
ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਮੈਂਬਰ ਮੁੱਦਿਆਂ ਨੂੰ ਉਠਾਉਣ ਦੀ ਬਜਾਏ 'ਆਪ' ਸੁਪਰੀਮੋ ਦੇ ਏਜੰਡੇ ਨੂੰ ਅੱਗੇ ਵਧਾਉਣ 'ਚ ਜੁਟੇ ਹੋਏ ਹਨ।
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ’ਤੇ ਸੰਸਦ ਵਿਚ ਪੰਜਾਬ ਦੇ ਹਿੱਤਾਂ ਨਾਲ ਧੋਖਾ ਕਰਨ ਦੇ ਇਲਜ਼ਾਮ ਲਗਾਏ ਹਨ। ਉਹਨਾਂ ਕਿਹਾ ਕਿ 'ਆਪ' ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਨੂੰ ਵੀਜ਼ਾ ਮਨਜ਼ੂਰੀ ਦੇਣ ਤੋਂ ਇਨਕਾਰ ਕਰਨ ਦੇ ਮੁੱਦੇ 'ਤੇ ਵਿਰੋਧ ਪ੍ਰਦਰਸ਼ਨ ਕਰਨ ਲਈ 'ਆਪ' ਵੱਲੋਂ ਪੰਜਾਬ ਦੀ ਨੁਮਾਇੰਦਗੀ ਕਰਨ ਵਾਲੇ ਰਾਜ ਸਭਾ ਮੈਂਬਰਾਂ ਨੇ ਦਿੱਲੀ ਦੇ ਦੋ 'ਆਪ' ਸੰਸਦ ਮੈਂਬਰਾਂ ਨਾਲ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਇਹ ਅਰਵਿੰਦ ਕੇਜਰੀਵਾਲ ਦਾ ਪੰਜਾਬ ਦੇ ਹਿੱਤਾਂ ਨਾਲ ਧੋਖਾ ਹੈ।
ਬਾਜਵਾ ਨੇ ਕਿਹਾ ਕਿ ਪੰਜਾਬ ਦੀ ਨੁਮਾਇੰਦਗੀ ਕਰ ਰਹੇ 'ਆਪ' ਦੇ ਸੰਸਦ ਮੈਂਬਰਾਂ ਨੇ ਚੰਡੀਗੜ੍ਹ 'ਤੇ ਸੂਬੇ ਦਾ ਦਾਅਵਾ, ਪੰਜਾਬ ਯੂਨੀਵਰਸਿਟੀ, ਐੱਸਵਾਈਐੱਲ, ਜੀਐੱਸਟੀ ਮੁਆਵਜ਼ਾ ਰੋਕਣ, ਕਿਸਾਨਾਂ ਦੀਆਂ ਸਮੱਸਿਆਵਾਂ, ਅਗਨੀਪਥ ਸਕੀਮ ਜੋ ਫੌਜ ਵਿਚ ਪੰਜਾਬ ਦੀ ਨੁਮਾਇੰਦਗੀ 7.8% ਤੋਂ ਘਟਾ ਕੇ 2% ਕਰੇਗੀ ਵਰਗੇ ਵੱਡੇ ਮੁੱਦਿਆਂ ਨੂੰ ਨਜ਼ਰਅੰਦਾਜ਼ ਕੀਤਾ ਜਾਪਦਾ ਹੈ।
ਬਾਜਵਾ ਦਾ ਕਹਿਣਾ ਹੈ ਕਿ ਅਜਿਹਾ ਲੱਗ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰਾਂ ਨੇ ਬੀਬੀਐਮਬੀ ਵਿਚ ਨੁਮਾਇੰਦਗੀ ਗੁਆਉਣ, ਮਹਿੰਗਾਈ, ਇਸ ਨਾਲ ਆਰਥਿਕਤਾ ਨੂੰ ਹੋਏ ਨੁਕਸਾਨ, ਨੌਜਵਾਨਾਂ ਦੀ ਬੇਰੁਜ਼ਗਾਰੀ ਅਤੇ ਇੱਥੋਂ ਤੱਕ ਕਿ ਸਿੱਧੂ ਮੂਸੇਵਾਲਾ ਵੱਲੋਂ ਬਣਾਏ ਗੀਤ ਐਸਵਾਈਐਲ ਨੂੰ ਇੰਟਰਨੈਟ ’ਤੇ ਪਾਬੰਦੀ ਲਗਾ ਕੇ ਬੋਲਣ ਅਤੇ ਪ੍ਰਗਟਾਵੇ ਦੀ ਆਜ਼ਾਦੀ 'ਤੇ ਹੋਏ ਹਮਲੇ ਨੂੰ ਵੀ ਨਜ਼ਰਅੰਦਾਜ਼ ਕੀਤਾ ਹੈ।
Leader of Opposition Partap Singh Bajwa
ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਮੈਂਬਰ ਇਹਨਾਂ ਮੁੱਦਿਆਂ ਨੂੰ ਉਠਾਉਣ ਦੀ ਬਜਾਏ 'ਆਪ' ਸੁਪਰੀਮੋ ਦੇ ਏਜੰਡੇ ਨੂੰ ਅੱਗੇ ਵਧਾਉਣ 'ਚ ਜੁਟੇ ਹੋਏ ਹਨ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਆਪਣੇ ਰਾਜ ਸਭਾ ਦੇ ਨੁਮਾਇੰਦਿਆਂ ਦੀਆਂ ਗਲਤ ਤਰਜੀਹਾਂ ਤੋਂ ਨਿਰਾਸ਼ ਅਤੇ ਠੱਗੇ ਹੋਏ ਮਹਿਸੂਸ ਕਰ ਰਹੇ ਹਨ।