
ਦੋਸ਼ੀ ਪਹਿਲੀ ਕਿਸ਼ਤ ਵਜੋਂ 5000 ਰੁਪਏ ਰਿਸ਼ਵਤ ਕਰ ਚੁੱਕੇ ਸਨ ਵਸੂਲ
7 ਹਜ਼ਾਰ ਦੀ ਦੂਜੀ ਕਿਸ਼ਤ ਲੈਂਦਿਆਂ ਇੰਦਰਜੀਤ ਸਿੰਘ ਨੂੰ ਵਿਜੀਲੈਂਸ ਨੇ ਰੰਗੇ ਹੱਥੀਂ ਕੀਤਾ ਕਾਬੂ
ਮਾਲ ਪਟਵਾਰੀ ਅਮਨਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਲਈ ਟੀਮਾਂ ਦਾ ਗਠਨ
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਭਿ੍ਰਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਬੁੱਧਵਾਰ ਨੂੰ ਜ਼ਿਲ੍ਹਾ ਲੁਧਿਆਣਾ ਦੀ ਤਹਿਸੀਲ ਸਾਹਨੇਵਾਲ ਦੇ ਪਿੰਡ ਧਰੌੜ ਵਿਖੇ ਤਾਇਨਾਤ ਮਾਲ ਪਟਵਾਰੀ ਅਮਨਪ੍ਰੀਤ ਸਿੰਘ ਅਤੇ ਉਸ ਦੇ ਨਿੱਜੀ ਸਾਥੀ ਇੰਦਰਜੀਤ ਸਿੰਘ ਵਿਰੁੱਧ 7000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ। ਇਸ ਕੇਸ ਵਿੱਚ ਇੰਦਰਜੀਤ ਸਿੰਘ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਿੰਡ ਨੰਦਪੁਰ, ਤਹਿਸੀਲ ਸਾਹਨੇਵਾਲ ਦੇ ਵਸਨੀਕ ਸਰਬਜੀਤ ਭਾਟੀਆ ਦੀ ਸ਼ਿਕਾਇਤ 'ਤੇ ਉਕਤ ਦੋਵਾਂ ਦੋਸ਼ੀਆਂ ਖ਼ਿਲਾਫ਼ ਇਹ ਕੇਸ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰ ਕੇ ਦੋਸ਼ ਲਗਾਇਆ ਕਿ ਉਕਤ ਪਟਵਾਰੀ ਅਤੇ ਉਸ ਦਾ ਨਿੱਜੀ ਸਾਥੀ ਉਸ ਦੀ ਨਵੀਂ ਕਲੋਨੀ ਨਾਲ ਸਬੰਧਤ ਰਿਪੋਰਟ ਸੇਣ ਬਦਲੇ 20,000 ਰੁਪਏ ਦੀ ਮੰਗ ਰਹੇ ਹਨ ਤਾਂ ਜੋ ਜ਼ਮੀਨ ਦੀ ਵਰਤੋਂ ਸਬੰਧੀ ਤਬਾਦਲਾ ਅਤੇ ਇਤਰਾਜ਼ਹੀਣਤਾ ਸਰਟੀਫੀਕੇਟ ਹਾਸਲ ਕੀਤਾ ਜਾ ਸਕੇ।
ਬੁਲਾਰੇ ਨੇ ਅੱਗੇ ਦੱਸਿਆ ਕਿ ਸੌਦਾ 12,000 ਰੁਪਏ ਵਿੱਚ ਤੈਅ ਹੋਇਆ। ਮੁਲਜ਼ਮਾਂ ਨੇ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 5000 ਰੁਪਏ ਪਹਿਲਾਂ ਹੀ ਲੈ ਲਏ ਹਨ ਅਤੇ ਦੋਸ਼ੀਆਂ ਵੱਲੋਂ ਬਕਾਇਆ ਰਕਮ ਦੀ ਮੰਗ ਕੀਤੀ ਜਾ ਰਹੀ ਹੈ।
ਪ੍ਰਾਪਤ ਇਤਲਾਹ ਦੀ ਬਾਰੀਕੀ ਨਾਲ ਪੜਤਾਲ ਕਰਨ ਮਗਰੋਂ ਲੁਧਿਆਣਾ ਰੇਂਜ ਦੀ ਵਿਜੀਲੈਂਸ ਟੀਮ ਨੇ ਉਕਤ ਪਟਵਾਰੀ ਦੇ ਸਾਥੀ ਇੰਦਰਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 7,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਕਾਬੂ ਕਰ ਲਿਆ। ਦੋਸ਼ੀ ਪਟਵਾਰੀ ਆਪਣੇ ਦਫਤਰ ’ਚ ਮੌਜੂਦ ਨਹੀਂ ਸੀ ਅਤੇ ਉਸ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਨ ਹੀ ਟੀਮਾਂ ਬਣਾਈਆਂ ਗਈਆਂ ਹਨ।
ਬੁਲਾਰੇ ਨੇ ਦੱਸਿਆ ਕਿ ਦੋਵਾਂ ਦੋਸ਼ੀਆਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ 7ਏ ਅਤੇ ਆਈ.ਪੀ.ਸੀ ਦੀ ਧਾਰਾ 120ਬੀ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮੁਕੱਦਮੇ ਦੀ ਅਗਲੇਰੀ ਪੁੱਛਗਿੱਛ ਜਾਰੀ ਹੈ।