
ਧਰਨੇ 'ਚ ਵੱਖ-ਵੱਖ ਸਿੱਖ ਜਥੇਬੰਦੀਆਂ ਅਤੇ ਰਾਜਸੀ ਪਾਰਟੀਆਂ ਦੇ ਆਗੂ ਵੀ ਪਹੁੰਚ ਰਹੇ ਨੇ
ਅੰਮ੍ਰਿਤਸਰ- ਲਾਪਤਾ ਪਾਵਨ ਸਰੂਪਾਂ ਦੇ ਮਾਮਲੇ 'ਚ ਦੋਸ਼ੀ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਜ਼ਾਵਾਂ ਦਿਵਾਉਣ ਦੀ ਮੰਗ ਨੂੰ ਲੈ ਕੇ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀਆਂ ਅਤੇ ਹੋਰ ਸਿੱਖ ਜਥੇਬੰਦੀਆਂ ਵਲੋਂ ਦਿੱਤਾ ਜਾ ਰਿਹਾ ਰੋਸ ਧਰਨਾ ਅੱਜ ਛੇਵੇਂ ਦਿਨ ਵੀ ਜਾਰੀ ਹੈ। ਧਰਨਾਕਾਰੀ, ਜੋ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਸਾਹਮਣੇ ਅਜੇ ਵੀ ਡਟੇ ਹੋਏ ਹਨ, ਉਹਨਾਂ ਦੀ ਹਮਾਇਤ 'ਚ ਵੱਖ-ਵੱਖ ਸਿੱਖ ਜਥੇਬੰਦੀਆਂ ਅਤੇ ਰਾਜਸੀ ਪਾਰਟੀਆਂ ਦੇ ਆਗੂ ਪਹੁੰਚ ਰਹੇ ਹਨ।
Protest Of Sikh organizations
ਦੱਸ ਦਈਏ ਕਿ ਬੀਤੇ ਦਿਨੀਂ ਸਿੱਖ ਜਥੇਬੰਦੀਆਂ ਵਲੋਂ ਸ਼੍ਰੋਮਣੀ ਕਮੇਟੀ ਦਫ਼ਤਰ ਅੱਗੇ ਦਿੱਤੇ ਜਾ ਰਹੇ ਰੋਸ ਧਰਨੇ ਦੇ ਦੌਰਾਨ ਜਿੱਥੇ ਸ਼੍ਰੋਮਣੀ ਕਮੇਟੀ ਵਲੋਂ ਸਰਾਂ ਵਾਲੇ ਰਸਤਿਆਂ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਨੇੜੇ ਟੀਨਾਂ ਦੀਆਂ ਦੀਵਾਰਾਂ ਖੜ੍ਹੀਆਂ ਕਰਕੇ ਸੰਗਤਾਂ ਨੂੰ ਧਰਨਾਕਾਰੀਆਂ ਤੱਕ ਜਾਣ ਤੋਂ ਰੋਕਿਆ ਗਿਆ। ਉੱਥੇ ਸ਼੍ਰੋਮਣੀ ਕਮੇਟੀ ਦੇ ਕੁੱਝ ਮੁਲਾਜ਼ਮਾਂ ਤੇ ਟਾਸਕ ਫੋਰਸ ਕਰਮਚਾਰੀਆਂ ਵਲੋਂ ਦਿਨ ਦਿਹਾੜੇ ਗੁੰਡਾਗਰਦੀ ਕਰਦਿਆਂ ਗੁਰੂ ਰਾਮਦਾਸ ਸਰਾਂ ਸਾਹਮਣੇ ਰੋਸ ਧਰਨਾ ਦੇ ਰਹੇ ਧਰਨਾਕਾਰੀਆਂ ਦੇ ਕੁਝ ਹਮਾਇਤੀ ਨਿਹੰਗ ਸਿੰਘਾਂ ਸਮੇਤ ਮੀਡੀਆ ਕਰਮੀਆਂ 'ਤੇ ਡਾਂਗਾਂ ਤੇ ਤਲਵਾਰਾਂ ਨਾਲ ਹਮਲਾ ਕਰਕੇ ਉਨ੍ਹਾਂ ਦੀ ਕੁੱਟਮਾਰ ਕੀਤੀ ਗਈ।
File Photo
