
ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਨੇ ਕੇਂਦਰ ਤੇ ਸੂਬਾ ਸਰਕਾਰ ਹੜ੍ਹ ਪੀੜਤਾਂ ਦੀ ਮਦਦ ਲਈ ਕੀਤੀ ਅਪੀਲ
ਡੇਰਾ ਬਾਬਾ ਨਾਨਕ : ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਅਧੀਨ ਆਉਂਦੇ ਡੇਰਾ ਬਾਬਾ ਨਾਨਕ ਦੇ ਕੰਢੀ ਖੇਤਰ ਵਿਚ ਭਾਰੀ ਬਾਰਿਸ਼ ਕਾਰਨ ਹੜ੍ਹ ਦਾ ਖਤਰਾ ਬਣਿਆ ਹੋਇਆ ਹੈ। ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਕਾਂਗਰਸੀ ਸੰਸਦ ਮੈਂਬਰ ਨੇ ਕਿਹਾ ਕਿ ਮੈਂ ਸੂਬਾ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕਰਦਾ ਹਾਂ ਕਿ ਜ਼ਿਲ੍ਹੇ ਦੀ ਸਥਿਤੀ ’ਤੇ ਲਗਾਤਾਰ ਨਿਗ੍ਹਾ ਰੱਖੀ ਜਾਵੇ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇ।
ਸੰਸਦ ਮੈਂਬਰ ਰੰਧਾਵਾ ਨੇ ਅੱਗੇ ਕਿਹਾ ਕਿ ਮੈਂ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਵਾਸੀਆਂ ਨੂੰ ਬੇਨਤੀ ਕਰਦਾ ਹਾਂ ਕਿ ਉਹ ਜਾਗਰੂਕ ਰਹਿਣ ਅਤੇ ਦਰਿਆ ਦੇ ਨੇੜੇ ਜਾਣ ਤੋਂ ਬਚਣ ਅਤੇ ਪ੍ਰਸ਼ਾਸਨ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ। ਇਸ ਦੇ ਨਾਲ ਹੀ ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਕਾਂ ਦੀ ਸੁਰੱਖਿਆ, ਬਚਾਅ ਕਾਰਜ ਅਤੇ ਰਾਹਤ ਪ੍ਰਬੰਧਾਂ ਲਈ ਲੋੜੀਂਦੇ ਕਦਮ ਚੁੱਕੇ ਜਾਣ। ਜ਼ਿਕਰਯੋਗ ਹੈ ਕਿ ਪਹਾੜਾਂ ’ਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਪੰਜਾਬ ਦੇ ਦਰਿਆਵਾਂ ਕੰਢੇ ਵਸੇ ਇਲਾਕਿਆਂ ਵਿਚ ਹੜ੍ਹ ਵਾਲੀ ਸਥਿਤੀ ਬਣੀ ਹੋਈ ਹੈ।