
ਸੁਖਦੇਵ ਸਿੰਘ ਢੀਂਡਸਾ ਨੇ ਜ਼ਿਲ੍ਹਾ ਪ੍ਰਧਾਨਾਂ ਨਾਲ ਕੀਤੀ ਮੀਟਿੰਗ
ਚੰਡੀਗੜ੍ਹ, 18 ਫ਼ਰਵਰੀ (ਸੁਰਜੀਤ ਸਿੰਘ ਸੱਤੀ): ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਜ਼ਿਲ੍ਹਾ ਪ੍ਰਧਾਨਾਂ ਦੀ ਇਕ ਅਹਿਮ ਬੈਠਕ ਪਾਰਟੀ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿਚ ਹੋਈ ਜਿਸ ਵਿਚ ਜ਼ਿਲ੍ਹਾ ਪੱਧਰ ’ਤੇ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਸਰਗਰਮੀਆਂ ਵਧਾਉਣ ’ਤੇ ਚਰਚਾ ਕੀਤੀ ਗਈ।
ਇਸ ਮੌਕੇ ਸ. ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੀਆਂ ਲੋਕ ਪੱਖੀ ਨੀਤੀਆਂ ਕਰ ਕੇ ਅੱਜ ਸੂਬੇ ਭਰ ਵਿਚ ਪਾਰਟੀ ਦਾ ਕੱਦ ਉੱਚਾ ਹੋ ਰਿਹਾ ਹੈ। ਮੀਟਿੰਗ ਵਿਚ ਮੌਜੂਦ ਜ਼ਿਲ੍ਹਾ ਪ੍ਰਧਾਨਾਂ ਨੂੰ ਸੰਬੋਧਨ ਕਰਦਿਆਂ ਸ: ਢੀਂਡਸਾ ਨੇ ਪਾਰਟੀ ਆਗੂਆਂ ਨੂੰ ਲੋਕ ਹਿਤ ਦੇ ਕੰਮਾਂ ਨੂੰ ਉਤਸ਼ਾਹ ਨਾਲ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਨਵਾਂ ਪੰਜਾਬ ਸਿਰਜਣ ਲਈ ਜੋ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਤੋਂ ਉਮੀਦਾਂ ਹਨ, ਪਾਰਟੀ ਉਨ੍ਹਾਂ ’ਤੇ ਖਰਾ ਉਤਰੇਗੀ ਅਤੇ ਇਸ ਲਈ ਪਾਰਟੀ ਦੇ ਸਮੂਹ ਆਗੂਆਂ ਨੂੰ ਜੋ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ, ਉਨ੍ਹਾਂ ਨੂੰ ਤਨਦੇਹੀ ਨਾਲ ਨਿਭਾਉਂਦੇ ਹੋਏ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਵਿਚ ਸਹਿਯੋਗ ਕਰਨ। ਇਸ ਤੋਂ ਇਲਾਵਾ ਮੀਟਿੰਗ ਵਿਚ ਮੁੜ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਕਿਸਾਨੀ ਸੰਘਰਸ਼ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਗਈ।
ਅੱਜ ਦੀ ਮੀਟਿੰਗ ਵਿੱਚ ਜ਼ਿਲ੍ਹਾ ਪ੍ਰਧਾਨ ਹੁਸ਼ਿਆਰਪੁਰ ਸਤਵਿੰਦਰਪਾਲ ਸਿੰਘ ਢੱਟ, ਜ਼ਿਲ੍ਹਾ ਪ੍ਰਧਾਨ ਮੋਗਾ ਜਗਰਾਜ ਸਿੰਘ ਦੌਧਰ, ਜ਼ਿਲ੍ਹਾ ਪ੍ਰਧਾਨ ਬਰਨਾਲਾ ਰਵਿੰਦਰ ਸਿੰਘ ਰੰਮੀ, ਜ਼ਿਲ੍ਹਾ ਪ੍ਰਧਾਨ ਪਟਿਆਲਾ ਰਣਧੀਰ ਸਿੰਘ ਰੱਖੜਾ ਆਦਿ ਮੌਜੂਦ ਸਨ।