
ਬੀਤੇ ਦਿਨੀਂ ਐਸ.ਜੀ.ਪੀ.ਸੀ. ਵਲੋਂ ਮੁੱਖ ਮੰਤਰੀ ਨੂੰ ਮੁਆਫ਼ੀ ਮੰਗਣ ਲਈ ਕਿਹਾ ਗਿਆ ਸੀ
ਚੰਡੀਗੜ੍ਹ: ਬੀਤੇ ਦਿਨੀ ਮੁੱਖ ਮੰਤਰੀ ਮਾਨ ਨੇ ਸ੍ਰੀ ਦਮਦਮਾ ਸਾਹਿਬ ਵਿਖੇ ਸ਼ਿਰਕਤ ਕੀਤੀ ਸੀ ਜਿਸ ਤੋਂ ਬਾਅਦ ਕਈ ਸਿਆਸੀ ਲੀਡਰਾਂ ਨੇ ਇਲਜ਼ਾਮ ਲਗਾਏ ਸਨ ਕਿ ਮੁੱਖ ਮੰਤਰੀ ਗੁਰਦੁਆਰਾ ਸਾਹਿਬ ਵਿਚ ਨਸ਼ਾ ਕਰ ਕੇ ਗਏ ਹਨ। ਇਸ ਮਸਲੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇੱਕ ਬਿਆਨ ਸਾਹਮਣੇ ਆਇਆ ਹੈ ਜਿਸ ਵਿਚ ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦਾ ਅਤੇ ਗੁਰੂ ਦਾ ਆਪਸੀ ਮਾਮਲਾ ਹੈ।
SGPC
ਹਾਲਾਂਕਿ ਦੋ ਦਿਨ ਪਹਿਲਾਂ ਸ਼੍ਰੋਮਣੀ ਕਮੇਟੀ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੁਆਫੀ ਮੰਗਣ ਲਈ ਵੀ ਕਿਹਾ ਗਿਆ ਸੀ। ਹੁਣ ਇਸ ਬਾਰੇ ਐਸ.ਜੀ.ਪੀ.ਸੀ. ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਇਹ ਇੱਕ ਵਿਅਕਤੀ ਅਤੇ ਉਸ ਦੇ ਗੁਰੂ ਦਾ ਮਾਮਲਾ ਹੈ। ਅਸੀਂ ਇਸ ਵਿੱਚ ਅੱਗੇ ਕੋਈ ਕਾਰਵਾਈ ਨਹੀਂ ਕਰਾਂਗੇ।
Bhagwant mann
ਦੱਸਣਯੋਗ ਹੈ ਕਿ ਮਾਮਲਾ ਉਦੋਂ ਦਾ ਹੈ ਜਦੋਂ ਬੀਤੀ 14 ਅਪ੍ਰੈਲ ਨੂੰ ਵਿਸਾਖੀ ਵਾਲੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਤਲਵੰਡੀ ਸਾਬੋ ਵਿਖੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਨਤਮਸਤਕ ਹੋਏ ਸਨ।
Sukhbir Badal
ਉਸ ਤੋਂ ਬਾਅਦ ਅਕਾਲੀ ਦਲ ਦੇ ਆਗੂ ਸੁਖਬੀਰ ਬਾਦਲ ਨੇ ਦੋਸ਼ ਲਾਇਆ ਕਿ ਭਗਵੰਤ ਮਾਨ ਸ਼ਰਾਬ ਦੇ ਨਸ਼ੇ ਵਿੱਚ ਹਨ। ਉਨ੍ਹਾਂ ਨੇ ਮੁੱਖ ਮੰਤਰੀ 'ਤੇ ਬੇਅਦਬੀ ਦਾ ਦੋਸ਼ ਲਗਾਉਂਦੇ ਹੋਏ ਮੈਡੀਕਲ ਜਾਂਚ ਦੀ ਮੰਗ ਕੀਤੀ ਸੀ। ਇਸ ਤੋਂ ਇਲਾਵਾ ਭਾਰਤੀ ਜਨਤਾ ਪਾਰਟੀ ਦੇ ਆਗੂ ਤੇਜਿੰਦਰ ਪਾਲ ਬੱਗਾ ਨੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਪੁਲਿਸ ਨੂੰ ਸ਼ਿਕਾਇਤ ਵੀ ਦਿੱਤੀ ਸੀ। ਉਧਰ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਭਗਵੰਤ ਮਾਨ 'ਤੇ ਲੱਗੇ ਦੋਸ਼ਾਂ ਨੂੰ ਝੂਠਾ ਅਤੇ ਬੇਬੁਨਿਆਦ ਕਰਾਰ ਦਿੱਤਾ ਸੀ।
Malwinder Singh Kang
ਇਸ ਮਾਮਲੇ ਬਾਰੇ ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਸੀ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਮੁੱਖ ਮੰਤਰੀ ਖ਼ਿਲਾਫ਼ ਕੀਤਾ ਜਾ ਰਿਹਾ ਕੂੜ ਪ੍ਰਚਾਰ ਮੰਦਭਾਗਾ ਹੈ। ਸੁਖਬੀਰ ਨੂੰ ਬੇਬੁਨਿਆਦ ਦੋਸ਼ ਲਗਾਉਣ ਦੀ ਬਜਾਏ ਸਕਾਰਾਤਮਕ ਰਾਜਨੀਤੀ ਕਰਨੀ ਚਾਹੀਦੀ ਹੈ।