ਮੀਡੀਆ ਦੇ ਕੈਮਰੇ ਖੋਹਣ ਦੀ ਕੋਸ਼ਿਸ਼ ਵੀ ਕੀਤੀ ਗਈ। ਇਸ ਦੌਰਾਨ ਕੁਝ ਸ਼੍ਰੋਮਣੀ ਕਮੇਟੀ ਦੇ ਕਰਮਚਾਰੀਆਂ ਵਲੋਂ ਇੱਕ ਨਿਹੰਗ ਸਿੰਘ ਦੀ ਪੱਗ ਤੱਕ ਉਤਾਰ ਦਿੱਤੀ ਗਈ ਸੀ। ਇਸ ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸੰਬੰਧਿਤ ਕਰਮਚਾਰੀਆਂ ਨੂੰ ਪੰਜ ਪਿਆਰਿਆਂ ਅੱਗੇ ਪੇਸ਼ ਹੋਣ ਦਾ ਹੁਕਮ ਸੁਣਾਇਆ ਸੀ। ਜ਼ਿਕਰਯੋਗ ਹੈ ਕਿ ਸਾਲ 2016 'ਚ ਅੱਗ ਲੱਗਣ ਦੀ ਘਟਨਾ ਤੋਂ ਬਾਅਦ ਨੁਕਸਾਨੇ ਗਏ ਪਾਵਨ ਸਰੂਪਾਂ ਦੇ ਮਾਮਲੇ 'ਚ ਪਸ਼ਚਾਤਾਪ ਨਾ ਕਰਨ ਕਰਕੇ ਅਕਾਲ ਤਖ਼ਤ ਸਾਹਿਬ ਤੋਂ ਸਿੰਘ ਸਾਹਿਬਾਨ ਵਲੋਂ 2016 ਵਾਲੀ ਅੰਤਰਿੰਗ ਕਮੇਟੀ ਦੇ ਮੈਂਬਰਾਂ ਨੂੰ ਬੀਤੇ ਦਿਨੀਂ ਧਾਰਮਿਕ ਸਜ਼ਾ ਸੁਣਾਈ ਗਈ ਹੈ।
Gobind Singh Longowal
ਇਸੇ ਦੌਰਾਨ ਅਕਾਲ ਤਖਤ ਸਾਹਿਬ ਤੋਂ ਧਾਰਮਿਕ ਸਜ਼ਾ ਲਗਵਾ ਕੇ ਬਾਹਰ ਆਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮੀਡੀਆ ਨਾਲ ਗੱਲਬਾਤ ਕਰਨ ਤੋਂ ਨਾਂਹ ਕਰ ਦਿੱਤੀ ਸੀ। ਲੌਗੋਂਵਾਲ ਵੱਲੋਂ ਮੀਡੀਆ ਤੋਂ ਦੂਰੀ ਬਣਾਉਣ 'ਤੇ ਸਿੱਖ ਜੱਥੇਬੰਦੀਆਂ ਦਾ ਕਹਿਣਾ ਸੀ ਕਿ ਲੌਗੋਂਵਾਲ ਆਪਣੇ ਖ਼ਾਸ ਬੰਦਿਆਂ ਨੂੰ ਬਚਾ ਰਹੇ ਹਨ ਅਤੇ ਇਸ ਕਰ ਕੇ ਹੀ ਮੀਡੀਆ ਤੋਂ ਦੂਰੀ ਬਣਾ ਰਹੇ ਹਨ।
SGPC
ਸਿੱਖ ਜੱਥੇਬੰਦੀਆਂ ਨੇ ਕਿਹਾ ਕਿ ਸ਼੍ਰੋਣੀ ਕਮੇਟੀ ਅਕਾਲੀ ਦਲ ਦੀ ਹਮੈਤ ਕਰ ਰਹੀ ਹੈ ਅਤੇ ਅਕਾਲੀ ਦਲ ਦੀ ਇਜ਼ਾਜਤ ਤੋਂ ਬਗੈਰ ਸ਼੍ਰੋਮਣੀ ਕਮੇਟੀ ਵਿਚ ਇਕ ਪੱਤਾ ਵੀ ਨਹੀਂ ਹਿਲਦਾ। ਜਥੇਬੰਦੀਆਂ ਨੇ ਮੰਗ ਕੀਤੀ ਸੀ ਕਿ ਸ਼੍ਰੋਮਣੀ ਕਮੇਟੀ ਗਾਇਬ ਹੋਏ ਸਰੂਪਾਂ ਦਾ ਮਾਮਲਾ ਕਿਸੇ ਬਾਹਰੀ ਏਜੰਸੀ ਨੂੰ ਸੌਂਪੇ। ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇ ਅਤੇ ਦੋਸ਼ੀਆਂ ਨੂੰ ਪੰਥ ਵਿਚੋਂ ਛੇਕਿਆ ਜਾਵੇ ਤਾਂ ਜਾ ਕੇ ਸਿੱਖਾਂ ਦੇ ਕਾਲਜੇ ਨੂੰ ਠੰਢ ਪਵੇਗੀ।