
ਲਵਜੀਤ ਸਿੰਘ ਵਾਸੀ ਬਰਗਾੜੀ ਵਜੋਂ ਹੋਈ ਮੁਲਜ਼ਮ ਦੀ ਪਛਾਣ
Punjab News: ਐਂਟੀ ਗੈਂਗਸਟਰ ਟਾਸਕ ਫੋਰਸ (AGTF)ਨੇ ਖ਼ੁਫ਼ੀਆ ਜਾਣਕਾਰੀ ਦੇ ਆਧਾਰ ਉੱਤੇ ਵਿਦੇਸ਼ੀ ਗੈਂਗਸਟਰ ਗੋਲਡੀ ਬਰਾੜ ਦੇ ਅਖ਼ੌਤੀ ਭਰਾ ਨੂੰ ਗ੍ਰਿਫ਼ਤਾਰ ਕੀਤਾ। ਪੁਲਿਸ ਨੇ 24 ਸਾਲਾ ਵਿਅਕਤੀ ਨੂੰ ਸਥਾਨਕ ਆਟੋਮੋਬਾਈਲ ਸ਼ੋਅਰੂਮ ਮਾਲਕ ਤੋਂ ਰੰਗਦਾਰੀ ਵਸੂਲਣ ਦੀ ਕੋਸ਼ਿਸ਼ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।
ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਲਜ਼ਮ ਲਵਜੀਤ ਵਾਸੀ ਬਰਗਾੜੀ ਜ਼ਿਲ੍ਹਾ ਫ਼ਰੀਦਕੋਟ ਦਾ ਰਹਿਣ ਵਾਲਾ ਹੈ। ਉਸ ਨੇ ਕਾਰੋਬਾਰੀ ਤੋਂ 1 ਕਰੋੜ ਰੁਪਏ ਦੀ ਰੰਗਦਾਰੀ ਦੀ ਮੰਗ ਕੀਤੀ ਸੀ ਅਤੇ ਸ਼ਿਕਾਇਤਕਰਤਾ ਅਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ। ਇਸ ਸਬੰਧੀ ਥਾਣਾ ਸੋਹਾਣਾ ਵਿਖੇ ਐਫ਼ਆਈਆਰ ਦਰਜ ਕੀਤੀ ਗਈ ਹੈ।
ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਮੁਲਜ਼ਮ ਨੇ ਆਪਣੀ ਪਛਾਣ ਛੁਪਾਉਣ ਅਤੇ ਪੁਲਿਸ ਤੋਂ ਬਚਣ ਲਈ ਕਾਲਾਂ ਕਰਨ ਲਈ ਵਰਚੁਅਲ ਨੰਬਰਾਂ ਅਤੇ ਸੋਸ਼ਲ ਮੀਡੀਆ ਐਪਲੀਕੇਸ਼ਨਾਂ ਦੀ ਵਰਤੋਂ ਕੀਤੀ।
ਡੀਜੀਪ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਦੋਂ ਵੀ ਰੰਗਦਾਰੀ ਦੀਆਂ ਕਾਲਾਂ ਆਉਂਦੀਆਂ ਹਨ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕਰਨ ਤਾਂ ਜੋ ਕਾਨੂੰਨ ਆਪਣਾ ਕੰਮ ਕਰ ਸਕੇ।