‘ਆਪ’ ’ਚ ਉੱਠੀ ਉਪ ਮੁੱਖ ਮੰਤਰੀ ਦੀ ਮੰਗ
ਨਾਭਾ : ਪੰਜਾਬ ਵਿਚ ਸੱਤਾਧਾਰੀ ਪਾਰਟੀ ਆਮ ਆਦਮੀ ਪਾਰਟੀ ਵਿਚ ਵੀ ਦਲਿਤ ਨੂੰ ਡਿਪਟੀ ਸੀਐਮ ਬਣਾਉਣ ਦੀ ਮੰਗ ਉੱਠਣ ਲੱਗੀ ਹੈ। ਪੰਜਾਬ ਵਿਚ ਦਲਿਤ ਉਪ ਮੁੱਖ ਮੰਤਰੀ ਬਣਾਉਣ ਦੀ ਮੰਗ ਕਿਸੇ ਹੋਰ ਨੇ ਨਹੀਂ ਸਗੋਂ ਨਾਭਾ ਤੋਂ ਆਮ ਆਦਮੀ ਪਾਰਟੀ ਦੇ ਆਪਣੇ ਵਿਧਾਇਕ ਦੇਵ ਮਾਨ ਨੇ ਉਠਾਈ ਹੈ। ਉਨ੍ਹਾਂ ਕਿਹਾ ਕਿ ਦਲਿਤ ਭਾਈਚਾਰੇ ਨੂੰ ਵੀ ਮੌਕਾ ਮਿਲਣਾ ਚਾਹੀਦਾ ਹੈ। ਉਨ੍ਹਾਂ ਵਿਚ ਕਈ ਅਜਿਹੇ ਆਗੂ ਹਨ ਜੋ ਉਪ ਮੁੱਖ ਮੰਤਰੀ ਬਣਨ ਦੀ ਕਾਬਲੀਅਤ ਰੱਖਦੇ ਹਨ।
ਵਿਧਾਇਕ ਦੇਵ ਮਾਨ ਨੇ ਕਿਹਾ ਕਿ ਉਹ ਇਹ ਨਹੀਂ ਕਹਿੰਦੇ ਕਿ ਉਨ੍ਹਾਂ ਨੂੰ ਉਪ ਮੁੱਖ ਮੰਤਰੀ ਬਣਾਇਆ ਜਾਵੇ ਅਤੇ ਨਾ ਹੀ ਉਨ੍ਹਾਂ ਦੀ ਅਜਿਹੀ ਕੋਈ ਮੰਗ ਹੈ। ਉਨ੍ਹਾਂ ਦੀ ਮੰਗ ਹੈ ਕਿ ਇਸ ਅਹੁਦੇ ’ਤੇ ਦਲਿਤ ਭਾਈਚਾਰੇ ਵਿਚੋਂ ਕਿਸੇ ਯੋਗ ਵਿਅਕਤੀ ਨੂੰ ਲਾਇਆ ਜਾਵੇ। ਉਨ੍ਹਾਂ ਕਿਹਾ ਕਿ ਇਹ ਇਸ ਸਮੇਂ ਦੀ ਲੋੜ ਹੈ। ਪਹਿਲੀ ਵਾਰ ਚੋਣ ਜਿੱਤ ਕੇ ਵਿਧਾਨ ਸਭਾ ਪਹੁੰਚੇ ਦੇਵ ਮਾਨ ਨੇ ਕਿਹਾ ਕਿ ਉਹ ਵੀ ਇਸ ਅਹੁਦੇ ਲਈ ਯੋਗ ਹਨ। ਉਹ ਸਾਰੀਆਂ ਸ਼ਰਤਾਂ ਵੀ ਪੂਰੀਆਂ ਕਰਦਾ ਹੈ।
ਨਾਭਾ ਦੇ ਵਿਧਾਇਕ ਦੇਵ ਮਾਨ ਨੇ ਕਿਹਾ ਕਿ ਉਹ ਵੀ ਪਾਰਟੀ ਦੇ ਉਨ੍ਹਾਂ ਯੋਗ ਦਲਿਤ ਉਮੀਦਵਾਰਾਂ ਵਿਚੋਂ ਇੱਕ ਹਨ, ਜਿਨ੍ਹਾਂ ਵਿਚ ਉਪ ਮੁੱਖ ਮੰਤਰੀ ਬਣਨ ਦੀ ਕਾਬਲੀਅਤ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਪ੍ਰਤੀ ਵਫ਼ਾਦਾਰ ਹਨ। ਲੋਕ ਸੇਵਾ ਕਰ ਕੇ ਲੋਕਾਂ ਨੇ ਉਨ੍ਹਾਂ ਨੂੰ ਵਿਧਾਇਕ ਚੁਣ ਕੇ ਵਿਧਾਨ ਸਭਾ ਵਿਚ ਭੇਜਿਆ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਤੀ ਉਨ੍ਹਾਂ ਦੀ ਵਫ਼ਾਦਾਰੀ ਅਤੇ ਲੋਕ ਸੇਵਾ ਉਨ੍ਹਾਂ ਨੂੰ ਉਪ ਮੁੱਖ ਮੰਤਰੀ ਬਣਾਉਣ ਦੇ ਯੋਗ ਬਣਾਉਂਦੀ ਹੈ।