
ਮੁੱਖ ਮੰਤਰੀ ਨੇ ਹੜ੍ਹ ਪ੍ਰਭਾਵਤ ਲੋਕਾਂ ਨਾਲ ਮੁਲਾਕਾਤ ਵੀ ਕੀਤੀ
ਰੂਪਨਗਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਦੇ ਹੜ੍ਹ ਪ੍ਰਭਾਵਤ ਇਲਾਕਿਆਂ ਵਿਚ ਫੌਰੀ ਤੌਰ 'ਤੇ ਕੀਤੇ ਜਾਣ ਵਾਲੇ ਰਾਹਤ ਤੇ ਮੁੜ ਵਸੇਬਾ ਕਾਰਜਾਂ ਲਈ 100 ਕਰੋੜ ਰੁਪਏ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਾਣੀ ਦਾ ਪੱਧਰ ਘਟਣ ਤੋਂ ਤੁਰੰਤ ਬਾਅਦ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ ਤਾਂ ਕਿ ਪੀੜਤ ਕਿਸਾਨਾਂ ਨੂੰ ਢੁਕਵਾਂ ਮਆਵਜ਼ਾ ਦੇਣਾ ਯਕੀਨੀ ਬਣਾਇਆ ਜਾ ਸਕੇ।
Capt. Amarinder Singh visits flood affected areas at Ropar
ਮੁੱਖ ਮੰਤਰੀ ਨੇ ਇਹ ਐਲਾਨ ਰੂਪਨਗਰ ਦੇ ਹੜ੍ਹ ਪ੍ਰਭਾਵਤ ਇਲਾਕਿਆਂ ਦੇ ਦੌਰੇ ਦੌਰਾਨ ਕੀਤੇ ਜਿੱਥੇ ਉਨ੍ਹਾਂ ਨੇ ਅੱਜ ਪਿਛਲੇ 72 ਘੰਟਿਆਂ ਤੋਂ ਮੋਹਲੇਧਾਰ ਮੀਂਹ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਹੜ੍ਹ ਪ੍ਰਭਾਵਤ ਲੋਕਾਂ ਨਾਲ ਮੁਲਾਕਾਤ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ ਜ਼ਿਲ੍ਹੇ ਵਿਚ ਛੱਤ ਡਿੱਗਣ ਨਾਲ ਤਿੰਨ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ।
Capt. Amarinder Singh visits flood affected areas at Ropar
ਇਸ ਤੋਂ ਬਾਅਦ ਮੁੱਖ ਮੰਤਰੀ ਨੇ ਸੀਨੀਅਰ ਅਧਿਕਾਰੀਆਂ ਨਾਲ ਸੂਬੇ ਵਿਚ ਹੜਾਂ ਨਾਲ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲਿਆ। ਡਰੇਨੇਜ਼ ਦੇ ਚੀਫ਼ ਇੰਜੀਨੀਅਰ ਨੇ ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ ਬਿਆਸ ਅਤੇ ਰਾਵੀ ਦਰਿਆਵਾਂ ਦੀ ਸਮੁੱਚੀ ਸਥਿਤੀ ਕਾਬੂ ਹੇਠ ਹੈ। ਭਾਵੇਂ ਕਿ ਸਤਲੁਜ ਦਰਿਆ ਦੇ ਨਾਲ ਲਗਦੇ ਇਲਾਕਿਆਂ ਅਤੇ ਫ਼ਿਰੋਜ਼ਪੁਰ ਵਿਚ ਹਰੀਕੇ ਹੈੱਡਵਰਕਸ ਵਿਖੇ ਦਰਿਆ ਦੇ ਵਹਾਅ ਵਾਲੇ ਇਲਾਕਿਆਂ ਵਿਚ ਖ਼ਤਰਾ ਮੰਡਰਾ ਰਿਹਾ ਹੈ। ਮੀਟਿੰਗ ਦੌਰਾਨ ਇਹ ਵੀ ਦਸਿਆ ਗਿਆ ਕਿ ਭਾਖੜਾ ਡੈਮ ਵਿਚ ਪਾਣੀ ਦਾ ਪੱਧਰ ਬਰਕਰਾਰ ਰੱਖਣ ਲਈ ਵਾਧੂ ਪਾਣੀ ਛੱਡਿਆ ਗਿਆ ਸੀ ਜੋ ਮੌਜੂਦਾ ਸਮੇਂ 1681.23 ਫੁੱਟ 'ਤੇ ਵਹਿ ਰਿਹਾ।
Capt. Amarinder Singh visits flood affected areas at Ropar
