
ਪੰਜਾਬ ਭਵਨ ਦੇ ਬਾਹਰ ਪੰਜਾਬ ਸਰਕਾਰ 'ਤੇ ਬਰਸੇ ਮਨਪ੍ਰੀਤ ਇਯਾਲੀ
ਚੰਡੀਗੜ੍ਹ: ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਵਿਰੋਧੀ ਧਿਰਾਂ ਵੱਲੋਂ ਸਦਨ ਦੇ ਬਾਹਰ ਭਾਰੀ ਹੰਗਾਮਾ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ ਵੱਲੋਂ ਇਜਲਾਸ ਦੀ ਕਾਰਵਾਈ ਤੋਂ ਪਹਿਲਾਂ ਟਰੈਕਟਰ ਮਾਰਚ ਕੱਢਿਆ ਗਿਆ, ਜਿਸ ਦੀ ਅਗਵਾਈ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕੀਤੀ।
Punjab Vidhan Sabha Session
ਇਜਲਾਸ ਦੀ ਕਾਰਵਾਈ ਮੁਲਤਵੀ ਹੋਣ ਤੋਂ ਬਾਅਦ ਅਕਾਲੀ ਦਲ ਨੇ ਪੰਜਾਬ ਭਵਨ ਦੇ ਬਾਹਰ ਡੇਰੇ ਲਾਏ। ਇਸ ਦੌਰਾਨ ਹਲਕਾ ਦਾਖਾ ਤੋਂ ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਸਪੋਕਸਮੈਨ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪਿਛਲੇ ਦੋ ਢਾਈ ਮਹੀਨਿਆਂ ਤੋਂ ਪੰਜਾਬ ਦੀਆਂ ਸੜਕਾਂ 'ਤੇ ਕਿਸਾਨ ਮੋਦੀ ਸਰਕਾਰ ਵੱਲੋਂ ਜਾਰੀ ਕੀਤੇ ਗਏ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ।
Akali Dal tractor march
ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀ ਪਾਰਟੀ ਹੈ ਅਤੇ ਪਾਰਟੀ ਨੇ ਕਿਸਾਨਾਂ ਦੇ ਹਿੱਤਾਂ ਲਈ ਦੋ ਫੈਸਲੇ ਲਏ, ਇਕ ਬੀਬੀ ਹਰਸਿਮਰਤ ਕੌਰ ਬਾਦਲ ਨੇ ਕੇਂਦਰ ਦੀ ਵਜ਼ਾਰਤ ਤੋਂ ਅਸਤੀਫ਼ਾ ਦਿੱਤਾ ਅਤੇ ਦੂਜਾ ਭਾਜਪਾ ਨਾਲੋਂ ਗਠਜੋੜ ਤੋੜਿਆ ਗਿਆ। ਉਹਨਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਅਤੇ ਅਕਾਲੀ ਦਲ ਵੱਲੋਂ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਲਈ ਲਗਾਤਾਰ ਪੰਜਾਬ ਸਰਕਾਰ 'ਤੇ ਦਬਾਅ ਪਾਇਆ ਜਾ ਰਿਹਾ ਸੀ।
Manpreet Ayali
ਉਹਨਾਂ ਵੱਲੋਂ ਮੰਗ ਕੀਤੀ ਜਾ ਰਹੀ ਸੀ ਕਿ ਪੰਜਾਬ ਸਰਕਾਰ ਖੇਤੀ ਕਾਨੂੰਨ ਵਿਰੁੱਧ ਮਤਾ ਪਾਸ ਕਰੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਵਿਸ਼ੇਸ਼ ਇਜਲਾਸ ਸੱਦਿਆ, ਇਸ ਦੌਰਾਨ ਸਾਰੇ ਪੰਜਾਬ ਦੀਆਂ ਨਜ਼ਰਾਂ ਵਿਧਾਨ ਸਭਾ 'ਤੇ ਸੀ ਕਿ ਉਹ ਕੀ ਮਤਾ ਲੈ ਕੇ ਆਵੇਗੀ ਪਰ ਸਰਕਾਰ ਕੋਈ ਮਤਾ ਲੈ ਕੇ ਹੀ ਨਹੀਂ ਆਈ। ਉਹਨਾਂ ਕਿਹਾ ਕਿ ਸਰਕਾਰ ਨੇ ਕਿਸਾਨਾਂ ਦੀ ਕੋਈ ਗੱਲ ਨਹੀਂ ਕੀਤੀ, 10 ਕੁ ਮਿੰਟ ਬਾਅਦ ਸੈਸ਼ਨ ਨੂੰ ਮੁਲਤਵੀ ਕਰ ਦਿੱਤਾ ਗਿਆ ਤੇ ਮੀਡੀਆ ਨੂੰ ਵੀ ਅੰਦਰ ਜਾਣ ਦੀ ਮਨਜ਼ੂਰੀ ਨਹੀਂ ਦਿੱਤੀ ਗਈ। ਉਹਨਾਂ ਕਿਹਾ ਕਿ ਸਰਕਾਰ ਸ਼ਰੇਆਮ ਧੱਕੇਸ਼ਾਹੀ ਕਰ ਰਹੀ ਹੈ।
Bikram Majithia
ਟਰੈਕਟਰ 'ਤੇ ਰੈਲੀ ਕੱਢਣ ਸਬੰਧੀ ਵਿਰੋਧੀਆਂ ਦੇ ਦੋਸ਼ਾਂ ਦਾ ਜਵਾਬ ਦਿੰਦਿਆਂ ਇਯਾਲੀ ਨੇ ਕਿਹਾ ਕਿ ਉਹ ਕਿਸਾਨਾਂ ਦੀ ਅਵਾਜ਼ ਕੇਂਦਰ ਸਰਕਾਰ ਤੱਕ ਪਹੁੰਚਾਉਣਾ ਚਾਹੁੰਦੇ ਹਨ ਤੇ ਉਹ ਰੋਸ ਵਜੋਂ ਟਰੈਕਟਰ ਰੈਲੀ ਕੱਢ ਰਹੇ ਹਨ। ਮਨਪ੍ਰੀਤ ਇਯਾਲੀ ਨੇ ਕਿਹਾ ਕਿ ਕੈਪਟਨ ਸਰਕਾਰ ਕੇਂਦਰ ਸਰਕਾਰ ਦੇ ਦਬਾਅ ਹੇਠ ਹੈ, ਇਸ ਲਈ ਇਹ ਕੋਈ ਮਤਾ ਨਹੀਂ ਲੈ ਕੇ ਆਏ।
Captain Amarinder Singh
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਉਪਰੋਂ ਹਾਲੇ ਕੋਈ ਇਸ਼ਾਰਾ ਨਹੀਂ ਆਇਆ। ਪੰਜਾਬ ਅਤੇ ਕੇਂਦਰ ਸਰਕਾਰ ਇਸ ਮੁੱਦੇ 'ਤੇ ਰਲ਼ੀਆਂ ਹੋਈਆਂ ਹਨ। ਉਹਨਾਂ ਕਿਹਾ ਕਿ ਕਾਂਗਰਸ ਨੇ ਹਮੇਸ਼ਾਂ ਹੀ ਲੋਕਾਂ ਨੂੰ ਗੁੰਮਰਾਹ ਕੀਤਾ ਹੈ। ਅੱਜ ਵੀ ਉਹਨਾਂ ਨੇ ਕਿਸਾਨੀ ਮਸਲਿਆਂ ਦੀ ਗੱਲ਼ ਨਾ ਕਰਕੇ ਕਿਸਾਨਾਂ ਨੂੰ ਗੁੰਮਰਾਹ ਕੀਤਾ।