Punjab News: ਮੁੱਖ ਮੰਤਰੀ ਨੇ ਬਦਲਵੀਆਂ ਫ਼ਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਦੀ ਕੀਤੀ ਮੰਗ
Published : Feb 19, 2024, 7:23 am IST
Updated : Feb 19, 2024, 7:23 am IST
SHARE ARTICLE
CM Bhagwant Mann bats for guarantee of MSP on alternative crops
CM Bhagwant Mann bats for guarantee of MSP on alternative crops

ਕਿਸਾਨਾਂ ਨੂੰ ਕਣਕ-ਝੋਨੇ ਦੇ ਚੱਕਰ ਵਿੱਚੋਂ ਬਾਹਰ ਕੱਢ ਕੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨ ਨੂੰ ਸਮੇਂ ਦੀ ਲੋੜ ਦੱਸਿਆ

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਬਦਲਵੀਆਂ ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਗਾਰੰਟੀ ਦੀ ਮੰਗ ਕੀਤੀ।

ਕੇਂਦਰੀ ਮੰਤਰੀਆਂ ਪਿਊਸ਼ ਗੋਇਲ, ਅਰਜੁਨ ਮੁੰਡਾ ਅਤੇ ਨਿਤਿਆਨੰਦ ਰਾਏ ਅਤੇ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਮੋਜ਼ਮਬੀਕ ਅਤੇ ਕੋਲੰਬੀਆ ਤੋਂ ਦਾਲਾਂ ਦੀ ਦਰਾਮਦ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਇਹ ਦਰਾਮਦ ਦੋ ਅਰਬ ਡਾਲਰ ਤੋਂ ਵੱਧ ਹੈ ਅਤੇ ਜੇ ਦਾਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦਿੱਤਾ ਜਾਵੇ ਤਾਂ ਪੰਜਾਬ ਦਾਲਾਂ ਦੇ ਉਤਪਾਦਨ ਵਿੱਚ ਦੇਸ਼ ਵਿੱਚ ਮੋਹਰੀ ਹੋ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਪੰਜਾਬ ਨੇ ਹਰੀ ਕ੍ਰਾਂਤੀ ਕਾਰਨ ਉਪਜਾਊ ਮਿੱਟੀ ਤੇ ਪਾਣੀ ਦੀ ਵੱਧ ਵਰਤੋਂ ਕਰਕੇ ਆਪਣੇ ਇਸ ਇੱਕੋ-ਇੱਕ ਕੁਦਰਤੀ ਸਰੋਤ ਨੂੰ ਗੁਆ ਲਿਆ ਹੈ ਪਰ ਫਿਰ ਵੀ ਇਹ ਦੇਸ਼ ਵਿੱਚ ਦੂਜੀ ਹਰੀ ਕ੍ਰਾਂਤੀ ਹੋਵੇਗੀ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬੇ ਦੇ ਕਿਸਾਨ ਕਪਾਹ ਅਤੇ ਮੱਕੀ ਨੂੰ ਤਾਂ ਹੀ ਅਪਣਾ ਸਕਦੇ ਹਨ, ਜੇ ਉਨ੍ਹਾਂ ਨੂੰ ਇਨ੍ਹਾਂ ਫ਼ਸਲਾਂ ਦਾ ਐਮ.ਐਸ.ਪੀ. ਮਿਲੇ। ਉਨ੍ਹਾਂ ਕਿਹਾ ਕਿ ਇਨ੍ਹਾਂ ਫ਼ਸਲਾਂ ਦਾ ਯਕੀਨੀ ਮੰਡੀਕਰਨ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਲਈ ਉਤਸ਼ਾਹਿਤ ਕਰ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਵਿਸ਼ੇ 'ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਇਸ ਸਬੰਧੀ ਗਰੰਟੀ ਮੰਗੀ ਗਈ ਅਤੇ ਕਿਹਾ ਗਿਆ ਕਿ ਇਨ੍ਹਾਂ ਫ਼ਸਲਾਂ ਦੀ ਖ਼ਰੀਦ ਲਈ ਸਮਝੌਤਾ ਕੀਤਾ ਜਾਵੇ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਦੇਸ਼ ਵਿੱਚ ਫਸਲੀ ਵਿਭਿੰਨਤਾ ਨੂੰ ਵੱਡਾ ਹੁਲਾਰਾ ਦੇਣ ਵਿੱਚ ਮਦਦ ਕਰੇਗਾ ਕਿਉਂਕਿ ਇਹ ਲੋਕਾਂ ਲਈ ਲਾਹੇਵੰਦ ਹੋਵੇਗਾ। ਉਨ੍ਹਾਂ ਕਿਹਾ ਕਿ ਅੱਜ ਭਾਰਤ ਵਿਦੇਸ਼ਾਂ ਤੋਂ ਦਾਲਾਂ ਦੀ ਦਰਾਮਦ ਕਰਦਾ ਹੈ ਅਤੇ ਜੇ ਕਿਸਾਨਾਂ ਨੂੰ ਲਾਹੇਵੰਦ ਭਾਅ ਮਿਲ ਜਾਵੇ ਤਾਂ ਉਹ ਦਾਲਾਂ ਦਾ ਉਤਪਾਦਨ ਇੱਥੇ ਕਰ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਦੇਸ਼ ਦੇ ਵਿਦੇਸ਼ੀ ਭੰਡਾਰ ਦੀ ਬੱਚਤ ਹੋਣ ਦੇ ਨਾਲ-ਨਾਲ ਕਿਸਾਨਾਂ ਨੂੰ ਝੋਨੇ ਦੇ ਚੱਕਰ 'ਚੋਂ ਬਾਹਰ ਕੱਢਣ ਦੇ ਨਾਲ-ਨਾਲ ਸੂਬੇ ਦੇ ਕੀਮਤੀ ਪਾਣੀ ਦੀ ਵੀ ਬੱਚਤ ਹੋਵੇਗੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਮੀਟਿੰਗ ਵਿੱਚ ਕਿਸਾਨਾਂ ਦੇ ਵਕੀਲ ਵਜੋਂ ਸ਼ਿਰਕਤ ਕੀਤੀ ਸੀ ਅਤੇ ਅੰਤਮ ਫੈਸਲਾ ਸਬੰਧਤ ਧਿਰਾਂ ਨੇ ਲੈਣਾ ਹੈ। ਉਨ੍ਹਾਂ ਕਿਹਾ ਕਿ ਧਰਨੇ ਦੌਰਾਨ ਅਮਨ-ਸ਼ਾਂਤੀ ਤੇ ਕਾਨੂੰਨ ਦੀ ਸਥਿਤੀ ਨੂੰ ਹਰ ਹੀਲੇ ਬਰਕਰਾਰ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਪਹਿਲਾਂ ਹੀ ਦੋ ਕਿਸਾਨ ਸ਼ਹੀਦ ਹੋ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸੂਬੇ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਆਪਣਾ ਫ਼ਰਜ਼ ਨਿਭਾ ਰਹੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬੇ ਦੇ ਜਾਨ-ਮਾਲ ਦੀ ਰਾਖੀ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਅਤੇ ਕੇਂਦਰ ਸਰਕਾਰ ਦਰਮਿਆਨ ਵਿਚਾਰ-ਵਟਾਂਦਰੇ ਲਈ ਦਰਵਾਜ਼ੇ ਖੁੱਲ੍ਹੇ ਹਨ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਕਾਰ ਮਸਲਾ ਜਲਦੀ ਹੱਲ ਹੋ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਕਰੀਬ ਪੰਜ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ, ਜਿਸ ਨਾਲ ਵਿਦਿਆਰਥੀਆਂ ਦੀ ਪੜ੍ਹਾਈ ’ਤੇ ਮਾੜਾ ਅਸਰ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹੀਂ ਦਿਨੀਂ ਪ੍ਰੀਖਿਆਵਾਂ ਚੱਲ ਰਹੀਆਂ ਹਨ ਅਤੇ ਆਨਲਾਈਨ ਪੜ੍ਹਾਈ ਕੀਤੀ ਜਾ ਰਹੀ ਹੈ ਪਰ ਇੰਟਰਨੈੱਟ ਸੇਵਾਵਾਂ ਨੂੰ ਬੰਦ ਕਰਨਾ ਅਤਿ ਨਿੰਦਣਯੋਗ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਨਹੀਂ ਚਾਹੁੰਦੇ ਕਿ ਪੰਜਾਬ ਦਾ ਕੋਈ ਵੀ ਨੌਜਵਾਨ ਪਾਣੀ ਦੀਆਂ ਬੁਛਾੜਾਂ ਜਾਂ ਅੱਥਰੂ ਗੈਸ ਦੇ ਗੋਲਿਆਂ ਦਾ ਸਾਹਮਣਾ ਕਰੇ।

