
ਗੇਜਾ ਰਾਮ ਵਾਲਮੀਕੀ ਨੇ ਸਫ਼ਾਈ ਕਰਮਚਾਰੀਆਂ ਨੂੰ ਪੱਕਾ ਕਰਨ ਦੇ ਫ਼ੈਸਲੇ ਲਈ ਕੈਪਟਨ ਦਾ ਕੀਤਾ ਧਨਵਾਦ
ਚੰਡੀਗੜ੍ਹ, 18 ਜੂਨ (ਸੱਤੀ) : ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਵਾਲਮੀਕੀ ਨੇ ਅੱਜ ਪੰਜਾਬ ਸਰਕਾਰ ਵਲੋਂ ਸਥਾਨਕ ਸਰਕਾਰਾਂ ਵਿਭਾਗ ਅਧੀਨ ਸੂਬੇ ਦੀਆਂ ਵੱਖ-ਵੱਖ ਮਿਉਂਸਪੈਲਟੀਆਂ ਵਿਚ ਠੇਕੇ 'ਤੇ ਕੰਮ ਕਰ ਰਹੇ ਸਮੂਹ ਸਫ਼ਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਨੂੰ ਰੈਗੂਲਰ ਕਰਨ ਦਾ ਫ਼ੈਸਲਾ ਕਰਨ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਧਨਵਾਦ ਕੀਤਾ ਹੈ | ਗੇਜਾ ਰਾਮ ਵਾਲਮੀਕੀ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਨੇ ਸਫ਼ਾਈ ਕਰਮਚਾਰੀਆਂ ਦੀ ਬਹੁਤ ਪੁਰਾਣੀ ਤੇ ਵੱਡੀ ਮੰਗ ਨੂੰ ਪੂਰਾ ਕੀਤਾ ਹੈ ਜਿਸ ਨਾਲ ਸੂਬੇ ਦੇ ਸਮੂਹ ਸਫ਼ਾਈ ਕਰਮਚਾਰੀ ਅਤੇ ਉਨ੍ਹਾਂ ਦੇ ਪ੍ਰਵਾਰ ਕੈਪਟਨ ਸਰਕਾਰ ਦੇ ਸਦਾ ਧਨਵਾਦੀ ਰਹਿਣਗੇ | ਇਸ ਮੌਕੇ ਕਮਿਸ਼ਨ ਦੇ ਚੇਅਰਮੈਨ ਵਾਲਮੀਕੀ ਵਲੋਂ ਪੱਕੇ ਹੋਏ ਸਮੂਹ ਸਫ਼ਾਈ ਕਰਮਚਾਰੀਆਂ ਨੂੰ ਵੀ ਵਧਾਈ ਦਿਤੀ ਗਈ | ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੇ ਇਸ ਫ਼ੈਸਲੇ ਨਾਲ ਅੱਜ ਪੰਜਾਬ ਦੇ ਸਮੂਹ ਸਫ਼ਾਈ ਕਰਮਚਾਰੀਆਂ ਵਿਚ ਦੀਵਾਲੀ ਅਤੇ ਈਦ ਵਰਗਾ ਮਹੌਲ ਪਾਇਆ ਜਾ ਰਿਹਾ ਹੈ |