ਇਸ ਤੋਂ ਪਹਿਲਾਂ ਮੁੱਖ ਮੰਤਰੀ ਚੰਡੀਗੜ੍ਹ ਤੋਂ ਰੂਪਨਗਰ ਤਕ ਸੜਕ ਰਸਤੇ ਗਏ ਅਤੇ ਉਨ੍ਹਾਂ ਨੇ ਸਥਿਤੀ ਨੂੰ ਗੰਭੀਰ ਦਸਦਿਆਂ ਅਤੇ ਸਥਾਨਕ ਵਾਸੀਆਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਨੂੰ ਸਥਾਨਕ ਅਧਿਕਾਰੀਆਂ ਨੇ ਭਾਖੜਾ ਡੈਮ ਦੇ ਨਾਲ ਲਗਦੇ ਇਲਾਕੇ ਤੋਂ ਪਾਣੀ ਦੇ ਤੇਜ਼ ਵਹਾਅ ਨਾਲ ਖੜੀਆਂ ਫਸਲਾਂ, ਘਰਾਂ, ਜਨਤਕ ਜਾਇਦਾਦਾਂ ਅਤੇ ਪਸ਼ੂਧਨ ਨੂੰ ਹੋਏ ਨੁਕਸਾਨ ਬਾਰੇ ਜਾਣੂ ਕਰਵਾਇਆ।
Capt. Amarinder Singh visits flood affected areas at Ropar
ਆਈ.ਆਈ.ਟੀ. ਰੂਪਨਗਰ ਦੇ ਵਿਦਿਆਰਥੀਆਂ, ਜਿਨ੍ਹਾਂ ਨੂੰ ਭਾਰੀ ਹੜ੍ਹਾਂ ਕਾਰਨ ਉਥੋਂ ਹਟਾਉਣਾ ਪਿਆ, ਨਾਲ ਗੱਲਬਾਤ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਸੂਬਾ ਪ੍ਰਸ਼ਾਸਨ ਨੂੰ ਹੁਕਮ ਦਿੱਤੇ ਕਿ ਉਨ੍ਹਾਂ ਦੇ ਮੁੜ ਕੈਂਪਸ ਜਾਣ ਤੱਕ ਇਨ੍ਹਾਂ ਦੇ ਰਹਿਣ-ਸਹਿਣ ਦਾ ਪ੍ਰਬੰਧ ਪੰਜਾਬ ਭਵਨ ਅਤੇ ਕਿਸਾਨ ਭਵਨ ਵਿਚ ਕਰਨ ਨੂੰ ਯਕੀਨੀ ਬਣਾਇਆ ਜਾਵੇ। ਆਈ.ਆਈ.ਟੀ. ਦੀ ਡਾਇਰੈਕਟਰ ਦੀ ਬੇਨਤੀ ਨੂੰ ਸਵਿਕਾਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਮੁੱਖ ਪ੍ਰਮੁੱਖ ਸਕੱਤਰ ਨੂੰ ਸਾਂਝੇ ਤੌਰ 'ਤੇ ਇਕ ਯੋਜਨਾ ਬਣਾਉਣ ਲਈ ਆਖਿਆ ਤਾਂ ਕਿ ਭਵਿੱਖ ਵਿਚ ਹੜ੍ਹਾਂ ਨਾਲ ਇਸ ਕੈਂਪਸ ਨੂੰ ਕਿਸੇ ਤਰ੍ਹਾਂ ਦੇ ਨੁਕਸਾਨ ਨੂੰ ਟਾਲਣ ਲਈ ਠੋਸ ਅਤੇ ਪ੍ਰਭਾਵਸ਼ਾਲੀ ਡਰੇਨੇਜ਼ ਸਿਸਟਮ ਯਕੀਨੀ ਬਣਾਇਆ ਜਾ ਸਕੇ।
Captain Amarinder Singh visits flood affected areas
ਰੂਪਨਗਰ ਹੈੱਡਵਰਕਸ ਦਾ ਦੌਰਾ ਕਰਨ ਤੋਂ ਬਾਅਦ ਪਿੰਡ ਸ਼ਾਮਪੁਰਾ ਵਿਖੇ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਉੱਥੇ ਝੁੱਗੀ-ਝੋਂਪੜੀ ਵਾਲਿਆਂ ਦੀਆਂ ਦੁੱਖ-ਤਕਲੀਫਾਂ ਸੁਣੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੰਕਟ ਦੀ ਇਸ ਘੜੀ ਵਿਚ ਪੀੜਤ ਪਰਿਵਾਰਾਂ ਨੂੰ ਲੋੜੀਂਦੀ ਮਦਦ ਮੁਹੱਈਆ ਕਰਵਾਉਣ ਲਈ ਆਖਿਆ। ਉਨ੍ਹਾਂ ਨੇ ਡਿਪਟੀ ਕਮਿਸ਼ਨਰ ਨੂੰ ਸਥਿਤੀ ਆਮ ਵਾਂਗ ਹੋਣ ਤੱਕ ਹਾਲਾਤ ਉੱਪਰ ਨਜ਼ਰ ਰੱਖਣ ਲਈ ਵੀ ਕਿਹਾ।
Capt. Amarinder Singh visits flood affected areas at Ropar
