
9 ਜੁਲਾਈ ਨੂੰ ਵਿਜੀਲੈਂਸ ਵਲੋਂ ਸੋਨੀ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ
ਅੰਮ੍ਰਿਤਸਰ : ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੂੰ ਅਦਾਲਤ ਵਲੋਂ ਕੋਈ ਰਾਹਤ ਨਹੀਂ ਮਿਲੀ ਹੈ ਅਤੇ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿਤਾ ਗਿਆ ਹੈ।
ਜਾਣਕਾਰੀ ਮੁਤਾਬਕ ਓਪੀ ਸੋਨੀ ਨੂੰ ਅੱਜ ਯਾਨੀ ਬੁੱਧਵਾਰ ਨੂੰ ਅੰਮ੍ਰਿਤਸਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ।
ਦੱਸਣਯੋਗ ਹੈ ਕਿ ਵਿਜੀਲੈਂਸ ਨੇ ਓਪੀ ਸੋਨੀ ਦੇ ਹੋਰ ਰਿਮਾਂਡ ਦੀ ਮੰਗ ਕੀਤੀ ਗਈ ਸੀ ਪਰ ਅਦਾਲਤ ਨੇ ਇਸ ਨੂੰ ਰੱਦ ਕਰ ਦਿਤਾ।
ਜ਼ਿਕਰਯੋਗ ਹੈ ਕਿ ਸੋਨੀ ਨੂੰ ਵ੍ਹੀਲ ਚੇਅਰ 'ਤੇ ਅਦਾਲਤ 'ਚ ਪੇਸ਼ ਕੀਤਾ ਗਿਆ ਸੀ ਅਤੇ ਫਿਲਹਾਲ ਸੋਨੀ ਦਾ ਗੁਰੂ ਨਾਨਕ ਦੇਵ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।
ਦਰਅਸਲ, 9 ਜੁਲਾਈ ਨੂੰ ਵਿਜੀਲੈਂਸ ਵਲੋਂ ਸੋਨੀ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਗ੍ਰਿਫ਼ਤਾਰੀ ਤੋਂ ਬਾਅਦ ਉਸ ਨੂੰ ਅਦਾਲਤ ਵਲੋਂ 2 ਦਿਨਾਂ ਦੇ ਰਿਮਾਂਡ 'ਤੇ ਭੇਜਿਆ ਗਿਆ ਸੀ। ਉਦੋਂ ਉਨ੍ਹਾਂ ਦੀ ਸਿਹਤ ਵਿਗੜਨ ਕਰ ਕੇ ਉਨ੍ਹਾਂ ਨੂੰ ਫੋਰਟਿਸ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਆਈਸੀਯੂ ਵਿਚ ਹੋਣ ਕਰਕੇ ਉਨ੍ਹਾਂ ਦੀ ਅਗਲੀ ਪੇਸ਼ੀ ਵੀਡੀਓ ਕਾਨਫਰੰਸ ਰਾਹੀਂ ਹੋਈ ਸੀ।
ਉਸ ਤੋਂ ਬਾਅਦ ਜਦੋਂ ਅਗਲੇ ਦਿਨ ਵੀ ਵਿਜੀਲੈਂਸ ਵਲੋਂ ਓਪੀ ਸੋਨੀ ਨੂੰ ਅਦਾਲਤ ਵਿਚ ਪੇਸ਼ ਨਹੀਂ ਕੀਤਾ ਗਿਆ ਤਾਂ ਉਸ ਨੂੰ 20 ਜੁਲਾਈ ਤੱਕ ਨਿਆਂਇਕ ਹਿਰਾਸਤ ਵਿਚ ਭੇਜ ਦਿਤਾ ਗਿਆ ਸੀ।