
ਲੰਮੀ ਚੁੱਪੀ ਤੋਂ ਬਾਅਦ ਕਿਸਾਨਾਂ ਦੇ ਸਮਰਥਨ ਵਿਚ ਉਤਰੇ ਸਿੱਧੂ
ਕਿਹਾ, ਹੋਂਦ 'ਤੇ ਹਮਲਾ ਬਰਦਾਸ਼ਤ ਨਹੀਂ
ਨਵੀਂ ਦਿੱਲੀ, 18 ਸਤੰਬਰ: ਖੇਤੀਬਾੜੀ ਬਿਲ ਖਿਲਾਫ ਪੰਜਾਬ ਅਤੇ ਹਰਿਆਣਾ ਵਿਚ ਕਿਸਾਨਾਂ ਦਾ ਵਿਰੋਧ ਦਿਨੋ ਦਿਨ ਵਧਦਾ ਜਾ ਰਿਹਾ ਹੈ। ਇਸ ਦੌਰਾਨ ਪੰਜਾਬ ਸਰਕਾਰ ਦੇ ਸਾਬਕਾ ਮੰਤਰੀ ਅਤੇ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਨੇ ਲੰਮੀ ਚੁੱਪੀ ਤੋਂ ਬਾਅਦ ਟਵਿਟਰ 'ਤੇ ਕਿਸਾਨਾਂ ਦੇ ਹੱਕ ਵਿਚ ਅਵਾਜ਼ ਚੁੱਕੀ ਹੈ। ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਦਿਆਂ ਕਿਹਾ ਕਿ ਉਹ ਅਪਣੀ ਹੋਂਦ 'ਤੇ ਹਮਲਾ ਬਰਦਾਸ਼ਤ ਨਹੀਂ ਕਰਨਗੇ। ਉਹਨਾਂ ਲਿਖਿਆ, 'ਕਿਸਾਨੀ ਪੰਜਾਬ ਦੀ ਰੂਹ, ਸਰੀਰ ਦੇ ਜ਼ਖ਼ਮ ਭਰ ਜਾਂਦੇ ਹਨ, ਪਰ ਆਤਮਾ 'ਤੇ ਵਾਰ, ਸਾਡੇ ਅਸਤਿਤਵ ਉੱਤੇ ਹਮਲਾ ਬਰਦਾਸ਼ਤ ਨਹੀਂ। ਜੰਗ ਦੀ ਤੂਤੀ ਬੋਲਦੀ ਹੈ - ਇਨਕਲਾਬ ਜ਼ਿੰਦਾਬਾਦ, ਪੰਜਾਬ, ਪੰਜਾਬੀਅਤ ਤੇ ਹਰ ਪੰਜਾਬੀ ਕਿਸਾਨਾਂ ਦੇ ਨਾਲ।' (ਏਜੰਸੀimage)