
ਕੈਬਨਿਟ ਮੰਤਰੀ ਨੇ ‘ਮੇਰਾ ਸ਼ਹਿਰ ਮੇਰਾ ਮਾਣ’ ਮੁਹਿੰਮ ਤਹਿਤ ਵਾਰਡ ਨੰਬਰ 27 ’ਚ ਸਫ਼ਾਈ ਪੰਦਰਵਾੜੇ ’ਚ ਲਿਆ ਹਿੱਸਾ
ਕਿਹਾ, ਹੁਸ਼ਿਆਰਪੁਰ ਨੂੰ ਸਾਫ਼-ਸੁਥਰਾ ਬਣਾਉਣ ’ਚ ਨਹੀਂ ਛੱਡੀ ਜਾਵੇਗੀ ਕੋਈ ਕਮੀ
ਚੰਡੀਗੜ੍ਹ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣਾ ਹਰ ਸ਼ਹਿਰ ਵਾਸੀ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਨੂੰ ਦੇਸ਼ ਦੇ ਸਵੱਛ ਸ਼ਹਿਰਾਂ ਦੀ ਸ਼ੇ੍ਰਣੀ ਵਿਚ ਸ਼ਾਮਲ ਕੀਤਾ ਜਾਵੇਗਾ, ਜਿਸ ਲਈ ਨਗਰ ਨਿਗਮ ਵਲੋਂ ਕੋਈ ਕਮੀ ਨਹੀਂ ਛੱਡੀ ਜਾ ਰਹੀ ਹੈ। ਉਹ ‘ਮੇਰਾ ਸ਼ਹਿਰ ਮੇਰਾ ਮਾਣ’ ਮੁਹਿੰਮ ਤਹਿਤ ਵਾਰਡ ਨੰਬਰ 27 ਵਿਚ ਸਫ਼ਾਈ ਪੰਦਰਵਾੜੇ ਦੇ ਚੌਥੇ ਦਿਨ ਇਲਾਕਾ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਸਹਾਇਕ ਕਮਿਸ਼ਨਰ ਸੰਦੀਪ ਤਿਵਾੜੀ ਵੀ ਮੌਜੂਦ ਸਨ।
ਇਹ ਵੀ ਪੜ੍ਹੋ: ਅਨੁਸੂਚਿਤ ਜਾਤੀ ਦਾ ਜਾਅਲੀ ਸਰਟੀਫਿਕੇਟ ਕੀਤਾ ਰੱਦ, ਲਏ ਲਾਭ ਹੋਣਗੇ ਵਾਪਸ : ਡਾ.ਬਲਜੀਤ ਕੌਰ
ਕੈਬਨਿਟ ਮੰਤਰੀ ਨੇ ਸ਼ਹਿਰ ਵਾਸੀਆਂ ਨੂੰ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਇਸ ਦਿਸ਼ਾ ਵਿਚ ਨਗਰ ਨਿਗਮ ਹੁਸ਼ਿਆਰਪੁਰ ਵਲੋਂ ਜੰਗੀ ਪੱਧਰ ’ਤੇ ਮੁਹਿੰਮ ਚਲਾਈ ਗਈ ਹੈ, ਪਰੰਤੂ ਨਗਰ ਨਿਗਮ ਦਾ ਇਹ ਯਤਨ ਤਾਂ ਹੀ ਕਾਮਯਾਬ ਹੋ ਸਕਦਾ ਹੈ, ਜਦ ਸ਼ਹਿਰ ਵਾਸੀ ਪੂਰਾ ਸਹਿਯੋਗ ਦੇਣ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਨਗਰ ਨਿਗਮ ਵਲੋਂ ਸ਼ੁਰੂ ਕੀਤੇ ਗਏ ਇਸ ਅਭਿਆਨ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਕਿਹਾ ਅਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਅਤੇ ਵਿਕਰੀ ਨਾ ਕਰਨ ਦੀ ਅਪੀਲ ਕੀਤੀ।
ਇਸ ਦੌਰਾਨ ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਨਗਰ ਨਿਗਮ ਕੋਮਲ ਮਿੱਤਲ ਨੇ ਦਸਿਆ ਕਿ ਇਹ ਮੁਹਿੰਮ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਚਲਾਈ ਜਾਵੇਗੀ ਅਤੇ ਸ਼ਹਿਰ ਨੂੰ ਸਾਫ਼ ਰੱਖਣ ਵਿਚ ਅਹਿਮ ਯੋਗਦਾਨ ਦਿੱਤਾ ਜਾਵੇਗਾ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਕਿਹਾ ਕਿ ਉਹ ਸ਼ਹਿਰ ਵਿਚ ਨਾ ਤਾਂ ਖੁੱਲ੍ਹੇ ਵਿਚ ਕੂੜਾ ਸੁੱਟਣ ਅਤੇ ਨਾ ਹੀ ਅੱਗ ਲਗਾਉਣ। ਇਸ ਮੌਕੇ ਸਕੱਤਰ ਨਗਰ ਨਿਗਮ ਜਸਵਿੰਦਰ ਸਿੰਘ, ਸੈਨੇਟਰੀ ਇੰਸਪੈਕਟਰ ਰਾਜੇਸ਼ ਕੁਮਾਰ, ਗੁਰਵਿੰਦਰ ਸਿੰਘ, ਕੁਲਵਿੰਦਰ ਸਿੰਘ ਹੁੰਦਲ, ਡੀ.ਐਚ.ਓ ਡਾ. ਲਖਵੀਰ ਸਿੰਘ ਅਤੇ ਹੋਰ ਕਰਮਚਾਰੀ ਵੀ ਮੌਜੂਦ ਸਨ।