
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿ. ਹਰਪ੍ਰੀਤ ਸਿੰਘ ਮੁਤਾਬਕ ਉਨ੍ਹਾਂ ਨੂੰ ਸੂਚਨਾ ਮਿਲੀ ਹੈ ਕਿ ਹਜ਼ੂਰ ਸਾਹਿਬ ਤੋਂ ਵਾਪਸ ਆ ਰਹੀਆਂ ਸੰਗਤਾਂ
ਅੰਮ੍ਰਿਤਸਰ, 18 ਅਪ੍ਰੈਲ (ਸੁਖਵਿੰਦਰਜੀਤ ਸਿੰਘ ਬਹੋੜੂ) : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿ. ਹਰਪ੍ਰੀਤ ਸਿੰਘ ਮੁਤਾਬਕ ਉਨ੍ਹਾਂ ਨੂੰ ਸੂਚਨਾ ਮਿਲੀ ਹੈ ਕਿ ਹਜ਼ੂਰ ਸਾਹਿਬ ਤੋਂ ਵਾਪਸ ਆ ਰਹੀਆਂ ਸੰਗਤਾਂ ਨੂੰ ਮੱਧ ਪ੍ਰਦੇਸ਼ ਵਿਚ ਇੰਦੌਰ ਸ਼ਹਿਰ ਦੇ ਬਾਹਰਵਾਰ ਰੋਕ ਲਿਆ ਗਿਆ ਹੈ, ਜਿਸ ਨਾਲ ਸੰਗਤਾਂ ਬਹੁਤ ਮੁਸ਼ਕਲ ਵਿਚ ਫਸ ਗਈਆਂ ਹਨ। ਇਨ੍ਹਾਂ ਦੀ ਗਿਣਤੀ 90 ਦੇ ਕਰੀਬ ਹੈ। ਪ੍ਰਸ਼ਾਸਨ ਵਲੋਂ ਕੋਈ ਪ੍ਰਬੰਧ ਨਾ ਹੋਣ ਕਾਰਨ, ਸੰਗਤਾਂ ਨੂੰ ਭੁੱਖੇ ਰਹਿ ਕੇ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
File photo
ਜਥੇਦਾਰ ਨੇ ਕਿਹਾ ਕਿ ਇੰਗਲੈਂਡ, ਕੈਨੇਡਾ, ਮਲੇਸ਼ੀਆ ਆਦਿ ਦੇਸ਼ਾਂ ਦੀਆਂ ਸਰਕਾਰਾਂ ਨੇ ਵਿਸ਼ੇਸ਼ ਉਡਾਣਾਂ ਰਾਹੀਂ ਅਪਣੇ ਨਾਗਰਿਕਾਂ ਨੂੰ ਭਾਰਤ ਤੋਂ ਵਾਪਸ ਬੁਲਾਇਆ ਹੈ। ਇਸ ਲਈ ਰਸਤਿਆਂ ਵਿਚ ਫਸੇ ਲੋਕਾਂ ਨੂੰ ਘਰੋ-ਘਰ ਪਹੁੰਚਾਉਣ ਲਈ ਭਾਰਤ ਸਰਕਾਰ ਦੀ ਵੀ ਪਹਿਲ ਦੇ ਆਧਾਰ ’ਤੇ ਨੈਤਿਕ ਜ਼ਿੰਮੇਵਾਰ ਹੈ। ਇੰਦੌਰ ਵਿਚ ਫਸੀ ਸੰਗਤ ਦਾ ਨੋਟਿਸ ਲੈਂਦਿਆਂ ਜਥੇਦਾਰ ਨੇ ਕਿਹਾ ਕਿ ਭਾਰਤ ਤੇ ਪੰਜਾਬ ਸਰਕਾਰ ਤੁਰਤ ਸੰਗਤ ਨੂੰ ਪੰਜਾਬ ਆਉਣ ਲਈ ਪ੍ਰਵਾਨਗੀ ਪੱਤਰ ਜਾਰੀ ਕਰੇ।
ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਹਜੂਰ ਸਾਹਿਬ ਵਿਚ ਰੁਕੀ ਹੋਈ ਸੰਗਤ ਨੂੰ ਪੰਜਾਬ ਲਿਆਉਣ ਲਈ ਵੀ ਜਲਦੀ ਤੋਂ ਜਲਦੀ ਕੋਈ ਠੋਸ ਕਦਮ ਉਠਾਇਆ ਜਾਵੇ। ਇਹ ਜ਼ਿਕਰਯੋਗ ਹੈ ਕਿ ਸਿੱਖ ਸੰਗਤਾਂ ਤਖ਼ਤ ਹਜ਼ੂਰ ਸਾਹਿਬ ਦੇ ਦਰਸ਼ਨ ਕਰਨ ਲਈ ਗਈਆਂ ਸਨ ਪਰ ਕਰੋਨਾ ਕਾਰਨ ਦੇਸ਼ ਵਿਚ ਕਰਫ਼ਿਊ ਲੱਗ ਜਾਣ ਕਾਰਨ ਉਹ ਉਥੇ ਫਸ ਗਏ ਸਨ।