
ਜੇ ਪੁੱਛਗਿੱਛ ਨਹੀਂ ਕੀਤੀ ਤਾਂ ਅਧਿਕਾਰੀਆਂ ਦੀ ਹੋਵੇ ਜਾਂਚ : HC
ਚੰਡੀਗੜ੍ਹ: ਸੀਆਈਏ ਖਰੜ ਵਿਖੇ ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਕੇਸ ਸਬੰਧੀ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਮਾਮਲੇ ਦੀ ਜਾਂਚ ਕਰ ਰਹੀ ਪ੍ਰਬੋਧ ਕੁਮਾਰ ਦੀ ਅਗਵਾਈ ਵਾਲੀ ਐਸਆਈਟੀ ਨੇ ਅਦਾਲਤ ਵਿੱਚ ਇੱਕ ਸੀਲਬੰਦ ਸਟੇਟਸ ਰਿਪੋਰਟ ਪੇਸ਼ ਕੀਤੀ। ਰਿਪੋਰਟ ਪੜ੍ਹਨ ਤੋਂ ਬਾਅਦ, ਅਦਾਲਤ ਨੇ ਪੰਜਾਬ ਦੇ ਡੀਜੀਪੀ ਪ੍ਰਬੋਧ ਕੁਮਾਰ ਤੋਂ ਇੱਕ ਮਹੱਤਵਪੂਰਨ ਸਵਾਲ ਪੁੱਛਿਆ ਕਿ ਜਦੋਂ ਲਾਰੈਂਸ ਬਿਸ਼ਨੋਈ ਏਜੀਟੀਐਫ (ਐਂਟੀ-ਗੈਂਗਸਟਰ ਟਾਸਕ ਫੋਰਸ) ਦੀ ਹਿਰਾਸਤ ਵਿੱਚ ਸੀ, ਤਾਂ ਕੀ ਐਸਆਈਟੀ ਨੇ ਕਿਸੇ ਏਜੀਟੀਐਫ ਅਧਿਕਾਰੀ ਤੋਂ ਪੁੱਛਗਿੱਛ ਕੀਤੀ ਸੀ ਜਾਂ ਨਹੀਂ।
ਅਦਾਲਤ ਨੇ ਸਪੱਸ਼ਟ ਨਿਰਦੇਸ਼ ਦਿੱਤੇ ਕਿ ਜੇਕਰ AGTF ਅਧਿਕਾਰੀਆਂ ਤੋਂ ਅਜੇ ਤੱਕ ਪੁੱਛਗਿੱਛ ਨਹੀਂ ਕੀਤੀ ਗਈ ਹੈ, ਤਾਂ ਉਨ੍ਹਾਂ ਤੋਂ ਤੁਰੰਤ ਪੁੱਛਗਿੱਛ ਕੀਤੀ ਜਾਵੇ। ਅਦਾਲਤ ਨੇ ਇਹ ਵੀ ਕਿਹਾ ਕਿ AGTF ਦੇ ਸੀਨੀਅਰ ਅਧਿਕਾਰੀਆਂ ਤੋਂ ਜਵਾਬ ਮੰਗਣਾ ਜ਼ਰੂਰੀ ਹੈ ਕਿਉਂਕਿ ਇਹ ਮਾਮਲਾ ਕਿਸੇ ਜੂਨੀਅਰ ਅਧਿਕਾਰੀ ਦਾ ਕੰਮ ਨਹੀਂ ਹੋ ਸਕਦਾ। ਇਸ ਪਿੱਛੇ ਸ਼ਾਮਲ ਉੱਚ ਅਧਿਕਾਰੀਆਂ ਦੀ ਪਛਾਣ ਕਰਨਾ ਮਹੱਤਵਪੂਰਨ ਹੈ।
ਹਾਲਾਂਕਿ, ਹਾਈ ਕੋਰਟ ਨੇ ਪ੍ਰਬੋਧ ਕੁਮਾਰ ਵੱਲੋਂ ਹੁਣ ਤੱਕ ਕੀਤੀ ਗਈ ਜਾਂਚ 'ਤੇ ਸੰਤੁਸ਼ਟੀ ਪ੍ਰਗਟ ਕੀਤੀ ਹੈ। ਪ੍ਰਬੋਧ ਕੁਮਾਰ ਨੇ ਜਾਂਚ ਪੂਰੀ ਕਰਨ ਲਈ ਦੋ ਮਹੀਨੇ ਦਾ ਸਮਾਂ ਮੰਗਿਆ ਸੀ, ਜਿਸ ਨੂੰ ਹਾਈ ਕੋਰਟ ਨੇ ਸਵੀਕਾਰ ਕਰ ਲਿਆ ਹੈ। ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਹ ਪੂਰੇ ਮਾਮਲੇ 'ਤੇ ਨੇੜਿਓਂ ਨਜ਼ਰ ਰੱਖੇਗੀ।