
ਵਿਧਾਇਕ ਰੋਜ਼ੀ ਬਰਕੰਦੀ ਤੇ ਮਾਨਸ਼ਾਹੀਆ ਦੀ ਕੋਰੋਨਾ ਰੀਪੋਰਟ ਆਈ ਪਾਜ਼ੇਟਿਵ
ਸ੍ਰੀ ਮੁਕਤਸਰ ਸਾਹਿਬ, ਮਾਨਸਾ, 18 ਅਗੱਸਤ (ਰਣਜੀਤ ਸਿੰਘ/ਗੁਰਦੇਵ ਸਿੰਘ) : ਸ੍ਰੀ ਮੁਕਤਸਰ ਸਾਹਿਬ ਹਲਕੇ ਤੋਂ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਕੋਰੋਨਾ ਰੀਪੋਰਟ ਵੀ ਪਾਜ਼ੇਟਿਵ ਆ ਚੁੱਕੀ ਹੈ। ਇਸ ਸਬੰਧੀ ਫ਼ੋਨ 'ਤੇ ਗੱਲਬਾਤ ਕਰਦਿਆਂ ਵਿਧਾਇਕ ਰੋਜ਼ੀ ਬਰਕੰਦੀ ਨੇ ਦਸਿਆ ਕਿ ਪਿਛਲੇ ਦਿਨੀਂ ਚੰਡੀਗੜ੍ਹ ਵਿਖੇ ਅਪਣੀ ਰਿਹਾਇਸ਼ 'ਤੇ ਉਨ੍ਹਾਂ ਕੋਰੋਨਾ ਸੈਂਪਲ ਦਿਤਾ ਸੀ, ਜਿਸ ਦੀ ਰੀਪੋਰਟ ਅਨੁਸਾਰ ਵਿਧਾਇਕ ਰੋਜ਼ੀ ਬਰਕੰਦੀ ਵੀ ਕੋਰੋਨਾ ਪਾਜ਼ੇਟਿਵ ਹਨ, ਜਦਕਿ ਬਾਕੀ ਪਰਵਾਰ ਦੀ ਰਿਪੋਰਟ ਨੈਗੇਟਿਵ ਆਈ ਹੈ।
ਵਿਧਾਇਕ ਨੇ ਦਸਿਆ ਕਿ ਕੋਰੋਨਾ ਰੀਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਉਹ ਅਪਣੇ ਘਰ ਅੰਦਰ ਹੀ ਇਕਾਂਤਵਾਸ 'ਚ ਹਨ। ਇਸੇ ਦੌਰਾਨ ਮਾਨਸਾ ਦੇ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਦੀ ਰੀਪੋਰਟ ਵੀ ਪਾਜ਼ੇਟਿਵ ਆਈ ਹੈ। ਜ਼ਿਕਰਯੋਗ ਹੈ ਕਿ ਉਹ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨਾਲ 15 ਅਗੱਸਤ ਦੇ ਆਜ਼ਾਦੀ ਦਿਵਸ ਪ੍ਰੋਗਰਾਮ ਵਿਚ ਸ਼ਾਮਲ ਹੋਏ ਸਨ।