
ਹਰਿਆਣਾ ਪੁਲਿਸ ਵਲੋਂ ਗ੍ਰਿਫਤਾਰ ਕੀਤੇ ਗਏ ਅਪਣੇ ਤਿੰਨ ਸਾਥੀਆਂ ਦੀ ਰਿਹਾਈ ਦੀ ਮੰਗ ਕਰ ਰਹੇ ਹਨ ਕਿਸਾਨ
ਅੰਬਾਲਾ: ਪੰਜਾਬ ਅਤੇ ਹਰਿਆਣਾ ਹੱਦ ਦੇ ਕੋਲ ਸ਼ੰਭੂ ’ਚ ਕਿਸਾਨਾਂ ਦੇ ਸ਼ੁਕਰਵਾਰ ਨੂੰ ਲਗਾਤਾਰ ਤੀਜੇ ਦਿਨ ਪਟੜੀਆਂ ’ਤੇ ਬੈਠੇ ਰਹਿਣ ਕਾਰਨ ਅੰਬਾਲਾ-ਅੰਮ੍ਰਿਤਸਰ ਮਾਰਗ ਰੇਲ ਆਵਾਜਾਈ ਰੁਕੀ ਰਹੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਕਿਸਾਨ ਹਰਿਆਣਾ ਪੁਲਿਸ ਵਲੋਂ ਗ੍ਰਿਫਤਾਰ ਕੀਤੇ ਗਏ ਅਪਣੇ ਤਿੰਨ ਸਾਥੀਆਂ ਦੀ ਰਿਹਾਈ ਦੀ ਮੰਗ ਕਰ ਰਹੇ ਹਨ।
ਅਧਿਕਾਰੀਆਂ ਨੇ ਦਸਿਆ ਕਿ ਲਗਭਗ 40 ਰੇਲ ਗੱਡੀਆਂ ਰੱਦ ਕਰ ਦਿਤੀਆਂ ਗਈਆਂ ਹਨ, ਜਦਕਿ 54 ਹੋਰ ਦਾ ਰਾਹ ਬਦਲ ਦਿਤਾ ਗਿਆ ਹੈ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ (ਕੇ.ਐਮ.ਐਮ.) ਦੇ ਬੈਨਰ ਹੇਠ ਕਿਸਾਨ ਪਟਿਆਲਾ ਜ਼ਿਲ੍ਹੇ ਦੇ ਸ਼ੰਭੂ ਵਿਖੇ ਪ੍ਰਦਰਸ਼ਨ ਕਰ ਰਹੇ ਹਨ।
ਪ੍ਰਦਰਸ਼ਨਕਾਰੀ ਕਿਸਾਨ ਬੁਧਵਾਰ ਨੂੰ ਅੰਬਾਲਾ-ਲੁਧਿਆਣਾ-ਅੰਮ੍ਰਿਤਸਰ ਮਾਰਗ ’ਤੇ ਰੇਲਵੇ ਟਰੈਕ ’ਤੇ ਧਰਨੇ ’ਤੇ ਬੈਠ ਗਏ ਸਨ ਅਤੇ ਅੰਦੋਲਨ ਦੌਰਾਨ ਹਰਿਆਣਾ ਪੁਲਿਸ ਵਲੋਂ ਗ੍ਰਿਫਤਾਰ ਕੀਤੇ ਗਏ ਤਿੰਨ ਸਾਥੀ ਕਿਸਾਨਾਂ ਦੀ ਰਿਹਾਈ ਦੀ ਮੰਗ ਕਰ ਰਹੇ ਸਨ। ਅੰਬਾਲਾ-ਅੰਮ੍ਰਿਤਸਰ ਮਾਰਗ ’ਤੇ ਰੇਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਤ ਹੋਈ ਕਿਉਂਕਿ ਪ੍ਰਦਰਸ਼ਨ ਤੀਜੇ ਦਿਨ ਵੀ ਜਾਰੀ ਰਿਹਾ। ਉਨ੍ਹਾਂ ਕਿਹਾ ਕਿ ਇਸ ਰੂਟ ’ਤੇ ਕੁੱਝ ਮਾਲ ਗੱਡੀਆਂ ਵੀ ਚੱਲਦੀਆਂ ਹਨ। ਅਧਿਕਾਰੀਆਂ ਨੇ ਕਿਹਾ ਕਿ ਰੇਲ ਆਵਾਜਾਈ ’ਚ ਵਿਘਨ ਪੈਣ ਨਾਲ ਮੁਸਾਫ਼ਰਾਂ ਨੂੰ ਪ੍ਰੇਸ਼ਾਨੀ ਹੋਈ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਜਦੋਂ ਤਕ ਤਿੰਨਾਂ ਕਿਸਾਨਾਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ, ਉਦੋਂ ਤਕ ਪ੍ਰਦਰਸ਼ਨ ਜਾਰੀ ਰਹੇਗਾ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕੇ.ਐਮ.ਐਮ. ਨੇ ਕਿਸਾਨਾਂ ਨੂੰ ਫਸਲਾਂ ਲਈ ਘੱਟੋ ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਸਰਕਾਰ ’ਤੇ ਦਬਾਅ ਬਣਾਉਣ ਲਈ ‘ਦਿੱਲੀ ਚਲੋ‘ ਦਾ ਸੱਦਾ ਦਿਤਾ ਸੀ। ਸੁਰੱਖਿਆ ਬਲਾਂ ਵਲੋਂ ਰੋਕੇ ਜਾਣ ਤੋਂ ਬਾਅਦ ਕਿਸਾਨ 13 ਫ਼ਰਵਰੀ ਤੋਂ ਪੰਜਾਬ-ਹਰਿਆਣਾ ਸਰਹੱਦ ’ਤੇ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਡੇਰਾ ਲਾ ਏ ਹੋਏ ਹਨ।