
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ 'ਤੇ ਭਾਜਪਾ ਵਰਕਰਾਂ ਨੇ ਲਾਇਆ ਖ਼ੂਨਦਾਨ ਕੈਂਪ
ਲੁਧਿਆਣਾ, 18 ਸਤੰਬਰ (ਸਹਿਗਲ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਨੂੰ ਖਾਸ ਬਣਾਉਣ ਲਈ ਪਾਰਟੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੇਵਾ ਪਖਵਾੜਾ ਦੇ ਤਹਿਤ ਲੁਧਿਆਣਾ ਉੱਤਰੀ ਵਿਧਾਨ ਸਭਾ ਹਲਕੇ 'ਚ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ | ਪਿੰਡੀ ਧਰਮਸ਼ਾਲਾ, ਸਿਵਲ ਲਾਈਨ ਵਿਖੇ ਲਗਾਏ ਗਏ ਖੂਨਦਾਨ ਕੈਪ ਵਿਚ ਸੈਂਕੜੇ ਜ਼ਿਲਾ ਭਾਜਪਾ ਵਰਕਰਾਂ ਅਤੇ ਇਲਾਕੇ ਦੇ ਲੋਕਾਂ ਨੇ ਖੂਨਦਾਨ ਕੀਤਾ | ਖੂਨਦਾਨ ਕੈਂਪ ਵਿੱਚ 200 ਯੂਨਿਟ ਖੂਨ ਇਕੱਤਰ ਕੀਤਾ ਗਿਆ | ਇਸ ਦੌਰਾਨ ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ, ਜ਼ਿਲ੍ਹਾ ਭਾਜਪਾ ਪ੍ਰਧਾਨ ਪੁਸ਼ਪਿੰਦਰ ਸਿੰਘਲ, ਸੂਬਾ ਮੀਤ ਪ੍ਰਧਾਨ ਪ੍ਰਵੀਨ ਬਾਂਸਲ, ਜ਼ਿਲ੍ਹਾ ਜਨਰਲ ਸਕੱਤਰ ਕਾਂਤੇਂਦੂ ਸ਼ਰਮਾ, ਵਿਧਾਨ ਸਭਾ ਹਲਕਾ ਇੰਚਾਰਜ ਯੋਗਿੰਦਰ ਮਕੋਲ, ਜ਼ਿਲ੍ਹਾ ਭਾਜਪਾ ਬੁਲਾਰੇ ਪਿ੍ੰਸ ਬੱਬਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਜੀਵਨ ਗੁਪਤਾ ਨੇ ਦੱਸਿਆ ਕਿ 17 ਸਤੰਬਰ ਤੋਂ 2 ਅਕਤੂਬਰ ਤੱਕ ਜ਼ਿਲ੍ਹਾ ਭਾਜਪਾ ਵੱਲੋਂ 15 ਦਿਨ ਵੱਖ-ਵੱਖ ਭਲਾਈ ਸੇਵਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ | ਹਰੇਕ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ 15 ਮੈਂਬਰੀ ਟੀਮ ਦਾ ਗਠਨ ਕੀਤਾ ਗਿਆ ਹੈ |