
ਜਾਨਾਂ ਗੁਆ ਚੁੱਕੇ ਨਾਇਕਾਂ ਨੂੰ ਪੰਜਾਬ ਹਮੇਸ਼ਾ ਯਾਦ ਰੱਖੇਗਾ, ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਵੀ ਅਜਿਹੀਆਂ ਕੁਰਬਾਨੀਆਂ ਦੇਣ ਵਾਲਿਆਂ ਨੂੰ ਨੌਕਰੀਆਂ ਦੀ ਪੇਸ਼ਕਸ਼
ਚੰਡੀਗੜ੍ਹ - ਦੋ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀਆਂ ਦੇਣ ਲਈ ਆਪਣੀ ਸਰਕਾਰ ਦੇ ਫੈਸਲੇ ਦੇ ਪੱਖ ਵਿੱਚ ਬੋਲਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਇਹ ਕਦਮ ਉਨ੍ਹਾਂ ਦੇ ਬਜੁਰਗਾਂ (ਦਾਦਾ) ਵੱਲੋਂ ਕੀਤੀਆਂ ਕੁਰਬਾਨੀਆਂ ਦੀ ਮਾਨਤਾ ਵਜੋਂ ਚੁੱਕਿਆ ਗਿਆ ਜਿਨ੍ਹਾਂ ਨੇ ਮੁਲਕ ਲਈ ਆਪਣੀਆਂ ਜਾਨਾਂ ਨਿਛਾਵਰ ਕੀਤੀਆਂ। ਮੁੱਖ ਮੰਤਰੀ, ਮਰਹੂਮ ਮਿਲਖਾ ਸਿੰਘ ਦੀ ਰਿਹਾਇਸ਼ ਦੇ ਬਾਹਰ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਕਰ ਰਹੇ ਸਨ ਜਿੱਥੇ ਉਨ੍ਹਾਂ ਨੇ ਮਹਾਨ ਅਥਲੀਟ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
Captain Amarinder Singh
ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਜੋ ਵੀ ਆਪਣੇ ਮੁਲਕ ਲਈ ਕੁਰਬਾਨੀ ਕਰਦਾ ਹੈ, ਉਸ ਨੂੰ ਕਦੇ ਵੀ ਭੁਲਾਇਆ ਨਹੀਂ ਜਾਣਾ ਚਾਹੀਦਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਇਸ ਘਾਟੇ ਦੀ ਭਰਪਾਈ ਕੀਤੇ ਜਾਣ ਦੇ ਹੱਕਦਾਰ ਹਨ। ਇਸ ਕਦਮ ਲਈ ਸਰਕਾਰ ਦੀ ਆਲੋਚਨਾ ਕਰਨ ਉਤੇ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਉਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਇਹ ਪਾਰਟੀਆਂ ਵੀ ਅਜਿਹੇ ਕਿਸੇ ਨੌਜਵਾਨਾਂ, ਜਿਨ੍ਹਾਂ ਦੇ ਪਿਤਾ ਜਾਂ ਦਾਦੇ ਨੇ ਮੁਲਕ ਲਈ ਅਜਿਹੀ ਕੁਰਬਾਨੀ ਕੀਤੀ ਹੋਵੇ, ਤਾਂ ਉਨ੍ਹਾਂ ਨੂੰ ਵੀ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਜਾਣਗੀਆਂ।
Fatehjang Singh Bajwa
