ਕਿਹਾ, ਵਿਸ਼ੇਸ਼ ਜਾਂਚ ਟੀਮ ਤੇਜ਼ੀ ਨਾਲ ਕਰ ਰਹੀ ਹੈ ਕੰਮ
ਚੰਡੀਗੜ੍ਹ (ਗੁਰਉਪਦੇਸ਼ ਭੁੱਲਰ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਬਰਗਾੜੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਮਾਮਲੇ ਵਿਚ ਅਹਿਮ ਐਲਾਨ ਕੀਤਾ ਹੈ। ਅਪਣੇ ਹਫ਼ਤਾਵਾਰੀ ਫੇਸਬੁੱਕ ਰੂ-ਬ-ਰੂ ਪ੍ਰੋਗਰਾਮ ਦੌਰਾਨ ਸੁਆਲਾਂ ਦੇ ਜੁਆਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਰਗਾੜੀ ਅਤੇ ਬਹਿਬਲ ਕਲਾਂ ਮਾਮਲਿਆਂ ਵਿਚ ਵਿਸ਼ੇਸ਼ ਜਾਂਚ ਟੀਮ (ਸਿਟ) ਤੇਜ਼ੀ ਨਾਲ ਕੰਮ ਕਰ ਰਹੀ ਹੈ ਅਤੇ ਪੂਰਾ ਇਨਸਾਫ਼ ਦਿਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਈਆਂ ਜਾਣਗੀਆਂ। ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਜਾਂਚ ਟੀਮ ਸਾਰੀ ਸੱਚਾਈ ਕੱਢਣ ਲਈ ਪੂਰੀ ਤੈਅ ਤਕ ਜਾ ਰਹੀ ਹੈ। ਕੇਂਦਰ ਸਰਕਾਰ ਵਲੋਂ ਜਾਰੀ 3 ਖੇਤੀ ਆਰਡੀਨੈਂਸਾਂ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਦੀਆਂ ਸਾਰੀਆਂ ਪਾਰਟੀਆਂ ਅਤੇ ਕਿਸਾਨ ਯੂਨੀਅਨਾਂ ਇਨ੍ਹਾਂ ਵਿਰੁਧ ਇਕਜੁਟ ਹਨ
ਪਰ ਸਿਰਫ਼ ਅਕਾਲੀ ਦਲ ਸਾਥ ਨਹੀਂ ਦੇ ਰਿਹਾ। ਉਨ੍ਹਾਂ ਕਿਹਾ ਕਿ ਅਕਾਲੀ ਇਹ ਰਵਈਆ ਭਾਜਪਾ ਪਿਛੇ ਲੱਗ ਕੇ ਅਪਣਾ ਰਹੇ ਹਨ। ਉਨ੍ਹਾਂ ਕਿਹਾ ਕਿ ਮੈਨੂੰ ਹਾਲੇ ਵੀ ਉਮੀਦ ਹੈ ਕਿ ਅਕਾਲੀ ਸੂਬੇ ਦੇ ਹਿੱਤ 'ਚ ਫ਼ੈਸਲਾ ਲੈਣਗੇ ਕਿਉਂਕਿ ਇਹ ਆਰਡੀਨੈਂਸ ਕਿਸਾਨੀ ਨੂੰ ਤਬਾਹ ਕਰਨ ਵਾਲੇ ਹਨ। ਉਨ੍ਹਾਂ ਮੱਤੇਵਾਲਾ ਪ੍ਰਾਜੈਕਟ ਬਾਰੇ ਫਿਰ ਸਪੱਸ਼ਟ ਕੀਤਾ ਕਿ ਇਹ ਜੰਗਲਾਤ ਦੀ ਜ਼ਮੀਨ 'ਤੇ ਨਹੀਂ ਬਣਾਇਆ ਜਾਵੇਗਾ।
ਉਨ੍ਹਾਂ ਇਕ ਸਵਾਲ ਦੇ ਜੁਆਬ ਵਿਚ ਕਿਹਾ ਕਿ ਹੜ੍ਹਾਂ ਦੇ ਖ਼ਤਰੇ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਪਹਿਲਾਂ ਹੀ ਪ੍ਰਬੰਧ ਕੀਤੇ ਹੋਏ ਹਨ ਅਤੇ ਨਹਿਰਾਂ ਆਦਿ ਦੀ ਸਫ਼ਾਈ ਲਈ 50 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਕੋਰੋਨਾ ਮਹਾਂਮਾਰੀ ਬਾਰੇ ਉਨ੍ਹਾਂ ਕਿਹਾ ਕਿ ਪੰਜਾਬ ਦੀ ਸਥਿਤੀ ਹੋਰਨਾਂ ਸੂਬਿਆਂ ਦੇ ਮੁਕਾਬਲੇ ਕਾਬੂ ਵਿਚ ਹੈ। ਭਾਵੇਂ ਸੈਂਪਲਿੰਗ ਦੀ ਗਿਣਤੀ ਵਧ ਕੇ ਪ੍ਰਤੀ ਦਿਨ 10 ਹਜ਼ਾਰ ਹੋਣ ਨਾਲ ਪਾਜ਼ੇਟਿਵ ਮਾਮਲੇ ਵਧ ਰਹੇ ਹਨ
ਪਰ ਇਸ ਦਾ ਮਤਲਬ ਇਹ ਨਹੀਂ ਕਿ ਖ਼ਤਰਾ ਨਹੀਂ। ਡਿਪਟੀ ਕਮਿਸ਼ਨਰਾਂ ਨੂੰ 10 ਹਜ਼ਾਰ ਮਾਸਕ ਗ਼ਰੀਬ ਲੋਕਾਂ ਨੂੰ ਵੰਡਣ ਲਈ ਦਿਤੇ ਜਾ ਰਹੇ ਹਨ। ਉਨ੍ਹਾਂ ਕਿ ਕਿ ਕਈ ਆਈ.ਏ.ਐਸ. ਤੇ ਪੀ.ਸੀ.ਐਸ. ਅਫ਼ਸਰਾਂ ਸਣੇ 180 ਪੁਲਿਸ ਮੁਲਾਜ਼ਮ ਕੋਰੋਨਾ ਨੂੰ ਮਾਤ ਦੇ ਚੋੱਕੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਵੀ ਸਾਵਧਾਨੀ ਰੱਖਣੀ ਚਾਹੀਦੀ ਹੈ ਤਾਂ ਜੋ ਕੋਰੋਨਾ 'ਤੇ ਕਾਬੂ ਪਾਇਆ ਜਾ ਸਕੇ।