ਉਤਰੀ ਭਾਰਤ ਵਿਚ ਇਕ ਵਾਰ ਫਿਰ ਪੱਛਮੀ ਗੜਬੜੀ ਸਰਗਰਮ
Punjab Weather News: ਪੱਛਮੀ ਗੜਬੜੀ ਇਕ ਵਾਰ ਫਿਰ ਉੱਤਰੀ ਭਾਰਤ ਵਿਚ ਸਰਗਰਮ ਹੋ ਗਈ ਹੈ। ਹਿਮਾਚਲ ਦੇ ਕਈ ਇਲਾਕਿਆਂ 'ਚ ਐਤਵਾਰ ਸ਼ਾਮ ਤੋਂ ਤਾਜ਼ਾ ਬਰਫਬਾਰੀ ਦੇਖਣ ਨੂੰ ਮਿਲੀ ਹੈ, ਜਦਕਿ ਮੌਸਮ ਵਿਭਾਗ ਨੇ ਅੱਜ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਬਰਫਬਾਰੀ ਕਾਰਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਵੀ ਠੰਢ ਵਧ ਗਈ ਹੈ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਅੱਜ ਮੀਂਹ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਹਿਮਾਚਲ ਪ੍ਰਦੇਸ਼ ਵਿਚ ਅੱਜ ਭਾਰੀ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਅਨੁਮਾਨ ਹੈ ਕਿ ਇਕ ਦਿਨ ਵਿਚ 115.6 ਤੋਂ 204.4 ਮਿਲੀਮੀਟਰ ਮੀਂਹ ਜਾਂ ਬਰਫ਼ਬਾਰੀ ਹੋ ਸਕਦੀ ਹੈ। ਮੌਸਮ ਵਿਭਾਗ ਨੇ ਪਾਣੀ ਭਰਨ ਵਾਲੇ ਇਲਾਕਿਆਂ ਤੋਂ ਦੂਰ ਰਹਿਣ ਲਈ ਅਲਰਟ ਜਾਰੀ ਕੀਤਾ ਹੈ। ਇੰਨਾ ਹੀ ਨਹੀਂ ਲੋਕਾਂ ਨੂੰ ਕਮਜ਼ੋਰ ਪਹਾੜਾਂ ਤੋਂ ਦੂਰ ਰਹਿਣ ਲਈ ਵੀ ਕਿਹਾ ਗਿਆ ਹੈ।
ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿਚ ਪਵੇਗਾ ਮੀਂਹ
ਅੱਜ ਪੰਜਾਬ ਦੇ 17 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਮੋਗਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਬਰਨਾਲਾ, ਸੰਗਰੂਰ, ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਬਾਕੀ 5 ਜ਼ਿਲਿਆਂ ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਅਤੇ ਮਾਨਸਾ 'ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਥੇ ਤੇਜ਼ ਹਵਾਵਾਂ ਦੇ ਨਾਲ ਮੀਂਹ ਅਤੇ ਗੜੇ ਪੈਣ ਦੀ ਸੰਭਾਵਨਾ ਹੈ।
ਇਸ ਦੇ ਨਾਲ ਹੀ ਚੰਡੀਗੜ੍ਹ ਅਤੇ ਹਰਿਆਣਾ ਦੇ 10 ਜ਼ਿਲ੍ਹਿਆਂ ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕੈਥਲ, ਕਰਨਾਲ, ਜੀਂਦ, ਪਾਣੀਪਤ, ਸੋਨੀਪਤ, ਰੋਹਤਕ ਅਤੇ ਝੱਜਰ ਵਿਚ ਆਰੇਂਜ ਅਲਰਟ ਅਤੇ ਬਾਕੀ ਸਾਰੇ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਦਿਤਾ ਗਿਆ ਹੈ। ਇਥੇ ਵੀ ਤੇਜ਼ ਹਵਾਵਾਂ ਅਤੇ ਮੀਂਹ ਦੇ ਨਾਲ ਗੜੇ ਪੈਣ ਦੀ ਸੰਭਾਵਨਾ ਹੈ।
ਇਹ ਪੱਛਮੀ ਗੜਬੜ ਅਗਲੇ ਦੋ ਦਿਨ ਹੋਰ ਸਰਗਰਮ ਰਹਿਣ ਵਾਲੀ ਹੈ। ਇਨ੍ਹਾਂ ਦਿਨਾਂ 'ਚ ਹਿਮਾਚਲ 'ਚ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪੰਜਾਬ ਅਤੇ ਹਰਿਆਣਾ ਦੇ ਕੁੱਝ ਇਲਾਕਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ।
(For more Punjabi news apart from Punjab Weather News rain alert in punjab and chandigarh, stay tuned to Rozana Spokesman)