਤ, ਸਮਰਪਣ ਅਤੇ ਵਚਨਬੱਧਤਾ ਨਾਲ ਸੂਬੇ ਦੀਆਂ ਮਹਿਲਾਵਾਂ ਸੂਬੇ ਦੇ ਸਮਾਜਿਕ ਆਰਥਿਕ ਵਿਕਾਸ ਦਾ ਅਨਿੱਖੜਵਾਂ ਅੰਗ ਬਣ ਰਹੀਆਂ ਹਨ।

ਮੁੱਖ ਮੰਤਰੀ ਨੇ ਪੰਜਾਬ ਦੀ ਤਰੱਕੀ ਅਤੇ ਇਸਦੇ ਵਸਨੀਕਾਂ ਦੀ ਖੁਸ਼ਹਾਲੀ ਵਿੱਚ ਮਹਿਲਾਵਾਂ ਦੇ ਮਹੱਤਵਪੂਰਨ ਯੋਗਦਾਨ ਨੂੰ ਵੀ ਸਵੀਕਾਰ ਕੀਤਾ। ਉਨ੍ਹਾਂ ਨੇ ਮਹਿਲਾ ਉੱਦਮੀਆਂ ਨੂੰ ਸੂਬੇ ਦੀ ਤਰੱਕੀ ਵਿੱਚ ਬਰਾਬਰ ਦੀ ਭਾਈਵਾਲ ਬਣਾਉਣ ਵਿੱਚ ਸਹਾਇਤਾ ਲਈ ਸੂਬਾ ਸਰਕਾਰ ਦੀਆਂ ਪਹਿਲਕਦਮੀਆਂ ’ਤੇ ਵੀ ਚਾਨਣਾ ਪਾਇਆ। ਭਗਵੰਤ ਸਿੰਘ ਮਾਨ ਨੇ ਮਹਿਲਾ ਉੱਦਮੀਆਂ ਨੂੰ ਉਨ੍ਹਾਂ ਦੇ ਵਿਕਾਸ ਲਈ ਹਰ ਸੰਭਵ ਸਰੋਤ ਉਪਲੱਬਧ ਕਰਵਾ ਕੇ ਮਹਿਲਾ ਸਸ਼ਕਤੀਕਰਨ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।

ਮੁੱਖ ਮੰਤਰੀ ਨੇ ਕਿਹਾ ਕਿ ਮਹਿਲਾ ਉੱਦਮਤਾ ਨੂੰ ਹੁਲਾਰਾ ਦੇਣ ਪਿੱਛੇ ਸੂਬਾ ਸਰਕਾਰ ਦਾ ਉਦੇਸ਼ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਅਤੇ ਉੱਜਵਲ ਭਵਿੱਖ ਨੂੰ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਸੂਬਾ ਸਰਕਾਰ ਨੂੰ ਵੱਡਾ ਫਤਵਾ ਦੇ ਕੇ ਇੱਕ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੂਬਾ ਸਰਕਾਰ ਦਾ ਫਰਜ਼ ਹੈ ਕਿ ਉਹ ਆਪਣੇ ਲੋਕਾਂ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਲਈ ਸਖ਼ਤ ਮਿਹਨਤ ਕਰੇ।

ਆਪਣੀ ਮਾਂ ਦੇ ਪ੍ਰਭਾਵ ਅਤੇ ‘ਮਾਂ ਦੇ ਸ਼ਬਦਾਂ’  ਦਾ ਹਵਾਲਾ ਦਿੰਦੇ ਹੋਏ, ਜਿਸਨੂੰ ਉੱਘੇ ਵਿਗਿਆਨੀ ਵੀ ਪਰਿਭਾਸ਼ਿਤ ਨਹੀਂ ਕਰ ਸਕਦੇ, ਮੁੱਖ ਮੰਤਰੀ ਨੇ ਮਹਿਲਾ ਸਸ਼ਕਤੀਕਰਨ ਦੀ ਮਹੱਤਤਾ ਨੂੰ ਉਜਾਗਰ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸਮਾਗਮ ਵਿੱਚ ਔਰਤਾਂ ਵੱਲੋਂ ਬਣਾਏ ਗਏ ਉਤਪਾਦਾਂ ਤੋਂ ਪ੍ਰਭਾਵਿਤ ਹੋਏ ਹਨ । ਉਨ੍ਹਾਂ ਨੇ ਇਨ੍ਹਾਂ ਉਤਪਾਦਾਂ ਨੂੰ ਵਿਸ਼ਵ ਪੱਧਰ ’ਤੇ ਵੇਚਣ ਲਈ ਇੱਕ ਸੁਚੱਜੇ ਪਲੇਟਫਾਰਮ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਫੁਲਕਾਰੀ ਅਤੇ ਹੋਰ ਪੰਜਾਬੀ ਉਤਪਾਦਾਂ ਨੂੰ ਦੁਨੀਆ ਭਰ ’ਚ ਪ੍ਰਦਰਸ਼ਿਤ ਕਰਨ ਦਾ ਆਪਣਾ ਸੁਪਨਾ ਸਾਂਝਾ ਕੀਤਾ , ਜਿਸ ਨਾਲ ਔਰਤਾਂ ਨੂੰ ਉੱਦਮੀਆਂ ਦੇ ਰੂਪ ’ਚ ਅੱਗੇ ਆਉਣ ਲਈ ਪ੍ਰੇਰਿਆ ਜਾ ਸਕਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਚੀਨ ਦੀਆਂ ਔਰਤਾਂ ਦੇਸ਼ ਦੇ ਵਿਸ਼ਵ ਪੱਧਰੀ ਉਤਪਾਦਾਂ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ, ਇਸੇ ਲਈ ਮੁਲਕ ਦੀ ਆਰਥਿਕਤਾ ਵਿੱਚ ਉਨ੍ਹਾਂ ਦਾ ਅਹਿਮ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ, ਮੌਕਾ ਮਿਲਣ ’ਤੇ, ਪੰਜਾਬੀ ਔਰਤਾਂ ਵੀ ਇਨ੍ਹਾਂ ਵਿਸ਼ਵ ਪੱਧਰੀ ਪ੍ਰੋਜੈਕਟਾਂ ਦਾ ਉਤਪਾਦਨ ਕਰਕੇ ਆਪਣੇ ਲਈ ਇੱਕ ਸਮਨਮਾਨਯੋਗ ਥਾਂ ਬਣਾ ਸਕਦੀਆਂ ਹਨ। ਇੱਕ ਉਦਾਹਰਣ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਔਰਤਾਂ ਨੂੰ ਸਿਲਾਈ ਮਸ਼ੀਨਾਂ ਪ੍ਰਦਾਨ ਕੀਤੀਆਂ ਹਨ ਅਤੇ ਉਨ੍ਹਾਂ ਨੂੰ ਸਕੂਲ ਦੀਆਂ ਵਰਦੀਆਂ ਦਾ ਆਰਡਰ ਦਿੱਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਦੌਰਾਨ 25 ਪ੍ਰਾਈਵੇਟ ਸਕੂਲਾਂ ਅਤੇ ਪੰਜਾਬ ਪੁਲਿਸ ਦੀਆਂ ਵਰਦੀਆਂ ਇਨ੍ਹਾਂ ਔਰਤਾਂ ਦੁਆਰਾ ਤਿਆਰ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਔਰਤਾਂ ਦੇ ਐਫ.ਪੀ.ਸੀ. ਸਟਾਲਾਂ ਦਾ ਵੀ ਦੌਰਾ ਕੀਤਾ , ਜਿਨ੍ਹਾਂ ਵਿੱਚ ਕੋਲਡ ਪ੍ਰੈਸਡ ਸਰ੍ਹੋਂ ਦਾ ਤੇਲ, ਬਾਸਮਤੀ ਚੌਲ, ਸ਼ਹਿਦ, ਦੇਸੀ ਘਿਓ, ਆਟਾ ਬਿਸਕੁਟ, ਅਚਾਰ, ਡਰੋਨ ਤਕਨਾਲੋਜੀ ਅਤੇ ਹੱਥ ਨਾਲ ਬਣੇ ਟੈਰਾਕੋਟਾ ਕਲਾਕਿਰਤਾਂ ਸ਼ਾਮਲ ਸਨ। ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਇਹ ਐਫ.ਪੀ.ਸੀ. ਆਉਣ ਵਾਲੇ ਸਮੇਂ ਵਿੱਚ ਔਰਤਾਂ ਨੂੰ ਸਮਰੱਥ ਬਣਾਉਣ ਲਈ ਇੱਕ ਉਤਪ੍ਰੇਰਕ ਵਜੋਂ ਕੰਮ ਕਰਨਗੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਪੁਰਾਣੀ ਸ਼ਾਨ ਨੂੰ ਬਹਾਲ ਕਰਨਾ ਅਤੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਮਾਤਮਾ ਦੀ ਕਿਰਪਾ ਨਾਲ ਉਨ੍ਹਾਂ ਦੀ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਕੋਈ ਕਸਰ ਨਹੀਂ ਛੱਡ ਰਹੀ ਹੈ ਅਤੇ ਲੋਕ-ਪੱਖੀ ਅਤੇ ਵਿਕਾਸ-ਮੁਖੀ ਨੀਤੀਆਂ ਨੂੰ ਲਾਗੂ ਕਰਨ ਹੀ ਸਰਕਾਰ ਦੀ ਪ੍ਰਮੁੱਖ ਤਰਜੀਹ  ਹੈ। ਉਨ੍ਹਾਂ ਕਿਹਾ ਕਿ ਸਿਹਤ, ਸਿੱਖਿਆ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚਾ ਖੇਤਰ ਉਨ੍ਹਾਂ ਦੀ ਸਰਕਾਰ ਦੀਆਂ ਪੰਜ ਪ੍ਰਮੁੱਖ ਤਰਜੀਹਾਂ ਹਨ ਅਤੇ ਇਸ ਲਈ ਇਨ੍ਹਾਂ ਖੇਤਰਾਂ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਜ਼ਿੰਦਗੀ ਵਿੱਚ ਸ਼ਿਖ਼ਰਾਂ ਛੋਹਣ ਲਈ ਭਰਪੂਰ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਸੋਚ ਨੂੰ ਅੱਗੇ ਤੋਰਦਿਆਂ ਹੁਣ ਤੱਕ ਨੌਜਵਾਨਾਂ ਨੂੰ ਲਗਭਗ 50,000 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਲਈ ਹੋਰ ਨਵੇਂ ਰਸਤੇ ਖੋਲ੍ਹੇ ਜਾਣਗੇ ਤਾਂ ਜੋ ਉਹ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਨ੍ਹਾਂ ਲਈ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਹੁਣ ਤੱਕ ਇਨ੍ਹਾਂ ਸਾਰੇ ਨੌਜਵਾਨਾਂ ਨੂੰ ਇਨ੍ਹਾਂ ਅਹੁਦਿਆਂ ਲਈ ਸਿਰਫ਼ ਯੋਗਤਾ ਦੇ ਆਧਾਰ ’ਤੇ ਹੀ ਚੁਣਿਆ ਗਿਆ ਹੈ।

ਅਕਾਲੀ ਆਗੂਆਂ ’ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਉਨ੍ਹਾਂ ਲੋਕਾਂ ’ਤੇ ਟਿੱਪਣੀ ਕਰਨਾ ਵਾਜਿਬ ਨਹੀਂ , ਜੋ ਟੁੱਟੀਆਂ ਲੱਤਾਂ ਨਾਲ ਗੁਰੂਦੁਆਰੇ ਦੇ ਸਮਾਗਮਾਂ ਵਿੱਚ ਸ਼ਾਮਲ ਹੁੰਦੇ ਹਨ ਕਿਉਂਕਿ ਉਹ ਆਪਣੇ ਮਾੜੇ ਕੰਮਾਂ ਦਾ ਭੁਗਤਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਗਲਤੀਆਂ ਮਾਫ਼ ਕੀਤੀਆਂ ਜਾ ਸਕਦੀਆਂ ਹਨ, ਪਰ ਅਕਾਲੀਆਂ ਨੇ ਜੋ ਪਾਪ ਕੀਤੇ ਹਨ ਜੋ ਮੁਆਫ਼ ਨਹੀਂ ਕੀਤੇ ਜਾ ਸਕਦੇ। ਭਗਵੰਤ ਸਿੰਘ ਮਾਨ ਨੇ ਸੁਖਬੀਰ ਸਿੰਘ ਬਾਦਲ ’ਤੇ ਤੱਥਾਂ ਨੂੰ ਛੁਪਾਉਣ ਅਤੇ ਸੱਚਾਈ ਤੋਂ ਭੱਜਣ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਉਨ੍ਹਾਂ ਨੇ ਅਕਾਲ ਤਖ਼ਤ ਸਾਹਿਬ ਤੋਂ ਉਨ੍ਹਾਂ ਪਾਪਾਂ ਲਈ ਮੁਆਫ਼ੀ ਮੰਗੀ ਹੈ ਜੋ ਉਨ੍ਹਾਂ ਨੇ ਕਦੇ ਨਹੀਂ ਕੀਤੇ ਸਨ।