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦਰਅਸਲ, ਉਨ੍ਹਾਂ ਨੇ ਤਾਂ ਇਨ੍ਹਾਂ ਪਾਰਟੀਆਂ ਵਿੱਚੋਂ ਅਜਿਹੇ ਕੁਝ ਵਿਅਕਤੀ ਲੱਭਣ ਦੀ ਕੋਸ਼ਿਸ਼ ਵੀ ਕੀਤੀ ਪਰ ਕੋਈ ਵੀ ਨਹੀਂ ਮਿਲ ਸਕਿਆ। ਮੁੱਖ ਮੰਤਰੀ, ਕਾਦੀਆਂ ਤੋਂ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੇ ਪੁੱਤਰ ਅਰਜੁਨ ਪ੍ਰਤਾਪ ਸਿੰਘ ਬਾਜਵਾ ਨੂੰ ਪੰਜਾਬ ਪੁਲੀਸ ਵਿਚ ਇੰਸਪੈਕਟਰ (ਗਰੁੱਪ ਬੀ) ਵਜੋਂ ਅਤੇ ਲੁਧਿਆਣਾ ਤੋਂ ਵਿਧਾਇਕ ਰਾਕੇਸ਼ ਪਾਂਡੇ ਦੇ ਪੁੱਤਰ ਭੀਸ਼ਮ ਪਾਂਡੇ ਨੂੰ ਨਾਇਬ ਤਹਿਸੀਲਦਾਰ ਵਜੋਂ ਸਰਕਾਰੀ ਨੌਕਰੀਆਂ ਦੇਣ ਦੇ ਫੈਸਲੇ ਬਾਰੇ ਕੀਤੇ ਸਵਾਲ ਦਾ ਜਵਾਬ ਦੇ ਰਹੇ ਸਨ।
Jobs
ਬੀਤੇ ਦਿਨ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਅਰਜੁਨ ਬਾਜਵਾ ਅਤੇ ਭੀਸ਼ਮ ਪਾਂਡੇ ਦੇ ਨਾਵਾਂ ਨੂੰ ਮਨਜੂਰੀ ਦਿੱਤੀ ਸੀ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਅਜਿਹੀ ਕੁਰਬਾਨੀਆਂ ਦੇਣ ਵਾਲੇ ਪਰਿਵਾਰ ਵਿੱਚੋਂ ਆਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਨੌਕਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਨੇ ਅਤਿਵਾਦ ਦਾ ਕਾਲਾ ਦੌਰ ਹੰਢਾਇਆ ਹੈ ਜਿਸ ਵਿਚ ਵਾਪਰੀ ਭਿਆਨਕ ਹਿੰਸਾ ਵਿਚ 35000 ਬੇਕਸੂਰ ਲੋਕਾਂ ਦੀ ਜਾਨ ਚਲੀ ਗਈ। ਉਨ੍ਹਾਂ ਨੇ ਜਿਕਰ ਕਰਦੇ ਹੋਏ ਕਿਹਾ ਕਿ ਲਗਪਗ 1700 ਪੁਲੀਸ ਜਵਾਨ ਵੀ ਮਾਰੇ ਗਏ
Captain Amarinder Singh
ਅਤੇ ਇਨ੍ਹਾਂ ਲੋਕਾਂ ਨੂੰ ਉਨ੍ਹਾਂ ਦੀਆਂ ਯਾਦਗਾਰਾਂ ਉਤੇ ਜਾ ਕੇ ਸ਼ਰਧਾਂਜਲੀ ਦੇ ਦੇਣਾ ਹੀ ਕਾਫੀ ਨਹੀਂ ਹੈ ਸਗੋਂ ਸੂਬੇ ਨੂੰ ਇਨ੍ਹਾਂ ਪਰਿਵਾਰਾਂ ਨੂੰ ਪਏ ਘਾਟੇ ਦੀ ਪੂਰਤੀ ਲਈ ਹੋਰ ਕੁਝ ਕੀਤੇ ਜਾਣ ਦੀ ਵੀ ਲੋੜ ਹੈ। ਮੁੱਖ ਮੰਤਰੀ ਨੇ ਕਿਹਾ, “ਅਸੀਂ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਅਜਾਈਂ ਨਹੀਂ ਜਾਣ ਦੇ ਸਕਦੇ।” ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਲਈ ਖੂਨ ਵਹਾਉਣ ਵਾਲੇ ਲੋਕਾਂ ਨੂੰ ਪੰਜਾਬ ਸਲਾਮ ਕਰਦਾ ਹੈ ਅਤੇ ਉਨ੍ਹਾਂ ਦੀ ਸਰਕਾਰ ਸੂਬੇ ਦੀ ਅਮਨ-ਸ਼ਾਂਤੀ ਅਤੇ ਸਦਭਾਵਨਾ ਲਈ ਆਪਣਾ ਯੋਗਦਾਨ ਪਾਉਣ ਵਾਲਿਆਂ ਨੂੰ ਮਾਨਤਾ ਦੇਣੀ ਜਾਰੀ ਰੱਖੇਗੀ।