
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਇਸ ਕਾਰਨ ਦੁਨੀਆ ਭਰ ਦੇ ਪੰਜਾਬੀਆਂ ਨੂੰ ਸ਼ਰਮਿੰਦਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਚੰਡੀਗੜ੍ਹ: ਪੰਜਾਬ ਦੀਆਂ ਵਿਰੋਧੀ ਧਿਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਗੰਭੀਰ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਨਸ਼ੇ ਹੀ ਹਾਲਤ ਵਿਚ ਹੋਣ ਕਾਰਨ ਉਹਨਾਂ ਨੂੰ ਜਰਮਨੀ ਵਿਚ ਲੁਫਥਾਂਸਾ ਦੀ ਫਲਾਈਟ ’ਚੋਂ ਉਤਾਰ ਦਿੱਤਾ ਗਿਆ। ਇਸ ਕਾਰਨ ਫਲਾਈਟ ਨੇ 4 ਘੰਟੇ ਦੀ ਦੇਰੀ ਉਡਾਣ ਭਰੀ। ਦਰਅਸਲ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਦਿਨੀਂ ਜਰਮਨੀ ਫੇਰੀ ’ਤੇ ਸਨ। ਇਸ ਦੌਰਾਨ ਸੋਸ਼ਲ ਮੀਡੀਆ ’ਤੇ ਕਈ ਯਾਤਰੀਆਂ ਦੇ ਮੈਸੇਜ ਵੀ ਵਾਇਰਲ ਹੋ ਰਹੇ ਹਨ, ਜਿਨ੍ਹਾਂ ਵਿਚ ਕਈ ਲੋਕ ਦਾਅਵਾ ਕਰ ਰਹੇ ਹਨ ਕਿ ਉਹ ਵੀ ਉਸ ਸਮੇਂ ਫਲਾਈਟ ਵਿਚ ਮੌਜੂਦ ਸਨ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਇਸ ਕਾਰਨ ਦੁਨੀਆ ਭਰ ਦੇ ਪੰਜਾਬੀਆਂ ਨੂੰ ਸ਼ਰਮਿੰਦਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੁਖਬੀਰ ਬਾਦਲ ਨੇ ਟਵੀਟ ਵਿਚ ਲਿਖਿਆ ਕਿ ਆਮ ਆਦਮੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਇਸ ਮੁੱਦੇ 'ਤੇ ਸਫਾਈ ਦੇਣੀ ਚਾਹੀਦੀ ਹੈ।
ਉਧਰ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀ ਸੀਐਮ ਮਾਨ ’ਤੇ ਇਲਜ਼ਾਮ ਲਗਾਏ ਹਨ। ਇਕ ਪ੍ਰੈੱਸ ਕਾਨਫਰੰਸ ਦੌਰਾਨ ਬਾਜਵਾ ਨੇ ਸਵਾਲ ਕੀਤਾ ਕਿ ਕੀ ਅਰਵਿੰਦ ਕੇਜਰੀਵਾਲ, ਭਗਵੰਤ ਮਾਨ ਖ਼ਿਲਾਫ਼ ਕਾਰਵਾਈ ਕਰਨਗੇ? ਉਹਨਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿਚ ਅਜਿਹਾ ਪਹਿਲੀ ਵਾਰ ਹੋ ਰਿਹਾ ਹੈ ਕਿ ਕਿਸੇ ਮੌਜੂਦਾ ਮੁੱਖ ਮੰਤਰੀ ਨੂੰ ਜਹਾਜ਼ ਵਿਚੋਂ ਉਤਾਰ ਦਿੱਤਾ ਗਿਆ ਹੋਵੇ। ਇਹ ਪੂਰੇ ਪੰਜਾਬ ਅਤੇ ਦੇਸ਼ ਨੂੰ ਸ਼ਰਮਸਾਰ ਕਰਨ ਵਾਲੀ ਗੱਲ ਹੈ।
ਮੀਡੀਆ ਦੇ ਸਵਾਲਾਂ ਦੇ ਜਵਾਬ ਵਿਚ ਲੁਫਥਾਂਸਾ ਨੇ ਬਿਆਨ ਜਾਰੀ ਕਰਦਿਆਂ ਕਿਹਾ, “ਏਅਰਕ੍ਰਾਫਟ ਬਦਲਣ ਕਰਕੇ ਫਰੈਂਕਫਰਟ ਤੋਂ ਦਿੱਲੀ ਆਉਣ ਵਾਲੀ ਉਡਾਣ ਦੇਰੀ ਨਾਲ ਰਵਾਨਾ ਹੋਈ। ਡੇਟਾ ਸੁਰੱਖਿਆ ਕਾਰਨਾਂ ਕਰਕੇ ਅਸੀਂ ਵਿਅਕਤੀਗਤ ਯਾਤਰੀਆਂ ਬਾਰੇ ਕੋਈ ਜਾਣਕਾਰੀ ਨਹੀਂ ਦਿੰਦੇ।"