ਇਸ ਤੋਂ ਪਹਿਲਾਂ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮਹਿਲਾ ਸਸ਼ਕਤੀਕਰਨ ਦੇ ਮੱਦੇਨਜ਼ਰ  ਕਈ ਮਹੱਤਵਪੂਰਨ ਪ੍ਰੋਜੈਕਟਾਂ ਨੂੰ ਸ਼ੁਰੂ ਕਰਨ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ।

(For more news apart from Chief Minister gave the slogan of empowered women, empowered society News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Advocate Sunil Mallan Statement on Leaders and Migrants: ਲੀਡਰਾਂ ਨੇ ਸਾਰੇ ਪ੍ਰਵਾਸੀਆਂ ਦੀਆਂ ਬਣਵਾਈਆਂ ਵੋਟਾਂ

15 Sep 2025 3:01 PM

Sukhjinder Randhawa Interview On Rahul Gandhi Punjab'S Visit In Dera Baba nanak Gurdaspur|News Live

15 Sep 2025 3:00 PM

"100 ਰੁਪਏ ਲੁੱਟ ਕੇ 2 ਰੁਪਏ ਦੇ ਕੇ ਆਖੇ ਮੈਂ ਵੱਡਾ ਦਾਨੀ, Sukhbir Badal ਨੂੰ ਸਿੱਧੇ ਹੋਏ Gurdeep Brar | SGPC

13 Sep 2025 1:07 PM

Hoshiarpur Child Muder Case : ਆਹ ਪਿੰਡ ਨਹੀਂ ਰਹਿਣ ਦਵੇਗਾ ਇੱਕ ਵੀ ਪਰਵਾਸੀ, ਜੇ ਰਹਿਣਾ ਪਿੰਡ 'ਚ ਤਾਂ ਸੁਣ ਲਓ ਕੀ.

13 Sep 2025 1:06 PM

ਕਿਸ਼ਤਾਂ 'ਤੇ ਲਿਆ New Phone, ਘਰ ਲਿਜਾਣ ਸਾਰ ਥਾਣੇ 'ਚੋਂ ਆ ਗਈ ਕਾਲ,Video ਦੇਖ ਕੇ ਤੁਹਾਡੇ ਵੀ ਉੱਡ ਜਾਣਗੇ ਹੋਸ਼

12 Sep 2025 3:27 PM
Advertisement