ਮੁੱਖ ਮੰਤਰੀ ਨੇ ਰਾਵੀ-ਬਿਆਸ ਜਲ ਟ੍ਰਿਬਿਊਨਲ ਅੱਗੇ ਜ਼ੋਰਦਾਰ ਢੰਗ ਨਾਲ ਉਭਾਰਿਆ ਸੂਬੇ ਦਾ ਪੱਖ
Published : Feb 19, 2025, 10:25 pm IST
Updated : Feb 19, 2025, 10:25 pm IST
SHARE ARTICLE
CM Bhagwant Mann
CM Bhagwant Mann

ਪੰਜਾਬ ਕੋਲ ਹੋਰਨਾਂ ਸੂਬਿਆਂ ਨੂੰ ਦੇਣ ਲਈ ਇੱਕ  ਬੂੰਦ ਪਾਣੀ ਵੀ ਵਾਧੂ ਨਹੀਂ : ਮੁੱਖ ਮੰਤਰੀ

ਚੰਡੀਗੜ੍ਹ : ਰਾਵੀ-ਬਿਆਸ ਜਲ ਟ੍ਰਿਬਿਊਨਲ ਅੱਗੇ ਸੂਬੇ ਦੇ ਹੱਕੀ ਪੱਖ ਦੀ ਜ਼ੋਰਦਾਰ ਵਕਾਲਤ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸਪੱਸ਼ਟ ਤੌਰ ’ਤੇ ਕਿਹਾ ਕਿ ਸੂਬੇ ਕੋਲ ਦੂਜੇ ਸੂਬਿਆਂ ਨੂੰ ਦੇਣ ਲਈ ਪਾਣੀ ਦੀ ਇੱਕ ਬੂੰਦ ਵੀ ਵਾਧੂ ਨਹੀਂ ਹੈ।

ਚੇਅਰਮੈਨ ਜਸਟਿਸ ਵਿਨੀਤ ਸਰਨ ਦੀ ਅਗਵਾਈ ਵਾਲੀ ਟ੍ਰਿਬਿਊਨਲ,  ਮੈਂਬਰਾਨ ਜਸਟਿਸ ਪੀ ਨਵੀਨ ਰਾਓ ਅਤੇ ਜਸਟਿਸ ਸੁਮਨ ਸ਼ਿਆਮ ਅਤੇ ਰਜਿਸਟਰਾਰ ਰੀਟਾ ਚੋਪੜਾ ਨਾਲ ਕੀਤੀ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬੇ ਕੋਲ ਕਿਸੇ ਹੋਰ ਸੂਬੇ ਨਾਲ ਸਾਂਝਾ ਕਰਨ ਲਈ ਕੋਈ ਵਾਧੂ ਪਾਣੀ ਉਪਲਬਧ ਨਹੀਂ ਹੈ ਅਤੇ ਕਿਸੇ ਨਾਲ ਇੱਕ ਵੀ ਬੂੰਦ ਪਾਣੀ ਸਾਂਝਾ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਰਾਜ ਨਾਲ ਸਾਂਝਾ ਕਰਨ ਲਈ ਵਾਧੂ ਪਾਣੀ ਨਹੀਂ ਹੈ ਅਤੇ ਅੰਤਰਰਾਸ਼ਟਰੀ ਨਿਯਮਾਂ ਅਨੁਸਾਰ ਪਾਣੀ ਦੀ ਉਪਲਬਧਤਾ ਦਾ ਮੁੜ ਮੁਲਾਂਕਣ ਕਰਨ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਰਾਵੀ ਜਲ ਪ੍ਰਣਾਲੀ ਨੂੰ ਵਾਚਣ ਲਈ ਸੂਬੇ ਦੇ ਦੌਰੇ ’ਤੇ ਆਏ ਟ੍ਰਿਬਿਊਨਲ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੇ ਲੋਕਾਂ ਨੂੰ ਇਨਸਾਫ਼ ਦਿਵਾਏ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ 76.5 ਫੀਸਦੀ ਬਲਾਕ (153 ਵਿੱਚੋਂ 117) ਦੀ ਸਥਿਤੀ ਬਹੁਤ ਗੰਭੀਰ ਹੈ ਕਿਉਂਕਿ ਜਿੱਥੇ ਜ਼ਮੀਨੀ ਪਾਣੀ ਕੱਢਣ ਦੀ ਦਰ 100 ਫੀਸਦੀ ਤੋਂ ਵੀ ਵੱਧ ਹੈ, ਜਦੋਂ ਕਿ ਹਰਿਆਣਾ ਵਿੱਚ ਮਹਿਜ਼ 61.5 ਫੀਸਦੀ ਬਲਾਕ (143 ਵਿੱਚੋਂ 88) ਅਤਿ- ਸ਼ੋਸ਼ਿਤ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਜ਼ਿਆਦਾਤਰ ਦਰਿਆਈ ਸਰੋਤ ਸੁੱਕ ਚੁੱਕੇ ਹਨ, ਇਸ ਲਈ ਪੰਜਾਬ ਨੂੰ ਆਪਣੀਆਂ ਸਿੰਚਾਈ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਹੋਰ ਪਾਣੀ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਥਿਤੀ ਇੰਨੀ ਗੰਭੀਰ ਹੈ ਕਿ ਪੰਜਾਬ ਸ਼ ਪਾਣੀ ਦੀ ਇੰਨੀ ਘਾਟ ਹੋਣ ਦੇ ਬਾਵਜੂਦ ਦੂਜਿਆਂ ਸੂਬਿਆਂ ਲਈ ਅਨਾਜ ਪੈਦਾ ਕਰ ਰਿਹਾ ਹੈ ਤਾਂ ਕਿ ਪੂਰੇ ਦੇਸ਼ ਨੂੰ ਅੰਨ ਦੀ ਕੋਈ ਕਿੱਲਤ ਦਾ ਸਾਹਮਣਾ ਨਾ ਕਰਨਾ ਪਵੇ। 

ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀ ਸਥਿਤੀ ਵਿੱਚ ਕਿਸੇ ਹੋਰ ਰਾਜ ਨਾਲ ਪਾਣੀ ਦੀ ਇੱਕ ਬੂੰਦ ਵੀ ਸਾਂਝੀ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਹਰ ਮੰਚ ’ਤੇ ਪਾਣੀ ਦੀ ਘੱਟ ਉਪਲਬਧਤਾ ਦੇ ਮੁੱਦੇ ਨੂੰ ਜ਼ੋਰਦਾਰ ਢੰਗ ਨਾਲ ਪੇਸ਼ ਕੀਤਾ ਹੈ ਅਤੇ ਇਹ ਵੀ ਕਿਹਾ ਹੈ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਹੱਕਾਂ ਦੀ ਰਾਖੀ ਕਰਨਾ ਸਾਡੇ ਲਈ ਅਤਿ- ਜ਼ਰੂਰੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਸੂਬੇ ਅਤੇ ਇਸ ਦੇ ਲੋਕਾਂ ਦੇ ਹਿੱਤਾਂ ਦੀ ਹਰ ਤਰ੍ਹਾਂ ਨਾਲ ਰਾਖੀ ਕੀਤੀ ਜਾਵੇ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਟ੍ਰਿਬਿਊਨਲ ਨੂੰ ਦੱਸਿਆ ਕਿ ਰਾਵੀ ਅਤੇ ਬਿਆਸ ਦਰਿਆਵਾਂ ਵਾਂਗ ਯਮੁਨਾ ਨਦੀ ਵੀ ਪੁਨਰਗਠਨ ਤੋਂ ਪਹਿਲਾਂ ਪੰਜਾਬ ਦੇ ਪੁਰਾਣੇ ਸੂਬਾਈ ਰਕਬੇ ਵਿੱਚੋਂ ਲੰਘਦੀ ਸੀ, ਪਰ ਦਰਿਆਈ ਪਾਣੀਆਂ ਦੀ ਵੰਡ ਕਰਦੇ ਸਮੇਂ, ਪੰਜਾਬ ਅਤੇ ਹਰਿਆਣਾ ਵਿਚਕਾਰ, ਯਮੁਨਾ ਦੇ ਪਾਣੀਆਂ ’ਤੇ ਵਿਚਾਰ ਨਹੀਂ ਕੀਤਾ ਗਿਆ, ਜਦੋਂ ਕਿ ਵੰਡ ਲਈ ਰਾਵੀ ਅਤੇ ਬਿਆਸ ਦੇ ਪਾਣੀਆਂ ਨੂੰ ਧਿਆਨ ਵਿੱਚ ਰੱਖਿਆ ਗਿਆ ਸੀ। ਉਨ੍ਹਾਂ ਕਿਹਾ ਕਿ ਸੂਬੇ ਵੱਲੋਂ ਕਈ ਵਾਰਾ ਯਮੁਨਾ ਦੇ ਪਾਣੀਆਂ ਦੀ ਵੰਡ ਲਈ ਗੱਲਬਾਤ ਵਿੱਚ ਆਪਣੀ ਸ਼ਮੂਲੀਅਤ ਤੇ ਸਰੋਕਾਰ ਦਰਸਾਉਣ ਲਈ ਬੇਨਤੀ ਕੀਤੀ ਗਈ ਹੈ , ਪਰ ਸਾਡੀ ਬੇਨਤੀ ’ਤੇ ਇਸ ਆਧਾਰ ’ਤੇ ਵਿਚਾਰ ਨਹੀਂ ਕੀਤਾ ਗਿਆ ਕਿ ਪੰਜਾਬ ਦਾ ਕੋਈ ਵੀ ਭੂਗੋਲਿਕ ਖੇਤਰ ਯਮੁਨਾ ਬੇਸਿਨ ਵਿੱਚ ਨਹੀਂ ਆਉਂਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰਿਆਣਾ ਰਾਵੀ ਅਤੇ ਬਿਆਸ ਦਰਿਆਵਾਂ ਦਾ ਬੇਸਿਨ ਸੂਬਾ ਨਹੀਂ ਹੈ, ਪਰ ਪੰਜਾਬ ਨੂੰ ਇਨ੍ਹਾਂ ਦਰਿਆਵਾਂ ਦਾ ਪਾਣੀ ਹਰਿਆਣਾ ਨਾਲ ਸਾਂਝਾ ਕਰਨ ਲਈ ਮਜਬੂਰ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਹਰਿਆਣਾ ਨੂੰ ਪੰਜਾਬ ਦੇ ਉੱਤਰਾਧਿਕਾਰੀ ਰਾਜ ਵਜੋਂ ਰਾਵੀ-ਬਿਆਸ ਦਾ ਪਾਣੀ ਮਿਲਦਾ ਹੈ, ਤਾਂ ਉਸੇ ਸਮਾਨਤਾ ਦੇ ਆਧਾਰ ’ਤੇ, ਯਮੁਨਾ ਦਾ ਪਾਣੀ ਵੀ ਪੰਜਾਬ ਦੇ ਉੱਤਰਾਧਿਕਾਰੀ ਰਾਜ ਵਜੋਂ ਸਾਂਝਾ ਕੀਤਾ ਜਾਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨਹਿਰੀ ਪਾਣੀ ਨੂੰ ਸਿੰਚਾਈ ਲਈ ਵਰਤਣ ਲਈ ਸਖ਼ਤ ਯਤਨ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਸ ਸਮੇਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਸੀ, ਉਸ ਸਮੇਂ ਸੂਬੇ ਵਿੱਚ ਸਿਰਫ਼ 21 ਫੀਸਦੀ ਨਹਿਰੀ ਪਾਣੀ ਹੀ ਸਿੰਚਾਈ ਲਈ ਵਰਤਿਆ ਜਾ ਰਿਹਾ ਸੀ।  ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਅੱਜ 84 ਫੀਸਦ ਨਹਿਰੀ ਪਾਣੀ ਸਿੰਚਾਈ ਲਈ ਵਰਤਿਆ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਧਰਤੀ ਹੇਠਲੇ ਪਾਣੀ ਦਾ ਪੱਧਰ ਵਧਣ ਲੱਗ ਪਿਆ ਹੈ ਅਤੇ ਕੇਂਦਰ ਸਰਕਾਰ ਦੀ ਰਿਪੋਰਟ ਅਨੁਸਾਰ ਇਸ ਵਿੱਚ ਇੱਕ ਮੀਟਰ ਦਾ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਣਕ/ਝੋਨੇ ਦੇ ਚੱਕਰ ਵਿੱਚੋਂ ਬਾਹਰ ਕੱਢ ਕੇ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਬਦਲਵੀਆਂ ਫ਼ਸਲਾਂ ’ਤੇ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦਿੱਤਾ ਜਾਵੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਰਾਸ਼ਟਰੀ ਖੁਰਾਕ ਪੂਲ ਵਿੱਚ 180 ਲੱਖ ਮੀਟ੍ਰਿਕ ਟਨ ਚੌਲਾਂ ਦਾ ਯੋਗਦਾਨ ਪਾਉਂਦਾ ਹੈ, ਜਿਸ ਨਾਲ ਦੇਸ਼ ਵਿੱਚ ਭੋਜਨ ਸੁਰੱਖਿਆ ਯਕੀਨੀ ਬਣਦੀ ਹੈ। ਉਨ੍ਹਾਂ ਦੁੱਖ ਪ੍ਰਗਟਾਉਂਦਿਆਂ ਕਿਹਾ ਕਿ ਸੂਬੇ ਤੋਂ ਅਨਾਜ ਲੈ ਲੈਣ ਤੋਂ ਬਾਅਦ, ਪੰਜਾਬ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਾੜ ਕੇ ਪ੍ਰਦੂਸ਼ਣ ਪੈਦਾ ਕਰਨ ਦਾ ਦੋਸ਼ੀ ਠਹਿਰਾਇਆ ਜਾਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਗ਼ੈਰ-ਵਾਜਿਬ ਅਤੇ ਨਿਰਾਰਥਕ ਹੈ ਕਿਉਂਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਸਵੈ-ਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦਾ ਅੰਨਦਾਤਾ ਹੋਣ ਦੇ ਨਾਲ-ਨਾਲ, ਪੰਜਾਬ ਨੂੰ ਦੇਸ਼ ਦੀ ਖੜਗ ਭੁਜਾ ਹੋਣ ਦਾ ਵੀ ਮਾਣ ਹਾਸਲ ਹੈ ਅਤੇ ਇਥੋਂ ਦੇ ਲੋਕ ਦੁਨੀਆ ਭਰ ਵਿੱਚ ਆਪਣੀ ਹਿੰਮਤ, ਸਿਰੜ ਅਤੇ ਉੱਦਮੀ ਸੁਭਾਅ ਲਈ ਜਾਣੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਧਰਤੀ ਦੇ ਜ਼ੱਰੇ-ਜੱਰੇ ਨੂੰ  ਅੱਮਹਾਨ ਗੁਰੂਆਂ, ਸੰਤਾਂ ਅਤੇ ਸ਼ਹੀਦਾਂ ਦੀ ਚਰਨ ਛੋਹ ਪ੍ਰਾਪਤ ਹੈ, ਜਿਨ੍ਹਾਂ ਨੇ ਸਾਨੂੰ ਜ਼ੁਲਮ, ਬੇਇਨਸਾਫ਼ੀ ਦਾ ਵਿਰੋਧ ਕਰਨ ਦਾ ਰਸਤਾ ਦਿਖਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਆਪਣੀ ਅਮੀਰ ਸੱਭਿਆਚਾਰ, ਵਿਰਾਸਤ ਅਤੇ ਆਪਣੀ ਨਿੱਘੀ ਮਹਿਮਾਨ ਨਿਵਾਜ਼ੀ ਲਈ ਦੁਨੀਆ ਭਰ ਵਿੱਚ ਜਾਣਿਆ ਜਾਂਦਾ ਹੈ।

SHARE ARTICLE

ਏਜੰਸੀ

Advertisement

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM
Advertisement