ਮਸਲਿਆਂ 'ਤੇ ਵਿਚਾਰ ਕਰਨ ਲਈ ਗੱਲਬਾਤ ਲਈ ਆਉਣ ਵਾਸਤੇ ਕੇਂਦਰ ਸਰਕਾਰ ਅਤੇ ਕਿਸਾਨਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁੱਦਿਆਂ ਦੇ ਹੱਲ ਲਈ ਇਹ ਸਹੀ ਪਲੇਟਫਾਰਮ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਆਉਣ ਵਾਲੇ ਸਮੇਂ ਵਿੱਚ ਕਿਸਾਨਾਂ ਅਤੇ ਲੋਕਾਂ ਦੇ ਵਡੇਰੇ ਹਿੱਤਾਂ ਵਿੱਚ ਗੱਲਬਾਤ ਦਾ ਦੌਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਸਦਭਾਵਨਾ ਨੂੰ ਬਰਕਰਾਰ ਰੱਖਣ ਲਈ ਵਚਨਬੱਧ ਹੈ, ਜਿਸ ਲਈ ਸਮੂਹ ਸਬੰਧਤ ਧਿਰਾਂ ਨੂੰ ਸਾਥ ਦੇਣਾ ਚਾਹੀਦਾ ਹੈ।

(For more Punjabi news apart from CM Bhagwant Mann bats for guarantee of MSP on alternative crops, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement