
ਅੰਮ੍ਰਿਤਸਰ ਦੇ ਗੋਲਡਨ ਗੇਟ ਨਜ਼ਦੀਕ ਬੁਲਟ ਮੋਟਰਸਾਈਕਲ ਦਾ ਕਾਰ ਨਾਲ ਹੋਇਆ ਐਕਸੀਡੈਂਟ
Amritsar News : ਅੱਜ ਇੱਕ ਪਾਸੇ ਜਿੱਥੇ ਭੈਣਾਂ ਵੱਲੋਂ ਆਪਣੇ ਭਰਾਵਾਂ ਦੇ ਗੁੱਟ 'ਤੇ ਰੱਖੜੀ ਬੰਨ ਕੇ ਰੱਖੜੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ, ਓਥੇ ਹੀ ਦੂਸਰੇ ਪਾਸੇ ਰੱਖੜ ਪੁੰਨਿਆਂ ਦੇ ਮੇਲੇ 'ਤੇ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ ਚ ਮੌਤ ਹੋ ਗਈ ਹੈ।
ਅੰਮ੍ਰਿਤਸਰ 'ਚ ਇਕ ਬੁਲੇਟ ਸਵਾਰ ਨੌਜਵਾਨ ਦੀ ਗੱਡੀ ਨਾਲ ਜ਼ਬਰਦਸਤ ਟੱਕਰ ਹੋ ਗਈ ਹੈ। ਇਸ ਹਾਦਸੇ ਵਿਚ ਉਸ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਉਤੇਂ ਫਰਾਰ ਹੋ ਗਿਆ। ਮ੍ਰਿਤਕ ਨੌਜਵਾਨ ਨੇ 30 ਅਗਸਤ ਨੂੰ ਨਿਊਜ਼ੀਲੈਂਡ ਜਾਣਾ ਸੀ। ਮ੍ਰਿਤਕ ਨੌਜਵਾਨ ਦੀ ਪਛਾਣ ਮਨਪ੍ਰੀਤ ਸਿੰਘ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਅੰਮ੍ਰਿਤਸਰ ਦੀ ਇੱਕ ਪ੍ਰਾਈਵੇਟ ਫਰਮ ਵਿੱਚ ਕੰਮ ਕਰਦਾ ਸੀ ਪਰ ਕੁਝ ਦਿਨ ਪਹਿਲਾਂ ਉਸ ਨੂੰ ਨਿਊਜ਼ੀਲੈਂਡ ਦਾ ਵੀਜ਼ਾ ਮਿਲਿਆ ਸੀ। ਉਹ ਰੱਖਣ ਪੁੰਨਿਆ ਮੌਕੇ ਬਾਬਾ ਬਕਾਲਾ ਸਾਹਿਬ ਵਿਖੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਜਾ ਰਿਹਾ ਸੀ। ਅੰਮ੍ਰਿਤਸਰ ਦੇ ਗੋਲਡਨ ਗੇਟ ਦੇ ਨਜ਼ਦੀਕ ਉਸਦੇ ਬੁਲਟ ਮੋਟਰਸਾਈਕਲ ਦਾ ਇੱਕ ਕਾਰ ਨਾਲ ਐਕਸੀਡੈਂਟ ਹੋ ਗਿਆ।
ਨੌਜਵਾਨ ਦੇ ਸਿਰ 'ਤੇ ਗੰਭੀਰ ਸੱਟਾਂ ਲੱਗੀਆਂ ਹਨ। ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਾਣਕਾਰੀ ਮਿਲਦਿਆਂ ਹੀ ਮੌਕੇ ਉੱਤੇ ਪੁੱਜੇ ਪੁਲਿਸ ਅਧਿਕਾਰੀ ਨੇ ਕਿਹਾ ਕਿ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਅਧਿਕਾਰੀਆਂ ਵੱਲੋਂ ਸੀਸੀਟੀਵੀ ਖੰਘਾਲੇ ਜਾ ਰਹੇ ਹਨ ਤਾਂ ਜੋ ਪੂਰੇ ਹਾਦਸੇ ਬਾਰੇ ਪਤਾ ਲੱਗ ਸਕੇ।
ਇਸ ਦੌਰਾਨ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਮਨਪ੍ਰੀਤ ਸਿੰਘ ਦਾ ਨਿਊਜ਼ੀਲੈਂਡ ਦਾ ਵੀਜ਼ਾ ਲੱਗਾ ਸੀ ਤੇ ਉਹ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਰੱਖੜ ਪੁੰਨਿਆਂ ਦੇ ਮੇਲੇ ਮੌਕੇ ਬਾਬਾ ਬਕਾਲਾ ਸਾਹਿਬ ਮੱਥਾ ਟੇਕਣ ਜਾ ਰਿਹਾ ਸੀ। ਫਿਲਹਾਲ ਮ੍ਰਿਤਕ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਕਾਰ ਚਾਲਕ ਦੇ ਖਿਲਾਫ ਮਾਮਲਾ ਦਰਜ ਕੀਤਾ ਜਾ ਰਿਹਾ ਹੈ ਅਤੇ ਜਲਦ ਹੀ ਕਾਰ ਚਾਲਕ ਨੂੰ ਵੀ ਪੁਲਿਸ ਗ੍ਰਿਫਤਾਰ ਕਰ ਲਵੇਗੀ।