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸਿਹਤ ਵਿਭਾਗ ਨਾਲ ਤਾਲਮੇਲ ਕਰਕੇ ਸਿਹਤ ਜਾਂਚ ਕੈਂਪ ਵੀ ਲਾਵੇਗਾ ਤਾਂ ਕਿ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੇ ਹਮਲੇ ਨੂੰ ਰੋਕਿਆ ਜਾ ਸਕੇ। ਇਸੇ ਦੌਰਾਨ ਮੁੱਖ ਮੰਤਰੀ ਨੇ ਪਸ਼ੂ ਪਾਲਣ ਵਿਭਾਗ ਨੂੰ ਹਦਾਇਤ ਕੀਤੀ ਕਿ ਲੋੜਵੰਦਾਂ ਨੂੰ ਪਸ਼ੂਆਂ ਲਈ ਸਿਹਤ ਸੇਵਾਵਾਂ ਮੁਹੱਈਆ ਕਰਾਉਣ ਤੋਂ ਇਲਾਵਾ ਉਨ੍ਹਾਂ ਵਾਸਤੇ ਚਾਰੇ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਢੁੱਕਵੇਂ ਪ੍ਰਬੰਧ ਕੀਤੇ ਜਾਣ। ਖੈਰਾਬਾਦ ਪਿੰਡ ਵਿਖੇ ਹੜ੍ਹਗ੍ਰਸਤ ਸੜਕ ਰਾਹੀਂ ਜਾ ਕੇ ਮੁੱਖ ਮੰਤਰੀ ਲੋਕਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੀਆਂ ਦੁੱਖ-ਤਕਲੀਫਾਂ ਨੂੰ ਧੀਰਜ ਨਾਲ ਸੁਣਿਆ ਅਤੇ ਇਸ ਦੇ ਛੇਤੀ ਹੱਲ ਦਾ ਭਰੋਸਾ ਦਿੱਤਾ।
Flood in Punjab
ਮੁੱਖ ਮੰਤਰੀ ਦੇ ਪਹੁੰਚਣ 'ਤੇ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਦਸਿਆ ਕਿ ਮੋਹਲੇਧਾਰ ਮੀਂਹ ਕਾਰਨ ਬੀਤੇ ਦਿਨ ਰੋਪੜ ਹੈੱਡ ਵਰਕਸ ਤੋਂ 2,50,000 ਕਿਊਸਿਕ ਪਾਣੀ ਛੱਡਿਆ ਗਿਆ ਅਤੇ ਇਸ ਤੋਂ ਇਲਾਵਾ ਨਦੀਆਂ-ਨਾਲਿਆਂ ਵਿਚ ਪਾਣੀ ਦਾ ਪੱਧਰ ਬਹੁਤ ਜ਼ਿਆਦਾ ਵਧ ਗਿਆ ਸੀ। ਸਵਾਨ ਨਦੀ (90,000 ਕਿਊਸਿਕ), ਸਿਰਸਾ ਨਦੀ (60,000 ਕਿਊਸਿਕ) ਬੁੱਧਕੀ ਨਦੀ (20,000 ਕਿਊਸਿਕ) ਦਰਜ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਪੁਲਿਸ, ਕੌਮੀ ਆਫ਼ਤ ਰਾਹਤ ਫ਼ੋਰਸ ਅਤੇ ਗ਼ੈਰ-ਸਰਕਾਰੀ ਸੰਸਥਾਵਾਂ ਦੇ ਸਹਿਯੋਗ ਨਾਲ 45 ਪਿੰਡਾਂ 'ਚੋਂ 600 ਤੋਂ ਵੱਧ ਪਰਵਾਰਾਂ ਨੂੰ ਸੁਰੱਖਿਅਤ ਬਚਾਇਆ।
Flood in Punjab
ਇਸ ਮੌਕੇ ਮੁੱਖ ਮੰਤਰੀ ਨਾਲ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ, ਤਕਨੀਕੀ ਸਿੱਖਿਆ ਤੇ ਸੈਰ ਸਪਾਟਾ ਮੰਤਰੀ ਚਰਨਜੀਤ ਸਿੰਘ ਚੰਨੀ, ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਅਤੇ ਰੂਪਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਤੋਂ ਇਲਾਵਾ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ, ਰੂਪਨਗਰ ਦੇ ਡਿਪਟੀ ਕਮਿਸ਼ਨਰ ਸੁਮਿਤ ਜਾਰੰਗਲ ਅਤੇ ਰੂਪਨਗਰ ਦੇ ਜ਼ਿਲ੍ਹਾ ਪੁਲਿਸ ਮੁਖੀ ਸਵੱਪਨ ਸ਼ਰਮਾ ਹਾਜ਼ਰ ਸਨ।