 
          	ਇਹ ਪ੍ਰਾਜੈਕਟ ਜਲਦੀ ਹੀ ਪੂਰਾ ਹੋ ਜਾਵੇਗਾ ਅਤੇ ਦੇਸ਼ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰੇਗਾ।
ਚੰਡੀਗੜ੍ਹ: ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਰਣਜੀਤ ਸਾਗਰ ਡੈਮ ਦੇ ਆਲੇ-ਦੁਆਲੇ ਨੂੰ ਸੈਰ ਸਪਾਟਾ ਸਥਾਨ ਵਿੱਚ ਬਦਲਣ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ। ਜਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਵੀਰਵਾਰ ਨੂੰ ਰਣਜੀਤ ਸਾਗਰ ਡੈਮ ਖੇਤਰ ਦੇ ਦੌਰੇ ਦੌਰਾਨ ਧਾਰ ਕਲਾਂ ਬਲਾਕ ਨੂੰ ਪ੍ਰਮੁੱਖ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਦੀ ਆਪਣੀ ਸੋਚ ਦਾ ਪ੍ਰਗਟਾਵਾ ਕੀਤਾ ਹੈ।
ਇਹ ਵੀ ਪੜ੍ਹੋ: ਮਾਛੀਵਾੜਾ ਸਾਹਿਬ ਨੇੜੇ ਖੇਤਾਂ ਵਿਚ ਮੱਕੀ ਦੀ ਫਸਲ ’ਤੇ ਸਪਰੇਅ ਕਰਦੇ ਹੋਏ ਨੌਜਵਾਨ ਖੇਤ ਮਜ਼ਦੂਰ
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸਮੁੱਚੇ ਖੇਤਰ ਦੇ ਵਿਕਾਸ ਲਈ ਇੱਕ ਵਿਆਪਕ ਖਾਕਾ ਤਿਆਰ ਕਰਨ ਦੇ ਵੀ ਨਿਰਦੇਸ਼ ਦਿਤੇ ਹਨ। ਇਸ ਸਬੰਧ ਵਿੱਚ ਵਧੇਰੇ ਜਾਣਕਾਰੀ ਦਿੰਦਿਆਂ ਸੈਰ ਸਪਾਟਾ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਇਸ ਖੇਤਰ ਵਿੱਚ ਮੌਜੂਦ ਕੁਦਰਤੀ ਸਰੋਤਾਂ ਦੇ ਭੰਡਾਰ ਨੂੰ ਮਾਨਤਾ ਦਿੱਤੀ ਹੈ, ਉਨ੍ਹਾਂ ਕਿਹਾ ਕਿ ਰਣਜੀਤ ਸਾਗਰ ਡੈਮ ਖੇਤਰ ਨੂੰ ਪ੍ਰਮੁੱਖ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਲਈ ਸੂਬਾ ਸਰਕਾਰ ਦੀ ਦੂਰਅੰਦੇਸ਼ੀ ਪਹੁੰਚ ਸੈਰ-ਸਪਾਟੇ ਰਾਹੀਂ ਆਰਥਿਕ ਵਿਕਾਸ ਨੂੰ ਅੱਗੇ ਵਧਾਉਣ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਮੰਤਰੀ ਨੇ ਉਮੀਦ ਦਾ ਪ੍ਰਗਟਾਵਾ ਕੀਤਾ ਕਿ ਇਹ ਪ੍ਰਾਜੈਕਟ ਜਲਦੀ ਹੀ ਪੂਰਾ ਹੋ ਜਾਵੇਗਾ ਅਤੇ ਦੇਸ਼ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰੇਗਾ।
 
                     
                
 
	                     
	                     
	                     
	                     
     
                     
                     
                     
                     
                    